ਕੇਂਦਰੀ ਏਜੰਸੀਆਂ ਦੀ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਉਤੇ ਅੱਖ

ਨਵੀਂ ਦਿੱਲੀ: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖ ਸੇਵਾਦਾਰ ਅੰਮ੍ਰਿਤਪਾਲ ਸਿੰਘ ਆਪਣੇ ਤੱਤੇ ਬਿਆਨਾਂ ਕਰਕੇ ਇਸ ਸਮੇਂ ਚਰਚਾ ਵਿਚ ਹਨ। ਕੇਂਦਰੀ ਏਜੰਸੀਆਂ ਵੱਲੋਂ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਉਤੇ ਅੱਖ ਰੱਖੀ ਜਾ ਰਹੀ ਹੈ।

ਅੰਮ੍ਰਿਤਪਾਲ ਸਿੰਘ ਦੇ ਟਵਿੱਟਰ ਅਕਾਊਂਟ ਉਤੇ ਭਾਰਤ ਵਿਚ ਪਾਬੰਦੀ ਲਗਾ ਦਿੱਤੀ ਗਈ ਹੈ। ਕੇਂਦਰ ਸਰਕਾਰ ਦੀ ਕਾਨੂੰਨੀ ਮੰਗ ਉਤੇ ਹੋਈ ਕਾਰਵਾਈ ਤੋਂ ਬਾਅਦ ਟਵਿੱਟਰ ਨੇ ਭਾਰਤ ਵਿਚ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਜਦੋਂ ਦਾ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਪ੍ਰਧਾਨ ਬਣਿਆ ਹੈ, ਉਦੋਂ ਤੋਂ ਹੀ ਪੰਜਾਬ ਦੀ ਸਿੱਖ ਰਾਜਨੀਤੀ ਵਿਚ ਸੁਰਖੀਆਂ ਵਿਚ ਹੈ ਤੇ ਖਾਲਿਸਤਾਨ ਪੱਖੀ ਬਿਆਨਾਂ ਕਾਰਨ ਵਿਵਾਦਾਂ ਵਿਚ ਘਿਰ ਗਿਆ ਹੈ, ਜਿਸ ਕਾਰਨ ਕਾਂਗਰਸ ਵੱਲੋਂ ਉਸ ਵਿਰੁੱਧ ਪੰਜਾਬ ਸਰਕਾਰ ਤੇ ਡੀ.ਜੀ.ਪੀ. ਪੰਜਾਬ ਨੂੰ ਪੱਤਰ ਲਿਖ ਕੇ ਕਾਰਵਾਈ ਕਰਨ ਲਈ ਵੀ ਕਿਹਾ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕੇਂਦਰੀ ਏਜੰਸੀਆਂ ਵੱਲੋਂ ਅੰਮ੍ਰਿਤਪਾਲ ਦੀਆਂ ਗਤੀਵਿਧੀਆਂ ਉਤੇ ਨਜ਼ਰ ਰੱਖੀ ਜਾ ਰਹੀ ਹੈ।
ਉਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਪੱਤਰ ਲਿਖ ਕੇ ‘ਵਾਰਿਸ ਪੰਜਾਬ ਦੇ` ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ `ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਲੋਕਾਂ ਨੂੰ ਹਿੰਸਾ ਲਈ ਉਕਸਾਉਣਾ ਸਵੀਕਾਰ ਕਰਨ ਯੋਗ ਨਹੀਂ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਨੂੰ ਕਿਸੇ ਵੀ ਵਿਅਕਤੀ ਦੇ ਧਰਮ ਤੇ ਵਿਸ਼ਵਾਸ ਦਾ ਪ੍ਰਚਾਰ ਕਰਨ `ਤੇ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ‘ਵਾਰਿਸ ਪੰਜਾਬ ਦੇ` ਦਾ ਅਸਲ ਮਕਸਦ ਕੀ ਹੈ ਤੇ ਅੰਮ੍ਰਿਤਪਾਲ ਸਿੰਘ ਦੁਬਈ ਵਿਚ ਸੈੱਟ ਹੋਣ ਦੇ ਬਾਵਜੂਦ ਇਥੇ ਕਿਵੇਂ ਤੇ ਕਿਉਂ ਆਇਆ।