ਕਰਮ ਬਰਸਟ
ਫੋਨ: +91-94170-73831
ਬਰਤਾਨਵੀ ਬਸਤੀਵਾਦੀਆਂ ਨੂੰ ਭਾਰਤ ਵਿਚੋਂ ਕੱਢਣ ਲਈ ਭਾਰਤ ਵਿਚ ਵਸਦੀਆਂ ਅਨੇਕਾਂ ਕੌਮੀਅਤਾਂ ਦੀ ਜਨਤਾ ਨੇ ਸਾਂਝੇ ਸੰਘਰਸ਼ ਲੜੇ। ਸਿੱਟੇ ਵਜੋਂ ਵੱਖ-ਵੱਖ ਕੌਮੀਅਤਾਂ ਵਿਚਕਾਰ ਆਪਸੀ ਸਾਂਝ ਪੈਦਾ ਹੋਈ ਅਤੇ ਲੰਮੇ ਦੌਰ ਦੇ ਸਾਂਝੇ ਘੋਲਾਂ ਵਿਚੋਂ ਉਨ੍ਹਾਂ ਅੰਦਰ ਇਕ ਦੇਸ਼ (ਭਾਰਤ) ਅੰਦਰ ਰਲ ਕੇ ਰਹਿਣ ਦੀ ਭਾਵਨਾ ਵੀ ਜਾਗੀ। ਸਾਮਰਾਜ ਵਿਰੋਧੀ ਕੌਮੀ ਮੁਕਤੀ ਲਹਿਰ ਵਿਚ ਭਾਰਤੀ ਕੌਮ ਦੇ ਰੂਪ ਦੀ ਸਿਰਜਣਾ ਬਹੁਤ ਮੱਧਮ ਰਫ਼ਤਾਰ ਨਾਲ ਸ਼ੁਰੂ ਤਾਂ ਹੋਈ ਪਰ ਬਸਤੀਵਾਦੀਆਂ ਦੀਆਂ ਪਾੜੂ ਨੀਤੀਆਂ ਅਤੇ ਕਾਂਗਰਸੀ ਤੇ ਮੁਸਲਿਮ ਲੀਗੀ ਆਗੂਆਂ ਦੀਆਂ ਤੰਗ ਤੇ ਨਿੱਜੀ ਸੋਚਾਂ/ਇੱਛਾਵਾਂ ਨੇ ‘ਭਾਰਤੀਅਤਾ` ਦੇ ਉੱਭਰਦੇ ਬਿੰਬ ਨੂੰ ਲੀਰੋ-ਲੀਰ ਕਰ ਦਿੱਤਾ। ਧਰਮ ਦੇ ਆਧਾਰ `ਤੇ ‘ਦੋ ਕੌਮਾਂ` ਦੀ ਗ਼ੈਰ-ਵਿਗਿਆਨਕ ਧਾਰਨਾ ਨੂੰ ਮਾਨਤਾ ਦੇ ਕੇ ਭਾਰਤੀ ਜਨਤਾ ਵਿਚ ਵੰਡੀਆਂ ਪਾ ਦਿੱਤੀਆਂ ਗਈਆਂ।
ਧਰਮ ਦੇ ਆਧਾਰ `ਤੇ ਕੌਮਾਂ ਦੀ ਵੰਡ ਦੇ ਪੈਂਤੜੇ ਤੋਂ ਸਿੱਖਾਂ ਨੂੰ ਵੀ ਵੱਖਰੇ ਰਾਜ ਦੀ ਪੇਸ਼ਕਸ਼ ਹੋਈ ਦੱਸੀ ਜਾਂਦੀ ਹੈ ਪਰ ਦੂਰ ਦੂਰ ਸਥਿਤ ਦੋ ਤਹਿਸੀਲਾਂ ਨੂੰ ਛੱਡ ਕੇ ਕਿਸੇ ਇਲਾਕੇ ਵਿਚ ਵੀ ਸਿੱਖ ਭਾਰੂ ਗਿਣਤੀ ਵਿਚ ਨਹੀਂ ਸਨ। ਸਮੇਂ ਦੀ ਸਿੱਖ ਲੀਡਰਸ਼ਿਪ ਵੀ ਇਸ ਦੇ ਹੱਕ ਵਿਚ ਨਹੀਂ ਸੀ ਲੇਕਿਨ ਇਹ ਸੱਚ ਹੈ ਕਿ ਉਦੋਂ ਦੇ ਸਿੱਖ ਆਗੂਆਂ ਨੇ ਭਾਰਤ ਦੀ ਵੰਡ ਨੂੰ ਰੋਕਣ ਅਤੇ ਦਬਾਓ ਪਾਉਣ ਦੇ ਪੈਂਤੜੇ ਤੋਂ ਕਦੇ ਵੱਖਰੇ ਸਿੱਖ ਰਾਜ ਦੀ ਅਤੇ ਕਦੇ ਪਾਕਿਸਤਾਨ ਨਾਲ ਜਾਣ ਦੀ ਪੈਂਤੜੇਬਾਜ਼ੀ ਵਾਲੀਆਂ ਖੇਡਾਂ ਜ਼ਰੂਰ ਖੇਡੀਆਂ ਸਨ।
