ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੱਤਿਆ ਪਿੱਛੋਂ ਵਿਰੋਧੀਆਂ ਨੇ ਸਰਕਾਰ ਘੇਰੀ

ਅੰਮ੍ਰਿਤਸਰ: ਅੰਮ੍ਰਿਤਸਰ ਵਿਚ ਸ਼ਿਵ ਸੈਨਾ ਦੇ ਹਿੰਦੂ ਆਗੂ ਸੁਧੀਰ ਸੂਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੂਰੀ ‘ਤੇ ਜਦੋਂ ਹਮਲਾ ਹੋਇਆ ਤਾਂ ਉਹ ਆਪਣੇ ਸਮਰਥਕਾਂ ਦੇ ਨਾਲ ਇਥੇ ਮਜੀਠਾ ਰੋਡ ਵਿਖੇ ਗੋਪਾਲ ਮੰਦਰ ਦੇ ਨੇੜੇ ਰੋਸ ਪ੍ਰਦਰਸ਼ਨ ਕਰ ਰਿਹਾ ਸੀ। ਪੁਲਿਸ ਨੇ ਇਸ ਮਾਮਲੇ ਵਿਚ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਦੀ ਸ਼ਨਾਖ਼ਤ ਸੰਦੀਪ ਸਿੰਘ ਵਜੋਂ ਹੋਈ ਹੈ।

ਉਹ ਇਸੇ ਇਲਾਕੇ ਵਿਚ ਕੱਪੜੇ ਦੀ ਦੁਕਾਨ ਚਲਾਉਂਦਾ ਹੈ। ਚਸ਼ਮਦੀਦਾਂ ਮੁਤਾਬਕ ਇਹ ਘਟਨਾ ਪੁਲਿਸ ਦੀ ਹਾਜ਼ਰੀ ਵਿੱਚ ਵਾਪਰੀ ਹੈ ਅਤੇ ਸੂਰੀ ਤੇ ਉਸ ਦੇ ਸਮਰਥਕ ਉਸ ਵੇਲੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੇ ਸਨ। ਇਸੇ ਦੌਰਾਨ ਹਮਲਾਵਰ ਆਇਆ ਅਤੇ ਉਸ ਨੇ ਸੁਧੀਰ ਸੂਰੀ ‘ਤੇ ਗੋਲੀਆਂ ਚਲਾ ਦਿੱਤੀਆਂ। ਸ਼ਿਵ ਸੈਨਾ ਆਗੂ ਜ਼ਖ਼ਮੀ ਹੋ ਕੇ ਹੇਠਾਂ ਡਿੱਗ ਪਿਆ। ਉਸ ਨੂੰ ਤੁਰਤ ਨੇੜਲੇ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਉਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੰਮ੍ਰਿਤਸਰ ਵਿਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਦਿਨ-ਦਿਹਾੜੇ ਹੋਈ ਹੱਤਿਆ ਦੀ ਨਿਖੇਧੀ ਕੀਤੀ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਵਿਗੜ ਚੁੱਕੀ ਹੈ ਅਤੇ ਅਪਰਾਧੀ ਆਸਾਨੀ ਨਾਲ ਕਤਲ ਕਰ ਰਹੇ ਹਨ। ਇਹ ਘਟਨਾ ਜ਼ਾਹਿਰ ਕਰਦੀ ਹੈ ਕਿ ਸਰਕਾਰ ਸੂਬੇ ਵਿਚ ਅਮਨ-ਕਾਨੂੰਨ ਬਣਾਈ ਰੱਖਣ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਇਸ ਲਈ ਹੋਇਆ ਹੈ ਕਿਉਂਕਿ ਸਮੁੱਚੀ ਸਰਕਾਰ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿਚ ਰੁੱਝੀ ਹੋਈ ਹੈ। ਵੜਿੰਗ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਸੂਬੇ ਤੋਂ ਬਾਹਰ ਰਹਿ ਕੇ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਚ ਚੋਣ ਪ੍ਰਚਾਰ ਕਰ ਸਕਦੇ ਹਨ, ਪਰ ਪੰਜਾਬ ‘ਚ ਅਜਿਹਾ ਨਹੀਂ ਹੋ ਸਕਦਾ ਕਿਉਂਕਿ ਪੰਜਾਬ ਵਿਚ ਸ਼ਾਸਨ ਚਲਾਉਣਾ ਆਸਾਨ ਨਹੀਂ ਹੈ। ਪੰਜਾਬ ਨੂੰ ਪੂਰੇ ਸਮੇਂ ਦੇ ਸ਼ਾਸਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੂਰੀ ਦੀ ਸੁਰੱਖਿਆ ਪ੍ਰਤੀ ਸਾਵਧਾਨ ਰਹਿਣ ਦੀ ਲੋੜ ਸੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਹਾਲਾਤ ਮੁੜ ਕਾਲੇ ਦੌਰ ਵਿਚ ਵੱਲ ਨਹੀਂ ਜਾਣ ਦਿੱਤੇ ਜਾ ਸਕਦੇ। ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਦਿਨ ਦਿਹਾੜੇ ਸ਼ਿਵ ਸੈਨਾ ਆਗੂ ਦੇ ਹੋਏ ਕਤਲ ਨਾਲ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਵਿਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ‘ਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਸ਼ਾਂਤੀ ਤੇ ਫਿਰਕੂ ਸਦਭਾਵਨਾ ਦਾ ਮੁਦਈ ਰਿਹਾ ਹੈ ਤੇ 1997 ਤੋਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਲਈ ਇਹ ਮੁੱਦਾ ਉੱਚ ਤਰਜੀਹ ਰਿਹਾ ਹੈ। ਉਨ੍ਹਾਂ ਅੰਮ੍ਰਿਤਸਰ ਵਿਚ ਵਾਪਰੀ ਘਟਨਾ ਫਿਰ ਚੇਤੇ ਕਰਵਾਉਂਦੀ ਹੈ ਕਿ ਪੰਜਾਬ ਵਿਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ। ਪੰਜਾਬ ਵਿਚ ਸਰਕਾਰ ਚਲਾਉਣ, ਸ਼ਾਂਤੀ ਬਣਾਈ ਰੱਖਣ, ਅਮਨ-ਕਾਨੂੰਨ ਵਿਵਸਥਾ ਕਾਇਮ ਰੱਖਣ ਤੇ ਆਮ ਲੋਕਾਂ ਦੇ ਜਾਨ ਮਾਲ ਦੀ ਰਾਖੀ ਕਰਨ ਦੀ ਇੱਛਾ ਉੱਕਾ ਹੀ ਖਤਮ ਹੋ ਗਈ ਹੈ।
ਕੈਪਟਨ ਨੇ ਕਾਲੇ ਦੌਰ ਦੀ ਵਾਪਸੀ ਦਾ ਖਦਸ਼ਾ ਪ੍ਰਗਟਾਇਆ
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਸੂਬੇ ਵਿਚ ਜਿਸ ਤਰ੍ਹਾਂ ਦੇ ਹਾਲਾਤ ਹਨ, ਉਹ ਕਾਲੇ ਦੌਰ ਦੀ ਵਾਪਸੀ ਦੀ ਨਿਸ਼ਾਨੀ ਹੈ। ਉਨ੍ਹਾਂ ਸੂਬੇ ਦੀ ‘ਆਪ` ਸਰਕਾਰ `ਤੇ ਅਸਫਲ ਰਹਿਣ ਦੇ ਦੋਸ਼ ਵੀ ਲਾਏ। ਉਨ੍ਹਾਂ ਕਿਹਾ ਕਿ ਉਹ ਇਸ ਲਈ ਜ਼ਿਆਦਾ ਚਿੰਤਤ ਹਨ ਕਿਉਂਕਿ ‘ਆਪ` ਸਰਕਾਰ ਨੇ ਅਜਿਹੀ ਚਿੰਤਾਜਨਕ ਸਥਿਤੀ ਨੂੰ ਸੰਭਾਲਣ ਲਈ ਕੋਈ ਸਮਰੱਥਾ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਕਮਜੋਰੀ ਤੇ ਕਮੀਆਂ ਸਾਹਮਣੇ ਆਉਣ `ਤੇ ਦੇਸ ਵਿਰੋਧੀ ਸ਼ਕਤੀਆਂ ਸਰਗਰਮ ਹੋ ਜਾਂਦੀਆਂ ਹਨ ਅਤੇ ਹੁਣ ਪੰਜਾਬ ਵਿਚ ਇਹੀ ਹੋ ਰਿਹਾ ਹੈ।