ਸਿੱਖ ਕਤਲੇਆਮ ਪੀੜਤਾਂ ਨੂੰ ਮੁੜ ਬੇਘਰ ਨਾ ਕੀਤਾ ਜਾਵੇ: ਜਥੇਦਾਰ

ਗਿਆਨੀ ਹਰਪ੍ਰੀਤ ਸਿੰਘ ਨੇ ਭਗਵੰਤ ਮਾਨ ਨੂੰ ਪੱਤਰ ਲਿਖਿਆ
ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਭੇਜ ਕੇ ਨਵੰਬਰ 1984 ਸਿੱਖ ਕਤਲੇਆਮ ਦੇ ਪੀੜਤਾਂ ਦੇ ਕੇਸਾਂ ਦੀ ਮੁੜ ਨਜ਼ਰਸਾਨੀ ਕਰਨ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਮੁੱਖ ਮੰਤਰੀ ਨੂੰ ਭੇਜੇ ਗਏ ਇਸ ਪੱਤਰ ਵਿਚ ਆਖਿਆ ਗਿਆ ਹੈ ਕਿ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਦਾ ਵਫ਼ਦ ਕੁਝ ਦਿਨ ਪਹਿਲਾਂ ਸਕੱਤਰੇਤ ਵਿਚ ਆਇਆ ਸੀ ਅਤੇ ਉਨ੍ਹਾਂ ਇਕ ਮੰਗ ਪੱਤਰ ਵੀ ਸੌਂਪਿਆ ਸੀ।

ਇਸ ਵਿਚ ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਸਰਕਾਰਾਂ ਵੱਲੋਂ ਪੀੜਤਾਂ ਨੂੰ ਮੁੜ ਬੇਘਰ ਕੀਤਾ ਜਾ ਰਿਹਾ ਹੈ। ਉਹ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਵੀ ਮਿਲੇ ਸਨ ਤੇ ਉਨ੍ਹਾਂ ਕੋਲੋਂ ਮਦਦ ਦੀ ਅਪੀਲ ਕੀਤੀ ਸੀ। ਸਕੱਤਰੇਤ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਇਸ ਸਬੰਧੀ ਕੀਤੇ ਗਏ ਆਦੇਸ਼ ਮੁਤਾਬਕ ਹੀ ਇਹ ਪੱਤਰ ਮੁੱਖ ਮੰਤਰੀ ਨੂੰ ਭੇਜਿਆ ਗਿਆ ਹੈ। ਇਸ ਪੱਤਰ ਰਾਹੀਂ ਮੁੱਖ ਮੰਤਰੀ ਨੂੰ ਕਿਹਾ ਗਿਆ ਹੈ ਕਿ ਉਹ ਇਨ੍ਹਾਂ ਪੀੜਤਾਂ ਦੇ ਕੇਸ ਦੀ ਮੁੜ ਨਜ਼ਰਸਾਨੀ ਕਰਦਿਆਂ ਇਨ੍ਹਾਂ ਦੀ ਯੋਗ ਸਹਾਇਤਾ ਵੀ ਕਰਨ।
ਜ਼ਿਕਰਯੋਗ ਹੈ ਕਿ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਪੰਜਾਬ ਵੱਲੋਂ ਇਥੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਚ ਮੰਗ ਪੱਤਰ ਦੇ ਕੇ ਦੋਸ਼ ਲਾਇਆ ਗਿਆ ਸੀ ਕਿ ਕਿ ਪਿਛਲੀ ਸਰਕਾਰ ਵੱਲੋਂ ਕਈ ਦੰਗਾ ਪੀੜਤਾਂ ਦੇ ਬਣੇ ਹੋਏ ਲਾਲ ਕਾਰਡ ਕੱਟ ਦਿੱਤੇ ਗਏ ਸਨ।
ਸੁਸਾਇਟੀ ਵੱਲੋਂ ਸਰਕਾਰ ਦੇ ਇਸ ਫੈਸਲੇ ਨੂੰ ਅਦਾਲਤ ਵਿਚ ਚੁਣੌਤੀ ਦਿੱਤੀ ਗਈ ਸੀ। ਹੁਣ ਅਦਾਲਤ ਨੇ ਇਸ ਮਾਮਲੇ ਵਿਚ ਬਣੇ ਹੋਏ ਕਾਰਡਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ। ਦੰਗਾ ਪੀੜਤਾਂ ਨੇ ਦੋਸ਼ ਲਾਇਆ ਸੀ ਕਿ ਇਸ ਮਾਮਲੇ ਵਿਚ ‘ਆਪ` ਸਰਕਾਰ ਵੱਲੋਂ ਬਿਨਾਂ ਕੋਈ ਜਾਂਚ ਕੀਤਿਆਂ ਹੀ ਵੱਡੀ ਗਿਣਤੀ ਵਿੱਚ ਕਾਰਡਧਾਰਕਾਂ ਦੇ ਕਾਰਡ ਰੱਦ ਕਰ ਦਿੱਤੇ ਗਏ ਹਨ ਅਤੇ ਬਾਕੀ ਰਹਿੰਦੇ ਲਾਲ ਕਾਰਡਾਂ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਦੰਗਾ ਪੀੜਤ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਤੇ ਬੀਬੀ ਗੁਰਦੀਪ ਕੌਰ ਨੇ ਦੋਸ਼ ਲਾਇਆ ਸੀ ਕਿ ਕਿਸੇ ਵੱਡੀ ਸਾਜ਼ਿਸ਼ ਤਹਿਤ ਦੰਗਾ ਪੀੜਤਾਂ ਨੂੰ ਸਰਕਾਰ ਵੱਲੋਂ ਉਜਾੜਿਆ ਜਾ ਰਿਹਾ ਹੈ ਅਤੇ ਬੇਘਰ ਕੀਤਾ ਜਾ ਰਿਹਾ ਹੈ। ਸਾਲ 1985 ਵਿਚ ਪੰਜਾਬ ਸਰਕਾਰ ਵੱਲੋਂ ਉੱਜੜੇ ਪਰਿਵਾਰਾਂ ਦੀ ਮਦਦ ਲਈ ਲਾਲ ਸ਼ਨਾਖ਼ਤੀ ਕਾਰਡ ਬਣਾਏ ਗਏ ਸਨ।
ਸਿੱਖ ਕਤਲੇਆਮ ਦੇ ਜ਼ਖਮ ਅਜੇ ਵੀ ਅੱਲੇ: ਧਾਮੀ
ਅੰਮ੍ਰਿਤਸਰ: ਨਵੰਬਰ 1984 ‘ਚ ਦਿੱਲੀ ਸਮੇਤ ਦੇਸ਼ ‘ਚ ਵੱਖ-ਵੱਖ ਥਾਈਂ ਵਾਪਰੇ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਨੇ ਕੀਰਤਨ ਕੀਤਾ ਤੇ ਭਾਈ ਬਲਜੀਤ ਸਿੰਘ ਨੇ 1984 ਦੇ ਸ਼ਹੀਦਾਂ ਨਮਿਤ ਅਰਦਾਸ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਵੰਬਰ 1984 ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਸ਼ਹਿ ‘ਤੇ ਸਿੱਖਾਂ ਦੇ ਕੀਤੇ ਕਤਲੇਆਮ ਦੇ ਪੀੜਤਾਂ ਨੂੰ ਅੱਜ 38 ਸਾਲ ਬੀਤਣ ਮਗਰੋਂ ਵੀ ਇਨਸਾਫ਼ ਨਹੀਂ ਮਿਲਿਆ ਹੈ।