ਅੰਤ ਵਿਚ ਕਾਂਗਰਸੀ ਆਗੂਆਂ ਵੱਲੋਂ ਸਿੱਖਾਂ ਨੂੰ ਭਾਰਤ ਵਿਚ ਸਨਮਾਨਯੋਗ ਥਾਂ ਦੇਣ ਦੇ ਵਾਅਦੇ ਨਾਲ ਅਤੇ ਉਸ ਵੇਲੇ ਦੀ ਸਿੱਖ ਲੀਡਰਸ਼ਿਪ ਦੀ ਦੂਰਅੰਦੇਸ਼ੀ ਸਦਕਾ, ਸਿੱਖਾਂ ਨੇ ਵੱਖਰੇ ਰਾਜ ਦੀ ਬਜਾਇ ਭਾਰਤ ਵਿਚ ਹੀ ਰਹਿਣ ਨੂੰ ਤਰਜੀਹ ਦਿੱਤੀ। ਸਿੱਖ ਲੀਡਰਸ਼ਿਪ ਦਾ ਇਹ ਚੰਗਾ ਫੈਸਲਾ ਸੀ ਪਰ ਧਰਮ ਨੂੰ ਕੌਮ ਦੇ ਆਧਾਰ ਵਜੋਂ ਇਕ ਵਾਰ ਮਾਨਤਾ ਦੇ ਦੇਣ ਨਾਲ, ਅਜਿਹੀ ਪਿਛਾਖੜੀ ਵਿਚਾਰਧਾਰਾ ਦੇ ਬੀਅ ਬੀਜ ਦਿੱਤੇ ਗਏ ਸਨ ਜੋ ਅੱਜ ਤੱਕ ਵੀ ਵਾਰ ਵਾਰ ਉੱਗਦੇ, ਵਧਦੇ, ਫੈਲਦੇ, ਉੱਭਰਦੇ ਅਤੇ ਜਵਾਨ ਹੁੰਦੇ ਆ ਰਹੇ ਹਨ।
ਆਖਰ ਇਹ ‘ਕੌਮ` ਕਿਸ ਸ਼ੈਅ ਦਾ ਨਾਮ ਹੈ। ਇਹ ਸੰਕਲਪ ਕਿਵੇਂ ਉੱਭਰਿਆ ਅਤੇ ਕੌਮ ਕਿਵੇਂ ਹੋਂਦ ਵਿਚ ਆਉਂਦੀ ਹੈ? ਕੌਮ ਬੁਰਜੂਆ-ਸਰਮਾਏਦਾਰੀ ਸੰਕਲਪ ਹੈ ਜੋ ਜਗੀਰੂ ਸਮਾਜ ਦੇ ਵਿਨਾਸ਼ ਅਤੇ ਸਨਅਤੀ ਸਰਮਾਏਦਾਰੀ ਸਮਾਜ ਦੇ ਵਿਕਾਸ ਵਿਚੋਂ ਪੈਦਾ ਹੋਇਆ ਹੈ। ਸਰਮਾਏਦਾਰੀ ਦੇ ਵਿਕਾਸ ਲਈ ਜਗੀਰਦਾਰੀ ਦਾ ਟੁੱਟਣਾ/ਹਾਰਨਾ ਲਾਜ਼ਮੀ ਸ਼ਰਤ ਹੈ, ਇਸ ਲਈ ਕੌਮੀ ਲਹਿਰ ਦਾ ਮੁੱਖ ਧੁਰਾ ਜਗੀਰਦਾਰੀ ਵਿਰੋਧੀ ਸੀ। ਬੁਰਜੂਆਜ਼ੀ ਦੀ ਅਗਵਾਈ ਹੇਠਾਂ ਚੱਲੀਆਂ ਲਹਿਰਾਂ ਦੀਆਂ ਜਿੱਤਾਂ ਕਾਰਨ ਯੂਰਪ ਵਿਚ ਕੌਮੀ ਰਿਆਸਤਾਂ ਹੋਂਦ ਵਿਚ ਆਈਆਂ। ਇਸ ਦੌਰ ਤੱਕ ਬੁਰਜੂਆਜ਼ੀ ਅਗਾਂਹਵਧੂ ਸਮਾਜਿਕ ਸ਼ਕਤੀ ਸੀ।
