ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝੇ ਸੰਘਰਸ਼ ਦਾ ਐਲਾਨ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ਅਤੇ ਪੰਥ ਦਰਦੀਆਂ ਦੇ ਸਹਿਯੋਗ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਜਨਤਕ ਲਹਿਰ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਤਹਿਤ 12 ਸਤੰਬਰ ਤੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਡਿਪਟੀ ਕਮਿਸ਼ਨਰਾਂ ਤੇ ਯੂ.ਟੀ. ਪ੍ਰਕਾਸ਼ਕ ਦੇ ਦਫਤਰਾਂ ਅੱਗੇ ਸ਼੍ਰੋਮਣੀ ਕਮੇਟੀ ਵੱਲੋਂ ਧਰਨੇ ਦਿੱਤੇ ਜਾਣਗੇ।

ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਿੱਖ ਸੰਸਥਾ ਦੇ ਸਮੂਹ ਮੈਂਬਰਾਂ ਵੱਲੋਂ ਕੀਤੀ ਗਈ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਗਏ। ਇਸ ਸੰਘਰਸ਼ ਤਹਿਤ ਪੰਜਾਬ ਵਿਚ ਦਸਤਖਤੀ ਮੁਹਿੰਮ ਵੀ ਆਰੰਭੀ ਜਾਵੇਗੀ ਤੇ ਇਹ ਫਾਰਮ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ। ਬੰਦੀ ਸਿੰਘਾਂ ਦੀ ਰਿਹਾਈ ਲਈ ਕਾਨੂੰਨੀ ਚਾਰਾਜੋਈ ਵਾਸਤੇ ਸੇਵਾਮੁਕਤ ਸਿੱਖ ਜੱਜਾਂ, ਸੀਨੀਅਰ ਸਿੱਖ ਵਕੀਲਾਂ ਤੇ ਸਿੱਖ ਪੰਥ ਦੇ ਵਿਦਵਾਨਾਂ ਦੀ ਰਾਏ ਨਾਲ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਏ ਇਸ ਪੰਥਕ ਇਕੱਠ ਵਿਚ ਵੱਖ-ਵੱਖ ਬੁਲਾਰਿਆਂ ਨੇ ਬੰਦੀ ਸਿੰਘਾਂ ਦੇ ਮੁੱਦੇ ਸਬੰਧੀ ਸਰਕਾਰਾਂ ਦੀ ਉਦਾਸੀਨਤਾ ‘ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਤੇ ਭਵਿੱਖ ਵਿਚ ਲੋਕ ਲਹਿਰ ਸਿਰਜਣ ਦਾ ਸੁਝਾਅ ਦਿੱਤਾ। ਸ੍ਰੀ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਕਾਰਜਾਂ ਦਾ ਵਿਸਥਾਰ ਦਿੰਦਿਆਂ ਸਰਕਾਰਾਂ ਦੇ ਅੜੀਅਲ ਰਵੱਈਏ ਦੀ ਕਰੜੀ ਨਿੰਦਾ ਕੀਤੀ। ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਹਿਰਾਂ ਦੇ ਅਹਿਮ ਚੌਕਾਂ ਵਿਚ ਫਲੈਕਸ ਬੋਰਡ ਲਾ ਕੇ ਕਾਊਂਟਰ ਸਥਾਪਤ ਕੀਤੇ ਜਾਣਗੇ ਤੇ ਲੋਕਾਂ ਤੋਂ ਦਸਤਖ਼ਤ ਲਏ ਜਾਣਗੇ। ਇਸ ਤੋਂ ਇਲਾਵਾ ਘੱਟ ਗਿਣਤੀ ਦਰਜੇ ਨੂੰ ਸੂਬਿਆਂ ਦੇ ਆਧਾਰ ‘ਤੇ ਨਿਰਧਾਰਤ ਕਰਨ ਲਈ ਸੁਪਰੀਮ ਕੋਰਟ ਅੰਦਰ ਇਕ ਵਿਅਕਤੀ ਵੱਲੋਂ ਪਾਈ ਗਈ ਪਟੀਸ਼ਨ ਖਿਲਾਫ ਪੂਰੀ ਨਜਿੱਠਣ ਦਾ ਵੀ ਐਲਾਨ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਨੇ ਮੋਦੀ ਕੋਲੋਂ ਮੁੜ ਸਮਾਂ ਮੰਗਿਆ
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁੜ ਪੱਤਰ ਭੇਜ ਕੇ ਗੱਲਬਾਤ ਕਰਨ ਲਈ ਸਮਾਂ ਦੇਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਕੈਦ ਤੋਂ ਵੱਧ ਸਜ਼ਾਵਾਂ ਭੁਗਤਣ ਦੇ ਬਾਵਜੂਦ ਕਈ ਸਿੱਖ ਕੈਦੀ ਅਜੇ ਤੱਕ ਦੇਸ਼ ਦੀਆਂ ਜੇਲ੍ਹਾਂ ਅੰਦਰ ਬੰਦ ਹਨ। ਸਿੱਖ ਭਾਈਚਾਰਾ ਉਨ੍ਹਾਂ ਦੀ ਰਿਹਾਈ ਚਾਹੁੰਦਾ ਹੈ, ਇਸ ਲਈ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਮੁਲਾਕਾਤ ਲਈ ਸਮਾਂ ਦਿੱਤਾ ਜਾਵੇ। ਉਨ੍ਹਾਂ ਪੱਤਰ ਵਿਚ ਉਨ੍ਹਾਂ ਨੌਂ ਸਿੱਖ ਕੈਦੀਆਂ ਦਾ ਜ਼ਿਕਰ ਵੀ ਕੀਤਾ ਗਿਆ ਹੈ, ਜੋ ਲੰਮੀਆਂ ਸਜ਼ਾਵਾਂ ਭੁਗਤਣ ਮਗਰੋਂ ਵੀ ਰਿਹਾਅ ਨਹੀਂ ਕੀਤੇ ਗਏ।