ਚੰਡੀਗੜ੍ਹ: ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਦੇ ਨਾਮ ਵਿਚੋਂ ਮੁਹਾਲੀ ਸ਼ਬਦ ਗਾਇਬ ਹੋਣ ਤੋਂ ਪੰਜਾਬ ਦੀ ਸਿਆਸਤ ਭਖ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਝ ਦਿਨ ਪਹਿਲਾਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਦਾ ਐਲਾਨ ਕੀਤਾ ਸੀ ਜਿਸ ਦਾ ਸਵਾਗਤ ਸਮੁੱਚੇ ਪੰਜਾਬ ਨੇ ਕੀਤਾ ਸੀ। ਸਿਆਸੀ ਵਿਵਾਦ ਹੁਣ ਇਸ ਹਵਾਈ ਅੱਡੇ ਦੇ ਨਾਂ ਨਾਲ ਚੰਡੀਗੜ੍ਹ ਲਿਖੇ ਜਾਣ ਤੋਂ ਖੜ੍ਹਾ ਹੋ ਗਿਆ ਹੈ। ਚਰਚਾ ਹੈ ਕਿ ਕੇਂਦਰ ਸਰਕਾਰ ਇਕ ਤੀਰ ਨਾਲ ਦੋ ਨਿਸ਼ਾਨੇ ਲਾਉਣ ‘ਚ ਸਫਲ ਹੋ ਗਈ ਹੈ।
ਵਿਰੋਧੀ ਧਿਰਾਂ ਨੇ ਹਵਾਈ ਅੱਡੇ ਨਾਲ ਚੰਡੀਗੜ੍ਹ ਸ਼ਬਦ ਲਿਖੇ ਜਾਣ ਨੂੰ ਪੰਜਾਬ ਦੇ ਹੱਕਾਂ ‘ਤੇ ਡਾਕਾ ਕਰਾਰ ਦਿੰਦਿਆਂ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਹਵਾਈ ਅੱਡੇ ਦਾ ਨਾਮ ਰੱਖੇ ਜਾਣ ਦਾ ਉਦਘਾਟਨ ਕੀਤਾ। ਇਸ ਸਬੰਧੀ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਇਲਾਵਾ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵੀ ਮੌਜੂਦ ਸਨ।
ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਜਿਸ ਉਦਘਾਟਨੀ ਪੱਥਰ ਤੋਂ ਪਰਦਾ ਹਟਾਇਆ ਗਿਆ ਹੈ, ਉਸ ਪੱਥਰ ‘ਤੇ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ, ਚੰਡੀਗੜ੍ਹ‘ ਲਿਖਿਆ ਹੈ। ਪੰਜਾਬ ਅਤੇ ਹਰਿਆਣਾ ਦਰਮਿਆਨ ਇਸ ਹਵਾਈ ਅੱਡੇ ਦੇ ਨਾਮਕਰਨ ਨੂੰ ਲੈ ਕੇ ਹੀ ਮਤਭੇਦ ਬਣੇ ਹੋਏ ਸਨ ਅਤੇ ਜਦੋਂ ਕਿ ਕਾਫੀ ਅਰਸਾ ਪਹਿਲਾਂ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖੇ ਜਾਣ ਦੀ ਸਹਿਮਤੀ ਬਣ ਚੁੱਕੀ ਸੀ। ਰੌਲਾ ਇਸ ਗੱਲ ਦਾ ਸੀ ਕਿ ਹਵਾਈ ਅੱਡੇ ਦੇ ਨਾਮ ਨਾਲ ਮੁਹਾਲੀ ਲਿਖਿਆ ਜਾਵੇ ਜਾਂ ਫਿਰ ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵਿਚਾਲੇ ਅਗਸਤ ‘ਚ ਮਹੀਨੇ ਹੋਈ ਮੀਟਿੰਗ ਵਿਚ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਣ ਦੀ ਮੁੜ ਸਹਿਮਤੀ ਬਣੀ ਸੀ ਤੇ ਦੋਹਾਂ ਸੂਬਿਆਂ ਨੇ ਸਾਂਝੇ ਤੌਰ ‘ਤੇ ਪੱਤਰ ਕੇਂਦਰ ਸਰਕਾਰ ਨੂੰ ਭੇਜਿਆ ਸੀ।
