ਅਨੁਸ਼ਾਸਨਹੀਣਤਾ ਦੇ ਦੋਸ਼ ਹੇਠ ਜਗਮੀਤ ਬਰਾੜ ਨੂੰ ਕਾਰਨ ਦੱਸੋ ਨੋਟਿਸ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ‘ਤੇ ਪਾਰਟੀ ਵਿਰੋਧੀ ਬਿਆਨਬਾਜ਼ੀ ਕਰਨ ਤੇ ਅਨੁਸ਼ਾਸਨਹੀਣਤਾ ਦੇ ਦੋਸ਼ ਲਾਉਂਦਿਆਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਇਹ ਨੋਟਿਸ ਜਾਰੀ ਕਰਦਿਆਂ ਸ੍ਰੀ ਬਰਾੜ ਤੋਂ ਪਾਰਟੀ ਵਿਰੋਧੀ ਬਿਆਨਬਾਜ਼ੀ ਕਰਨ ਸਬੰਧੀ ਇਕ ਹਫਤੇ ਵਿਚ ਜਵਾਬ ਮੰਗਿਆ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਜਵਾਬ ਨਾ ਦਿੱਤਾ ਗਿਆ ਤਾਂ ਸ੍ਰੀ ਬਰਾੜ ਖਿਲਾਫ ਅਨੁਸ਼ਾਸਨੀ ਕਾਰਵਾਈ ਵੀ ਹੋ ਸਕਦੀ ਹੈ। ਇਸ ਨੋਟਿਸ ਵਿਚ ਸਾਬਕਾ ਸੰਸਦ ਮੈਂਬਰ ਖਿਲਾਫ ਤਿੰਨ ਸ਼ਿਕਾਇਤਾਂ ਦਾ ਜ਼ਿਕਰ ਕੀਤਾ ਗਿਆ ਹੈ। ਪਹਿਲੀ ਸ਼ਿਕਾਇਤ ਵਿਚ ਮੌੜ ਹਲਕੇ ਦੇ ਪਾਰਟੀ ਵਰਕਰਾਂ ਵੱਲੋਂ ਸ੍ਰੀ ਬਰਾੜ ਉਤੇ ਬੇਲੋੜੀ ਬਿਆਨਬਾਜ਼ੀ ਕਰਕੇ ਪਾਰਟੀ ਦੇ ਅਕਸ ਨੂੰ ਢਾਹ ਲਾਉਣ ਦੀ ਗੱਲ ਕੀਤੀ ਹੈ। ਇਸ ਮੌਕੇ ਉਨ੍ਹਾਂ ਦੇ ਵੀਡੀਓ ਬਿਆਨਾਂ ਦਾ ਵੀ ਨੋਟਿਸ ਲਿਆ ਗਿਆ ਹੈ, ਜਿਸ ਵਿਚ ਸੋਸ਼ਲ ਮੀਡੀਆ ‘ਤੇ ਧੜੇਬੰਦੀ ਨੂੰ ਉਤਸ਼ਾਹਿਤ ਕਰਨ ਅਤੇ ਪਾਰਟੀ ਵਿਚ ਵੰਡੀਆਂ ਪਾਉਣ ਦੀ ਸ਼ਿਕਾਇਤ ਮਿਲੀ ਹੈ।
ਇਸ ਤੋਂ ਇਲਾਵਾ ਪਾਰਟੀ ਨੇ ਜਗਮੀਤ ਬਰਾੜ ਵੱਲੋਂ 10 ਅਕਤੂਬਰ ਨੂੰ ਚੰਡੀਗੜ੍ਹ ਵਿਚ ਸੱਦੀ ਪ੍ਰੈੱਸ ਕਾਨਫਰੰਸ ਦਾ ਵੀ ਨੋਟਿਸ ਲਿਆ ਹੈ, ਜਿਸ ਵਿਚ ਉਨ੍ਹਾਂ ਨੇ ਖੁਦ ਨੂੰ 21 ਮੈਂਬਰੀ ਤਾਲਮੇਲ ਕਮੇਟੀ ਦਾ ਕਨਵੀਨਰ ਨਿਯੁਕਤ ਕੀਤਾ ਹੈ, ਜਦਕਿ ਪਾਰਟੀ ਵੱਲੋਂ ਇਸ ਸਬੰਧੀ ਕੋਈ ਹਾਮੀ ਨਹੀਂ ਭਰੀ ਗਈ ਸੀ। ਜ਼ਿਕਰਯੋਗ ਹੈ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਨੂੰ ਮਿਲੀ ਕਰਾਰੀ ਹਾਰ ਮਗਰੋਂ ਜਗਮੀਤ ਬਰਾੜ ਵੱਲੋਂ ਮੀਡੀਆ ਸਾਹਮਣੇ ਕੀਤੀ ਗਈ ਬਿਆਨਬਾਜ਼ੀ ਦਾ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਸਖਤ ਵਿਰੋਧ ਕੀਤਾ ਗਿਆ ਸੀ। ਇਸ ਦੌਰਾਨ ਬਾਦਲ ਪਰਿਵਾਰ ਨਾਲ ਨਾਰਾਜ਼ ਆਗੂਆਂ ਵੱਲੋਂ ਮੀਟਿੰਗਾਂ ਵੀ ਕੀਤੀਆਂ ਗਈਆਂ, ਜਿਸ ਮਗਰੋਂ ਪਾਰਟੀ ਨੇ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰਦਿਆਂ ਪਾਰਟੀ ਖਿਲਾਫ਼ ਬੋਲਣ ਵਾਲਿਆਂ ਨੂੰ ਠੱਲ੍ਹਣ ਲਈ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਅਨੁਸ਼ਾਸਨੀ ਕਮੇਟੀ ਬਣਾ ਦਿੱਤੀ। ਜ਼ਿਕਰਯੋਗ ਹੈ ਕਿ ਜਗਮੀਤ ਸਿੰਘ ਬਰਾੜ ਨੇ ਲੰਘੀਆਂ ਸੰਸਦੀ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਮੂਲੀਅਤ ਕੀਤੀ ਸੀ ਤੇ ਉਨ੍ਹਾਂ ਦੀ ਸਿਆਸਤ ਦਾ ਵੱਡਾ ਹਿੱਸਾ ਬਾਦਲਾਂ ਦੇ ਧੁਰ ਵਿਰੋਧੀ ਸਿਆਸੀ ਆਗੂ ਵਾਲਾ ਰਿਹਾ ਹੈ।
ਸੁਖਬੀਰ ਵੱਲੋਂ ਹਲਕਾਵਾਰ ਨਿਗਰਾਨਾਂ ਦੀ ਨਿਯੁਕਤੀ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚਾ ਉਸਾਰਨ ਵਾਸਤੇ ਹਲਕੇ ਦੀਆਂ ਬੂਥ ਪੱਧਰ ਕਮੇਟੀਆਂ ਬਣਾਉਣ ਲਈ ਹਲਕਾਵਾਰ ਨਿਗਰਾਨ ਲਾਉਣ ਦਾ ਫੈਸਲਾ ਕੀਤਾ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸਾਰੇ ਹਲਕਾ ਇੰਚਾਰਜ ਆਪੋ-ਆਪਣੇ ਹਲਕਿਆਂ ਦੀਆਂ ਬੂਥ ਕਮੇਟੀਆਂ ਤੇ ਹਲਕਾਵਾਰ ਆਬਜਰਵਰਾਂ ਦਾ ਸਾਥ ਦੇ ਕੇ ਜਥੇਬੰਦਕ ਢਾਂਚਾ ਮੁਕੰਮਲ ਕਰਵਾਉਣਗੇ।