ਵੱਖਰੀ ਕਮੇਟੀ: ਸ਼੍ਰੋਮਣੀ ਕਮੇਟੀ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਨੇ ਹਰਿਆਣਾ ‘ਚ ਵੱਖਰੀ ਗੁਰਦੁਆਰਾ ਕਮੇਟੀ ਬਣਾਏ ਜਾਣ ਖਿਲਾਫ ਸੰਘਰਸ਼ ਦਾ ਐਲਾਨ ਕਰਦਿਆਂ ਭਾਰਤ ਦੇ ਚੀਫ ਜਸਟਿਸ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਪੰਜ ਮੈਂਬਰੀ ਬੈਂਚ ਕਾਇਮ ਕਰਨ ਦਾ ਹੁਕਮ ਦੇਣ।

ਸ਼੍ਰੋਮਣੀ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕਮੇਟੀ ਦੇ ਹੱਕ ਵਿਚ ਭਾਰਤ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ। ਇਹ ਫੈਸਲੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਈ ਮੀਟਿੰਗ ਦੌਰਾਨ ਲਏ ਗਏ। ਮੀਟਿੰਗ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਮੈਂਬਰ, ਅਧਿਕਾਰੀਆਂ ਤੇ ਹੋਰਨਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਮਤਾ ਪਾਸ ਕਰਕੇ ਇਸ ਫੈਸਲੇ ਖਿਲਾਫ ਕਰੜਾ ਸੰਘਰਸ਼ ਕਰਨ ਦਾ ਵੀ ਐਲਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਭਾਰਤ ਦੇ ਚੀਫ ਜਸਟਿਸ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਹਰਿਆਣਾ ਕਮੇਟੀ ਸਬੰਧੀ ਫੈਸਲੇ ਬਾਰੇ ਇਕ ਪੰਜ ਮੈਂਬਰੀ ਸੰਵਿਧਾਨਕ ਬੈਂਚ ਦਾ ਗਠਨ ਕਰਕੇ ਇਸ ਮਾਮਲੇ ‘ਤੇ ਮੁੜ ਵਿਚਾਰ ਕਰਨ ਲਈ ਆਖਣ। ਉਨ੍ਹਾਂ ਦੋਸ਼ ਲਾਇਆ ਕਿ ਇਹ ਫੈਸਲਾ ਸਿਆਸਤ ਤੋਂ ਪ੍ਰੇਰਿਤ ਸੀ ਜਿਸ ਨੂੰ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਮੁੱਢੋਂ ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਭਾਰਤ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਹੱਕ ਵਿਚ ਸੁਪਰੀਮ ਕੋਰਟ ਵਿਚ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਤੇ ਹਰਿਆਣਾ ਕਮੇਟੀ ਐਕਟ ਨੂੰ ਰੱਦ ਕਰਨ ਲਈ ਸੰਸਦ ਵਿਚ ਮਤਾ ਪਾਸ ਕੀਤਾ ਜਾਵੇ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਕੋਲੋਂ ਮੰਗ ਕੀਤੀ ਕਿ ਉਹ ਆਲ ਇੰਡੀਆ ਗੁਰਦੁਆਰਾ ਐਕਟ ਦੀ ਸਥਾਪਨਾ ਲਈ ਵੀ ਲੋੜੀਂਦੀ ਕਾਰਵਾਈ ਅੱਗੇ ਵਧਾਉਣ। ਇਸ ਮੌਕੇ ਇਕ ਮਤੇ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਸਮੁੱਚੀ ਸਿੱਖ ਕੌਮ ਨੂੰ ਇਕਜੁੱਟ ਕਰਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਇਹ ਸੰਘਰਸ਼ ਲੜਿਆ ਜਾਵੇਗਾ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਾਲੀਆਂ ਕਾਰਵਾਈਆਂ ਬਿਲਕੁਲ ਗਲਤ ਹਨ। ਉਨ੍ਹਾਂ ਆਖਿਆ ਕਿ ਇਸ ਮਾਮਲੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਵਿਸ਼ੇਸ਼ ਬੈਠਕ ਜਲਦ ਸੱਦੀ ਜਾਵੇਗੀ ਅਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਦੀ ਮੰਗ
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦੇਣ ਦੇ ਫੈਸਲੇ ਖਿਲਾਫ ਭਾਰਤ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਜਾਵੇ। ਇਸ ਸਬੰਧੀ ਸਿੱਖ ਸੰਸਥਾ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਭੇਜਿਆ ਹੈ। ਜਾਣਕਾਰੀ ਅਨੁਸਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ-2014 ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦੇਣ ਵਿਰੁੱਧ ਭਾਰਤ ਸਰਕਾਰ ਵੱਲੋਂ ਨਜ਼ਰਸਾਨੀ ਪਟੀਸ਼ਨ ਪਾਉਣ ਦੀ ਮੰਗ ਕਰਦਿਆਂ ਸ੍ਰੀ ਧਾਮੀ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕਿਸੇ ਤਰ੍ਹਾਂ ਦੀ ਸੋਧ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਦੀਆਂ ਸਿਫਾਰਸ਼ਾਂ ਸਹਿਤ ਸਿਰਫ ਭਾਰਤ ਸਰਕਾਰ ਕੋਲ ਹੈ, ਜਿਸ ਤਹਿਤ ਇਸ ਐਕਟ ਵਿਚ ਸੂਬਾ ਸਰਕਾਰਾਂ ਕੋਈ ਦਖ਼ਲ ਨਹੀਂ ਦੇ ਸਕਦੀਆਂ।