ਅਦਾਕਾਰ ਸਲਮਾਨ ਖਾਨ ਵੀ ਸੀ ਲਾਰੈਂਸ ਬਿਸ਼ਨੋਈ ਗਰੋਹ ਦੇ ਨਿਸ਼ਾਨੇ `ਤੇ

ਮੂਸੇਵਾਲਾ ਕਤਲ ਨਾਲ ਜੁੜੇ ਸ਼ੂਟਰ ਦੀਪਕ ਮੁੰਡੀ ਦੀ ਗ੍ਰਿਫਤਾਰੀ ਪਿੱਛੋਂ ਵੱਡੇ ਖੁਲਾਸੇ
ਚੰਡੀਗੜ੍ਹ: ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੇ ਆਖਰੀ ਤੇ ਛੇਵੇਂ ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ ਦੋ ਸਾਥੀਆਂ ਦੀ ਨੇਪਾਲ ਵਿਚੋਂ ਗ੍ਰਿਫਤਾਰੀ ਸਬੰਧੀ ਅਹਿਮ ਖੁਲਾਸੇ ਕੀਤੇ ਹਨ। ਡੀ.ਜੀ.ਪੀ. ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਗਰੋਹ ਦੇ ਨਿਸ਼ਾਨੇ ‘ਤੇ ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਵੀ ਸੀ ਅਤੇ ਇਸ ਗਰੋਹ ਨੇ ਸੰਪਤ ਨਹਿਰਾ ਅਤੇ ਗੋਲਡੀ ਬਰਾੜ ਰਾਹੀਂ ਅਦਾਕਾਰ ਸਲਮਾਨ ਖ਼ਾਨ ਦੀ ਹੱਤਿਆ ਨੂੰ ਅੰਜਾਮ ਦੇਣ ਲਈ ਸੰਪਰਕ ਕੀਤਾ ਸੀ।
ਡੀ.ਜੀ.ਪੀ. ਨੇ ਦੱਸਿਆ ਕਿ ਸਲਮਾਨ ਖ਼ਾਨ ਨੂੰ ਮਾਰਨ ਦੀ ਰਣਨੀਤੀ ਘੜਨ ਲਈ ਕਪਿਲ ਪੰਡਿਤ ਨੂੰ ਸਚਿਨ ਬਿਸ਼ਨੋਈ ਅਤੇ ਸੰਤੋਸ਼ ਯਾਦਵ ਨਾਲ ਮਿਲ ਕੇ ਰੇਕੀ ਕਰਨ ਲਈ ਕਿਹਾ ਗਿਆ ਸੀ। ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਲਾਰੈਂਸ ਬਿਸ਼ਨੋਈ ਗਰੋਹ ਦੇ ਇਸ਼ਾਰੇ ‘ਤੇ ਪਹਿਲਾਂ ਵੀ ਉਸ ਨੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੇ ਇਰਾਦੇ ਨਾਲ ਕਈ ਵਾਰ ਰੇਕੀ ਕੀਤੀ ਸੀ। ਪੁਲਿਸ ਮੁਖੀ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਸਾਂਝੇ ਅਪਰੇਸ਼ਨ ਤਹਿਤ ਦੀਪਕ ਮੁੰਡੀ ਤੇ ਸਾਥੀਆਂ ਨੂੰ ਭਾਰਤ-ਨੇਪਾਲ ਸਰਹੱਦ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇਵਾਲਾ ਦਾ ਮੁੱਖ ਕਾਤਲ ਦੀਪਕ ਮੁੰਡੀ ਹੀ ਸੀ। ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲ੍ਹੇ ਦੇ ਖਰੀਬਾੜੀ ਪੁਲਿਸ ਸਟੇਸ਼ਨ ਦੇ ਖੇਤਰ ਵਿਚੋਂ ਦੀਪਕ ਮੁੰਡੀ ਤੋਂ ਇਲਾਵਾ ਕਪਿਲ ਪੰਡਿਤ ਅਤੇ ਰਾਜਿੰਦਰ ਉਰਫ ਜੋਕਰ ਵੀ ਗ੍ਰਿਫਤਾਰ ਕੀਤੇ ਗਏ ਹਨ। ਏ.ਆਈ.ਜੀ. ਗੁਰਮੀਤ ਚੌਹਾਨ ਤੇ ਡੀ.ਐਸ.ਪੀ. ਬਿਕਰਮ ਬਰਾੜ ਦੀ ਅਗਵਾਈ ਵਿਚ ਏ.ਜੀ.ਟੀ.ਐਫ. ਦੀ ਟੀਮ ਮੁੰਡੀ ਅਤੇ ਉਸ ਦੇ ਦੋ ਸਾਥੀਆਂ ਨੂੰ ਹਵਾਈ ਰਸਤੇ ਪੰਜਾਬ ਲੈ ਕੇ ਆਈ ਸੀ।