ਫਿਰ ਅਜਿਹਾ ਦੌਰ ਆਇਆ ਜਦੋਂ ਪੂੰਜੀਵਾਦ ਆਰਥਿਕ ਖੁੱਲ੍ਹੇ ਮੁਕਾਬਲੇ ਵਿਚੋਂ ਨਿਕਲ ਕੇ ਇਜਾਰੇਦਾਰਾ ਪੂੰਜੀਵਾਦ, ਯਾਨੀ ਸਾਮਰਾਜ ਵਿਚ ਤਬਦੀਲ ਹੋ ਗਿਆ। ਇਸ ਤਰ੍ਹਾਂ ਇਹ ਪੂੰਜੀਵਾਦ ਜੋ ਅਗਾਂਹਵਧੂ ਰਿਹਾ ਸੀ, ਹੁਣ ਦੂਜੇ ਦੇਸ਼ਾਂ/ਕੌਮਾਂ ਨੂੰ ਲੁੱਟਣ, ਗ਼ੁਲਾਮ ਬਣਾਉਣ ਵੱਲ ਹੋ ਤੁਰਿਆ। ਸਿੱਟੇ ਵਜੋਂ ਅਨੇਕਾਂ ਬਸਤੀਆਂ ਹੋਂਦ ਵਿਚ ਆਈਆਂ। ਇਨ੍ਹਾਂ ਬਸਤੀਆਂ ਵਿਚ ਕਿਹੋ ਜਿਹੇ ਪੂੰਜੀਵਾਦ ਦੀ ਉਸਾਰੀ ਹੋਈ ਅਤੇ ਕੌਮੀ ਮੁਕਤੀ ਲਹਿਰਾਂ ਨੇ ਕਿਹੋ ਜਿਹੀ ਸ਼ਕਲ ਅਖਤਿਆਰ ਕੀਤੀ, ਇਸ ਨੂੰ ਭਾਰਤੀ ਪ੍ਰਸੰਗ ਵਿਚ ਸੌਖਿਆਂ ਹੀ ਸਮਝਿਆ ਜਾ ਸਕਦਾ ਹੈ।
ਕੌਮ ਦੀ ਪਰਿਭਾਸ਼ਾ ਬਹੁਤ ਸਾਰੇ ਵਿਦਵਾਨਾਂ ਨੇ ਵੱਖੋ-ਵੱਖ ਢੰਗ ਨਾਲ ਕੀਤੀ ਹੈ। ਇਸ ਦੀ ਸਭ ਤੋਂ ਸਟੀਕ ਪਰਿਭਾਸ਼ਾ ਜੋਸਫ ਸਟਾਲਿਨ ਦੀ ਮੰਨੀ ਜਾਂਦੀ ਹੈ। ਉਸ ਅਨੁਸਾਰ, “ਕੌਮ ਕਿਸੇ ਨਿਸ਼ਚਤ ਇਲਾਕੇ ਵਿਚ ਇਤਿਹਾਸਕ ਤੌਰ `ਤੇ ਹੋਂਦ ਵਿਚ ਆਇਆ, ਇਕ ਜ਼ਬਾਨ ਬੋਲਣ ਵਾਲਾ ਨਸਲੀ ਸਮੂਹ ਹੈ ਜਿਸ ਦਾ ਆਪਣਾ ਆਰਥਿਕ ਪ੍ਰਬੰਧ ਅਤੇ ਉਸ ਉੱਪਰ ਉਸਰਿਆ ਸਭਿਆਚਾਰ ਹੁੰਦਾ ਹੈ।”
ਇਸ ਪਰਿਭਾਸ਼ਾ ਵਿਚੋਂ ਪੰਜ ਤੱਤ ਉੱਭਰਦੇ ਹਨ- ਲੋਕਾਂ ਦਾ ਨਸਲੀ ਸਮੂਹ, ਸਾਂਝੀ ਜ਼ਬਾਨ, ਇਲਾਕਾ, ਸਭਿਆਚਾਰ ਅਤੇ ਅਰਥਚਾਰਾ। ਕੌਮ ਦੀ ਇਸ ਘਾੜਤ ਵਿਚ ਧਰਮ ਦਾ ਕਿਤੇ ਵੀ ਜ਼ਿਕਰ ਨਹੀਂ ਕਿਉਂਕਿ ਇਹ ਦੋਵੇਂ ਸੰਕਲਪ ