ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ: 210 ਤੋਂ ਵੱਧ ਸਰਕਾਰੀ ਅਫਸਰ ਫੜਨ ਦਾ ਦਾਅਵਾ

ਚੰਡੀਗੜ੍ਹ: ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੇ ਸੱਤਾ ਵਿਚ ਆਉਣ ਦੇ ਪੰਜ ਮਹੀਨਿਆਂ ਵਿਚ ਵਿਜੀਲੈਂਸ ਬਿਊਰੋ ਨੇ 25 ਗਜਟਿਡ ਅਫਸਰਾਂ ਸਮੇਤ 135 ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਲੈਣ ਦੇ ਦੋਸ਼ਾਂ ਵਿਚ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚ ‘ਆਪ’ ਸਰਕਾਰ ਦੇ ਮੰਤਰੀ ਅਤੇ ਪਿਛਲੀ ਸਰਕਾਰ ਦੇ ਮੰਤਰੀ ਸਮੇਤ ਅਧਿਕਾਰੀ ਅਤੇ 50 ਤੋਂ ਵੱਧ ਪੁਲਿਸ ਕਰਮੀ ਸ਼ਾਮਲ ਹਨ।

ਮਾਨ ਸਰਕਾਰ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਬਰਖ਼ਾਸਤ ਕਰਨ ਅਤੇ ਗ੍ਰਿਫਤਾਰ ਕਰਨ ਤੋਂ ਲੈ ਕੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ, ਡਾਇਰੈਕਟਰ ਪੈਨਸ਼ਨ ਅਤੇ ਭਾਰਤੀ ਜੰਗਲਾਤ ਅਧਿਕਾਰੀ ਵਿਸ਼ਾਲ ਚੌਹਾਨ ਸਮੇਤ ਕਈ ਹੋਰ ਵੱਡੇ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ, ਦੋ ਸਰਕਾਰੀ ਅਧਿਕਾਰੀਆਂ ਦੀਆਂ ਸੇਵਾਵਾਂ ਉਨ੍ਹਾਂ ਦੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੇ ਤੁਰਤ ਸਮਾਪਤ ਕਰ ਦਿੱਤੀਆਂ ਹਨ। ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਤੇਜੀ ਨਾਲ ਕੰਮ ਕਰਦਿਆਂ ਸਿਰਫ ਜੁਲਾਈ ਮਹੀਨੇ ਵਿਚ 8 ਸਰਕਾਰੀ ਮੁਲਾਜ਼ਮਾਂ ਨੂੰ ਪੰਜ ਵੱਖ-ਵੱਖ ਮਾਮਲਿਆਂ ਵਿਚ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ ਦੋ ਮੁਲਾਜ਼ਮ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਤਿੰਨ ਮੁਲਾਜ਼ਮ ਸ਼ਾਮਲ ਹਨ। ਵਿਜੀਲੈਂਸ ਬਿਊਰੋ ਨੇ 14 ਅਪਰਾਧਿਕ ਮਾਮਲੇ ਦਰਜ ਕੀਤੇ, ਜਿਨ੍ਹਾਂ ਵਿਚ 20 ਦੋਸ਼ੀਆਂ ਨੂੰ ਨਾਮਜ਼ਦ ਕੀਤਾ ਗਿਆ। ਇਨ੍ਹਾਂ ਅਪਰਾਧਿਕ ਮਾਮਲਿਆਂ ਵਿਚ, ਚਾਰ ਪੁਲਿਸ ਮੁਲਾਜ਼ਮਾਂ, ਦੋ ਮਾਲ (ਰੈਵਨਿਊ) ਅਧਿਕਾਰੀਆਂ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਲੁਧਿਆਣਾ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਸਮੇਤ ਛੇ ਕਰਮਚਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਨੇ ਅਗਲੇਰੀ ਜਾਂਚ ਲਈ ਕੇਸ ਦਰਜ ਕੀਤਾ ਹੈ। ਇਸ ਸਾਲ 23 ਮਾਰਚ ਨੂੰ ਜਾਰੀ ਕੀਤੀ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਆਈਆਂ ਸ਼ਿਕਾਇਤਾਂ ਦੀ ਪੜਤਾਲ ਅਤੇ ਪੁਸ਼ਟੀ ਕਰਨ ਉਤੇ 61 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 40 ਐਫ.ਆਈ.ਆਰ. ਦਰਜ ਕੀਤੀਆਂ ਗਈਆਂ।