ਝੀਂਡਾ ਬਣੇ ਹਰਿਆਣਾ ਕਮੇਟੀ ਦੇ ਪ੍ਰਧਾਨ

ਕਰਨਾਲ: ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਦੀ ਮੀਟਿੰਗ ਦੌਰਾਨ ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਮੌਕੇ ਕਮੇਟੀ ਦੇ ਨਾਮਜ਼ਦ 28 ਮੈਂਬਰ ਮੌਕੇ ਉਤੇ ਹਾਜਰ ਸਨ, ਜਦਕਿ ਪੰਜ ਮੈਂਬਰਾਂ ਨੇ ਫੋਨ ਰਾਹੀਂ ਆਪਣੀ ਸਹਿਮਤੀ ਦਿੱਤੀ ਸੀ, ਜਿਸ ਤੋਂ ਬਾਅਦ ਸਾਰੇ ਮੈਂਬਰਾਂ ਦੀ ਸਰਬਸੰਮਤੀ ਨਾਲ ਜਗਦੀਸ਼ ਸਿੰਘ ਝੀਂਡਾ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ।

ਜ਼ਿਕਰਯੋਗ ਹੈ ਕਿ 2014 ਵਿਚ ਹਰਿਆਣਾ ਵਿਧਾਨ ਸਭਾ ਵਿਚ ਉਸ ਸਮੇਂ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਐਕਟ ਪਾਸ ਕੀਤਾ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ ਅਤੇ ਹੁਣ ਸੁਪਰੀਮ ਕੋਰਟ ਨੇ ਹਰਿਆਣਾ ਦੇ ਇਸ ਕਾਨੂੰਨ ਨੂੰ ਮਾਨਤਾ ਦੇ ਦਿੱਤੀ ਹੈ ਅਤੇ ਨਾਲ ਹੀ ਉਸ ਸਮੇਂ ਭੁਪਿੰਦਰ ਸਿੰਘ ਹੁੱਡਾ ਸਰਕਾਰ ਵੱਲੋਂ ਜੋ ਮੈਂਬਰ ਨਾਮਜ਼ਦ ਕੀਤੇ ਗਏ ਸਨ, ਉਨ੍ਹਾਂ ਨੂੰ ਹੀ ਕਮੇਟੀ ਦੇ ਮੈਂਬਰ ਵਜੋਂ ਮਾਨਤਾ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਕੁੱਲ 41 ਮੈਂਬਰ ਸਨ, ਜਿਨ੍ਹਾਂ ਵਿਚੋਂ ਚਾਰ ਮੈਂਬਰਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਰਨਾਲ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਅਸੰਧ ਨੇ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ 36 ਮੈਂਬਰ ਹਰਿਆਣਾ ਕਮੇਟੀ ਵਿਚ ਰਹਿ ਗਏ ਸਨ, ਜਿਨ੍ਹਾਂ ਵਿਚੋਂ 33 ਮੈਂਬਰਾਂ ਨੇ ਬਹੁਮਤ ਨਾਲ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਥਾਪਿਆ ਹੈ।