ਕੁਝ ਵਰ੍ਹੇ ਪਹਿਲਾਂ ਪੰਜਾਬ ਵਿਧਾਨ ਸਭਾ ‘ਚ ਚੰਡੀਗੜ੍ਹ ਏਅਰਪੋਰਟ ਦਾ ਨਾਮ ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ, ਮੋਹਾਲੀ‘ ਰੱਖਣ ਬਾਰੇ ਮਤਾ ਪਾਸ ਕੀਤਾ ਗਿਆ ਸੀ। ਇਸੇ ਤਰ੍ਹਾਂ ਹਰਿਆਣਾ ਵਿਧਾਨ ਸਭਾ ਨੇ 31 ਮਾਰਚ 2016 ਨੂੰ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ‘ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ, ਚੰਡੀਗੜ੍ਹ‘ ਕਰਨ ਦਾ ਮਤਾ ਪਾਸ ਕੀਤਾ ਸੀ। ਇਸ ਹਵਾਈ ਅੱਡੇ ਉਤੇ ਪੰਜਾਬ ਸਰਕਾਰ ਨੇ 24.5 ਫੀਸਦੀ ਤੇ ਹਰਿਆਣਾ ਸਰਕਾਰ ਨੇ ਵੀ 24.5 ਫੀਸਦੀ ਖਰਚਾ ਕੀਤਾ ਹੈ। ਬਾਕੀ 51 ਫੀਸਦੀ ਖਰਚਾ ਏਅਰਪੋਰਟ ਅਥਾਰਟੀ ਨੇ ਕੀਤਾ ਹੈ।
ਹਰਿਆਣਾ ਸਰਕਾਰ ਦਾ ਸ਼ੁਰੂ ਤੋਂ ਕਹਿਣਾ ਕਿ ਏਅਰਪੋਰਟ ਦਾ ਰਨਵੇਅ ਚੰਡੀਗੜ੍ਹ ਤੇ ਟਰਮੀਨਲ ਪੰਜਾਬ ‘ਚ ਹੈ। ਏਅਰਪੋਰਟ ਦੀ ਰਨਵੇਅ ਕਰ ਕੇ ਪਛਾਣ ਹੁੰਦੀ ਹੈ। ਪੰਜਾਬ ਸਰਕਾਰ ਦੀ ਦਲੀਲ ਰਹੀ ਹੈ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੀ ‘ਨਾਮਕਰਨ ਨੀਤੀ‘ ‘ਚ ਸਾਫ ਲਿਖਿਆ ਹੈ ਕਿ ਜਿਸ ਰੈਵੇਨਿਊ ਜ਼ਿਲ੍ਹੇ ਵਿਚ ਏਅਰਪੋਰਟ ਸਥਿਤ ਹੁੰਦਾ ਹੈ, ਉਸੇ ਦੇ ਨਾਮ ਨਾਲ ਏਅਰਪੋਰਟ ਜਾਣਿਆ ਜਾਵੇਗਾ।
ਉਧਰ, ਵਿਰੋਧੀ ਧਿਰਾਂ ਦੇ ਆਗੂਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉਪਰ ਰੱਖਿਆ ਗਿਆ ਹੈ। ਉਨ੍ਹਾਂ ਆਖਿਆ ਕਿ ਇਨ੍ਹਾਂ ਆਗੂਆਂ ਨੂੰ ਧੀਰਜ ਰੱਖਣਾ ਚਾਹੀਦਾ ਹੈ, ਕਿਉਂਕਿ ਹਵਾਈ ਅੱਡੇ ਸਬੰਧੀ ਰਹਿੰਦੇ ਸਾਰੇ ਮਸਲੇ ਜਲਦੀ ਹੱਲ ਕੀਤੇ ਜਾਣਗੇ।
ਪੰਜਾਬ ਵਿਰੋਧੀ ਸਾਜ਼ਿਸ਼ `ਚ ਮੁੱਖ ਮੰਤਰੀ ਸ਼ਾਮਲ: ਬਾਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਚੰਡੀਗੜ੍ਹ ਦੇ ਨਾਮ ‘ਤੇ ਹਵਾਈ ਅੱਡੇ ਦਾ ਨਾਂ ਰੱਖਣ ਦੀ ਪੰਜਾਬ ਵਿਰੋਧੀ ਸਾਜ਼ਿਸ਼ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹਨ। ਉਨ੍ਹਾਂ ਲਿਖਿਆ ਕਿ ਅਖਬਾਰਾਂ ਦੱਸਦੀਆਂ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਇਸ ਹਵਾਈ ਅੱਡੇ ਲਈ 307 ਏਕੜ ਮੋਹਾਲੀ ਦੀ ਜ਼ਮੀਨ ਦਿੱਤੀ ਅਤੇ ਇਸ ਦਾ ਨਾਂ ‘ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ‘ ਰੱਖਣ ਦਾ ਵਿਧਾਨ ਸਭਾ ਵਿਚ ਮਤਾ ਵੀ ਪਾਸ ਕੀਤਾ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਕੇਂਦਰ ਸਰਕਾਰ ਅੱਗੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਵਾਈ ਅੱਡਾ ਪੰਜਾਬ ਦੀ ਜ਼ਮੀਨ ‘ਤੇ ਬਣਿਆ ਹੈ ਜਿਸ ਕਰਕੇ ਚੰਡੀਗੜ੍ਹ ਦੀ ਥਾਂ ਮੋਹਾਲੀ ਦਾ ਨਾਮ ਹੋਣਾ ਚਾਹੀਦਾ ਸੀ।