ਗੁਰਦੁਆਰੇ ਦੀ ਪ੍ਰਧਾਨਗੀ ਪਿੱਛੇ ਚੱਲੀਆਂ ਕਿਰਪਾਨਾਂ

ਫਰੀਦਕੋਟ: ਇਥੇ ਜਰਮਨ ਕਲੋਨੀ ਦੇ ਗੁਰਦੁਆਰੇ ਵਿਚ ਅੱਸੂ ਦੀ ਸੰਗਰਾਂਦ ਸਬੰਧੀ ਧਾਰਮਿਕ ਸਮਾਗਮ ਦੀ ਸਮਾਪਤੀ ਮਗਰੋਂ ਦੋ ਧੜਿਆਂ ਦਰਮਿਆਨ ਝੜਪ ਹੋ ਗਈ ਤੇ ਇਸ ਮੌਕੇ ਕਿਰਪਾਨਾਂ ਵੀ ਚੱਲੀਆਂ। ਜਾਣਕਾਰੀ ਅਨੁਸਾਰ, ਬੰਸਾ ਸਿੰਘ ਨਾਮ ਦੇ ਵਿਅਕਤੀ ਨੇ ਗੁਰਦੁਆਰੇ ਦਾ ਕਥਿਤ ਕਬਜ਼ਾ ਲੈਣ ਦੀ ਕੋਸ਼ਿਸ਼ ਕੀਤੀ। ਗੁਰਦੁਆਰੇ ਦੇ ਮੌਜੂਦਾ ਪ੍ਰਧਾਨ ਜਸਵੰਤ ਸਿੰਘ ਨੇ ਕਿਹਾ ਕਿ ਬੰਸਾ ਸਿੰਘ ਆਪਣੇ ਨਾਲ ਕੁਝ ਵਿਅਕਤੀਆਂ ਨੂੰ ਲੈ ਕੇ ਆਇਆ ਸੀ, ਜਿਸ ਨੇ ਸੰਗਤ ‘ਤੇ ਕਥਿਤ ਹਮਲਾ ਕਰ ਦਿੱਤਾ।

ਗੁਰਦੁਆਰਾ ਸਾਹਿਬ ਅੰਦਰ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਹੋਈ ਲੜਾਈ ਦੌਰਾਨ ਪੱਗਾਂ ਲੱਥ ਗਈਆਂ। ਘਟਨਾ ਵਿਚ ਨਰਿੰਦਰ ਸਿੰਘ ਤੇ ਪ੍ਰਭਜੀਤ ਕੌਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਇਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਗੁਰਦੁਆਰੇ ‘ਚ ਦੋ ਧਿਰਾਂ ਵਿਚਾਲੇ ਹੋਈ ਲੜਾਈ ਦੇ ਮਾਮਲੇ ‘ਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਦੀ ਤੁਰਤ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਸ਼੍ਰੋਮਣੀ ਕਮੇਟੀ ਨੇ ਵੀ ਘਟਨਾ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਜਿਹੀ ਘਟਨਾ ਨੂੰ ਮੰਦਭਾਗਾ ਆਖਦਿਆਂ ਕਿਹਾ ਕਿ ਗੁਰੂ ਘਰਾਂ ਵਿਚ ਆਪਸੀ ਮਸਲੇ ਮਿਲ ਬੈਠ ਕੇ ਹੱਲ ਕਰਨੇ ਚਾਹੀਦੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਘਟਨਾ ਦੀ ਜਾਂਚ ਵਾਸਤੇ ਜਾਂਚ ਕਮੇਟੀ ਬਣਾ ਦਿੱਤੀ ਗਈ ਹੈ।
ਸੰਸਥਾਵਾਂ `ਤੇ ਕਬਜ਼ੇ ਲਈ ਹੋ ਰਹੀ ਹੈ ਲੜਾਈ: ਜਥੇਦਾਰ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਵਿਚ ਆਈ ਗਿਰਾਵਟ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਦੂਰ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖ ਸੰਸਥਾਵਾਂ ‘ਤੇ ਕਬਜ਼ੇ ਲੈਣ ਲਈ ਲੜਾਈ ਹੋ ਰਹੀ ਹੈ। ਇਹ ਲੜਾਈ ਸਿਰਫ ਸਿੱਖ ਸੰਸਥਾਵਾਂ ਦੀ ਗੋਲਕ ‘ਤੇ ਕਬਜ਼ਾ ਕਰਨ ਤੇ ਆਪਣੀ ਚੌਧਰ ਦਿਖਾਉਣ ਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਵਿਚ ਪੁੱਜ ਰਹੀਆਂ ਵਧੇਰੇ ਸ਼ਿਕਾਇਤਾਂ ਵਿਚੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀਆਂ ਦੀਆਂ ਆਪਸੀ ਲੜਾਈਆਂ ਨਾਲ ਸਬੰਧਤ ਹੁੰਦੀਆਂ ਹਨ ਅਤੇ ਇਨ੍ਹਾਂ ਵਿਚੋਂ ਵੀ ਵਧੇਰੇ ਵਿਦੇਸ਼ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਹਨ। ਉਨ੍ਹਾਂ ਸਿੱਖ ਕੌਮ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੀਆਂ ਸੰਸਥਾਵਾਂ ਨੂੰ ਮਜ਼ਬੂਤ ਬਣਾਉਣ।