ਹਰਿਮੰਦਰ ਸਾਹਿਬ ਬਾਰੇ ਟਿੱਪਣੀ ਵਾਲਾ ਸ਼ਿਵ ਸੈਨਾ ਆਗੂ ਗ੍ਰਿਫਤਾਰ

ਗੁਰਦਾਸਪੁਰ: ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੂੰ ਸਥਾਨਕ ਪੁਲਿਸ ਨੇ ਉਸ ਦੇ ਗੁਰਦਾਸਪੁਰ ਸਥਿਤ ਘਰ ਤੋਂ ਗ੍ਰਿਫਤਾਰ ਕਰ ਲਿਆ ਹੈ। ਸੋਨੀ ਖਿਲਾਫ ਸ੍ਰੀ ਹਰਿਮੰਦਰ ਸਾਹਿਬ ਤੇ ਸਿੱਖ ਜਥੇਬੰਦੀਆਂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਅਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ।

ਇਸ ਮਗਰੋਂ ਸਿੱਖ ਸੰਗਠਨਾਂ ਨੇ ਐਸ.ਐਸ.ਪੀ. ਦਫਤਰ ਦਾ ਘਿਰਾਓ ਕਰ ਕੇ ਸੋਨੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ। ਕੇਸ ਦਰਜ ਹੋਣ ਮਗਰੋਂ ਹੁਣ ਤੱਕ ਹਰਵਿੰਦਰ ਸੋਨੀ ਘਰ ਵਿਚ ਹੀ ਨਜ਼ਰਬੰਦ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫਤਾਰੀ ਦੀ ਮੰਗ ਬਾਰੇ ਕੁਝ ਸਿੱਖ ਜਥੇਬੰਦੀਆਂ ਨੇ ਪੁਲਿਸ ਤੇ ਪ੍ਰਸ਼ਾਸਨ ਨੂੰ ਪੱਤਰ ਦੇ ਕੇ ਮੰਗ ਕੀਤੀ ਸੀ ਕਿ ਸੋਨੀ ਨੂੰ ਤੁਰਤ ਗ੍ਰਿਫਤਾਰ ਕੀਤਾ ਜਾਵੇ, ਜਿਸ ਮਗਰੋਂ ਸੋਨੀ ਨੂੰ ਉਸ ਦੇ ਘਰ ਤੋਂ ਗ੍ਰਿਫਤਾਰ ਕਰ ਕੇ ਅਦਾਲਤ ‘ਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਜੇਲ੍ਹ ਭੇਜ ਦਿੱਤਾ ਗਿਆ ਹੈ। ਇਹ ਕਾਰਵਾਈ ਇਸ ਮਾਮਲੇ ਸਬੰਧੀ ਬਣਾਈ ਗਈ ਜਾਂਚ ਟੀਮ ਦੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਹੈ।