ਹਰਿਆਣਾ ਦੇ ਗੁਰਦੁਆਰਿਆਂ `ਤੇ ਕਬਜ਼ੇ ਖਿਲਾਫ ਚਿਤਾਵਨੀ

ਅੰਮ੍ਰਿਤਸਰ: ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਦੇ ਮਾਮਲੇ ਵਿਚ ਇਥੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਦੀ ਪੁਰਾਣੀ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਸਥਿਤੀ ਵਿਚ ਸਿੱਖ ਕੌਮ ਸੰਘਰਸ਼ ਲਈ ਮਜਬੂਰ ਹੋਵੇਗੀ।

ਉਨ੍ਹਾਂ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਜਬਰੀ ਖੋਹਣ ਖਿਲਾਫ ਵੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ 30 ਸਤੰਬਰ ਨੂੰ ਸੱਦੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਸਾਬਕਾ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਜੋਧ ਸਿੰਘ ਸਮਰਾ, ਮੈਂਬਰ ਭਾਈ ਰਾਮ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ ਤੇ ਬਾਵਾ ਸਿੰਘ ਗੁਮਾਨਪੁਰਾ ਨੇ ਦੋਸ਼ ਲਾਇਆ ਕਿ ਜਿਥੇ ਕਾਂਗਰਸ ਜਮਾਤ ਨੇ ਸਿੱਖਾਂ ਦਾ ਵੱਡਾ ਨੁਕਸਾਨ ਕੀਤਾ, ਉਥੇ ਹੀ ਕੇਂਦਰ ਦੀ ਭਾਜਪਾ ਸਰਕਾਰ ਆਰ.ਐਸ.ਐਸ. ਦੀ ਸੋਚ ਤਹਿਤ ਦੇਸ਼ ਵਿਚ ਵਸਦੀਆਂ ਘੱਟ ਗਿਣਤੀਆਂ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ। ਇਸੇ ਤਹਿਤ ਹੁੱਡਾ ਸਰਕਾਰ ਸਮੇਂ ਵੱਖਰੀ ਹਰਿਆਣਾ ਕਮੇਟੀ ਦਾ ਐਕਟ ਪਾਸ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਇਸ ਐਕਟ ਨੂੰ ਮਾਨਤਾ ਦੇਣ ਲਈ ਭਾਜਪਾ ਨੇ ਵੀ ਕੋਈ ਕਸਰ ਨਹੀਂ ਛੱਡੀ।
ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਕਾਰਵਾਈ ਵਿਚ ਕੁਝ ਸਿੱਖ ਚਿਹਰੇ ਵੀ ਸ਼ਾਮਲ ਹਨ, ਜੋ ਨਿਜੀ ਲਾਲਚ ਵਿਚ ਪੰਥ ਵਿਰੋਧੀ ਸ਼ਕਤੀਆਂ ਦੇ ਹੱਥ ਠੋਕਾ ਬਣੇ ਹੋਏ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਸਿੱਖ ਪੰਥ ਦੀ ਸਿਰਮੌਰ ਸੰਸਥਾ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਹੈ, ਜਿਸ ਨੂੰ ਤੋੜਨ ਦੇ ਮਨਸੂਬੇ ਖਿਲਾਫ ਸੰਘਰਸ਼ ਲਈ ਸਿੱਖ ਕੌਮ ਪਿੱਛੇ ਨਹੀਂ ਹਟੇਗੀ। ਉਨ੍ਹਾਂ ਕਿਹਾ ਕਿ ਜੇ ਹਰਿਆਣਾ ਸਰਕਾਰ ਨੇ ਉਥੋਂ ਦੇ ਗੁਰਦੁਆਰਿਆਂ ਦਾ ਪ੍ਰਬੰਧ ਜਬਰੀ ਆਪਣੇ ਕਬਜ਼ੇ ਵਿਚ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਨਤੀਜੇ ਚੰਗੇ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ ਅੰਤ੍ਰਿਗ ਕਮੇਟੀ ਦੀ ਹੰਗਾਮੀ ਮੀਟਿੰਗ ਚੰਡੀਗੜ੍ਹ ਵਿਚ ਹੋਈ ਸੀ, ਜਿਸ ਵਿਚ ਹਰਿਆਣਾ ਕਮੇਟੀ ਦੇ ਫੈਸਲੇ ਨੂੰ ਮੰਨਣ ਤੋ ਨਾਂਹ ਕਰਦਿਆਂ ਰੱਦ ਕਰ ਦਿੱਤਾ ਸੀ।
ਗੁਰਦੁਆਰੇ ਦੀ ਸਾਂਭ ਸੰਭਾਲ ਹਰਿਆਣਾ ਕਮੇਟੀ ਨੇ ਲਈ
ਸਿਰਸਾ: ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਨਤਾ ਬਰਕਰਾਰ ਰੱਖੇ ਜਾਣ ਦੇ ਸੁਣਾਏ ਗਏ ਫੈਸਲੇ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਸਿਰਸਾ ਸਥਿਤ ਗੁਰਦੁਆਰਾ ਦਸਵੀਂ ਪਾਤਸ਼ਾਹੀ ਦੀ ਸਾਂਭ ਸੰਭਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੈ ਲਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਦੇ ਗੁਰਦੁਆਰਿਆਂ ਦੀ ਸਾਂਭ ਸੰਭਾਲ ਦੀ ਸੇਵਾ ਹੁਣ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਰੇਗੀ। ਇੱਥੋਂ ਦੇ ਗੁਰਦੁਆਰਿਆਂ ‘ਚ ਕੰਮ ਕਰਦੇ ਕਿਸੇ ਵੀ ਮੁਲਾਜ਼ਮ ਨੂੰ ਹਟਾਇਆ ਨਹੀਂ ਜਾਵੇਗਾ। ਸਾਰਿਆਂ ਨੂੰ ਨਾਲ ਲੈ ਕੇ ਗੁਰਦੁਆਰਿਆਂ ਦੀ ਸਾਂਭ ਸੰਭਾਲ ਦਾ ਕੰਮ ਕੀਤਾ ਜਾਵੇਗਾ।
ਪਟਨਾ ਸਾਹਿਬ ਤੇ ਦਿੱਲੀ ਦੀ ਵੱਖਰੀ ਕਮੇਟੀ ਬਣ ਸਕਦੀ ਹੈ ਤਾਂ ਹਰਿਆਣਾ ਦੀ ਕਿਉਂ ਨਹੀਂ: ਖੱਟਰ
ਸ਼ਾਹਬਾਦ ਮਾਰਕੰਡਾ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਹਰਿਆਣਾ ਦੇ ਸਿੱਖਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਦੇ ਸੂਬੇ ਲਈ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦੇ ਹੱਕ ਵਿਚ ਜੋ ਫੈਸਲਾ ਸੁਣਾਇਆ ਹੈ, ਉਹ ਸੂਬੇ ਦੇ ਸਿੱਖਾਂ ਦੀ ਵਿਚਾਰਕ ਜਿੱਤ ਹੈ। ਉਨ੍ਹਾਂ ਕਿਹਾ ਕਿ ਜਦੋਂ ਪਟਨਾ ਸਾਹਿਬ ਤੇ ਦਿੱਲੀ ਸੂਬੇ ਦੀ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣ ਸਕਦੀ ਹੈ ਤਾਂ ਹਰਿਆਣਾ ਦੀ ਕਿਉਂ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਪੂਰਾ ਸਿੱਖ ਸਮਾਜ ਇਕਜੁੱਟ ਹੋ ਕੇ ਚੱਲੇਗਾ ਤੇ ਸਮਾਜ ਹਿੱਤ ਵਿਚ ਵਧੀਆ ਕੰਮ ਕਰੇਗਾ।