ਡੀ.ਜੀ.ਪੀ. ਨੇ ਦੱਸਿਆ ਕਿ ਮੂਸੇਵਾਲਾ ਕਤਲ ਕੇਸ ਵਿਚ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 23 ਹੋ ਗਈ ਹੈ, ਜਦਕਿ ਪਿੰਡ ਭਕਨਾ ਵਿਚ ਹੋਏ ਮੁਕਾਬਲੇ ਦੌਰਾਨ ਮਨਪ੍ਰੀਤ ਸਿੰਘ ਉਰਫ਼ ਮਨੂ ਕੁੱਸਾ ਅਤੇ ਜਗਰੂਪ ਸਿੰਘ ਉਰਫ਼ ਰੂਪਾ ਮਾਰੇ ਗਏ ਸਨ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੁੰਡੀ ਅਤੇ ਕਪਿਲ ਦੋਵੇਂ ਇਕੱਠੇ ਰਹਿ ਰਹੇ ਸਨ ਅਤੇ ਕੈਨੇਡਾ ਆਧਾਰਿਤ ਗੈਂਗਸਟਰ ਗੋਲਡੀ ਬਰਾੜ (ਮੁੱਖ ਸਾਜ਼ਿਸ਼ਘਾੜਾ) ਦੇ ਨਿਰਦੇਸ਼ਾਂ ‘ਤੇ ਆਪਣੇ ਟਿਕਾਣੇ ਬਦਲ ਰਹੇ ਸਨ। ਇਸ ਸਮੇਂ ਦੌਰਾਨ ਮੁੰਡੀ ਤੇ ਕਪਿਲ ਹਰਿਆਣਾ, ਰਾਜਸਥਾਨ, ਗੁਜਰਾਤ, ਯੂਪੀ ਤੇ ਪੱਛਮੀ ਬੰਗਾਲ ਸੂਬਿਆਂ ਵਿਚ ਰੁਕੇ ਅਤੇ ਕਿਹਾ ਕਿ ਜੋਕਰ, ਜੋ ਪਹਿਲਾਂ ਹੀ ਨੇਪਾਲ ਵਿਚ ਸੀ, ਪੱਛਮੀ ਬੰਗਾਲ ਵਿਚ ਸੁਰੱਖਿਅਤ ਦਾਖਲ ਹੋਣ ਲਈ ਮੁੰਡੀ ਅਤੇ ਕਪਿਲ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਨੇਪਾਲ ਵਿਚ ਸੁਰੱਖਿਅਤ ਥਾਂ ਲਿਜਾਣ ਲਈ ਆਇਆ ਸੀ। ਉਨ੍ਹਾਂ ਦੱਸਿਆ ਕਿ ਗੋਲਡੀ ਬਰਾੜ ਨੇ ਮੁੰਡੀ ਅਤੇ ਕਪਿਲ ਨੂੰ ਫ਼ਰਜ਼ੀ ਪਾਸਪੋਰਟਾਂ ‘ਤੇ ਦੁਬਈ ਸੈਟਲ ਕਰਨ ਦਾ ਵਾਅਦਾ ਕੀਤਾ ਸੀ। ਉਕਤ ਦੋਵਾਂ ਨੂੰ ਨੇਪਾਲ ਜਾਂ ਥਾਈਲੈਂਡ ਵਿਚ ਆਪਣੇ ਜਾਅਲੀ ਪਾਸਪੋਰਟ ਮਿਲਣੇ ਸਨ, ਜਿਸ ਤੋਂ ਬਾਅਦ ਉਨ੍ਹਾਂ ਦੁਬਈ ਨਿਕਲ ਜਾਣਾ ਸੀ।
ਸੰਦੀਪ ਕੇਕੜਾ ਦਾ ਭਰਾ ਗ੍ਰਿਫਤਾਰ
ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਗ੍ਰਿਫਤਾਰ ਸੰਦੀਪ ਕੇਕੜਾ ਦੇ ਭਰਾ ਬਿੱਟੂ ਸਿੰਘ ਨੂੰ ਮਾਨਸਾ ਪੁਲਿਸ ਨੇ ਡੱਬਵਾਲੀ (ਹਰਿਆਣਾ) ਤੋਂ ਕਾਬੂ ਕੀਤਾ ਹੈ। ਪੁਲਿਸ ਨੇ ਸਿਵਲ ਹਸਪਤਾਲ ਵਿਚ ਮੁਲਜ਼ਮ ਦਾ ਮੈਡੀਕਲ ਕਰਵਾਉਣ ਬਾਅਦ ਉਸ ਨੂੰ ਇਥੋਂ ਦੀ ਇਕ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਦਾ 5 ਦਿਨਾਂ ਪੁਲਿਸ ਰਿਮਾਂਡ ਦਿੱਤਾ ਹੈ। ਗੌਰਤਲਬ ਹੈ ਕਿ ਬਿੱਟੂ ਸਿੰਘ ਨੇ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ।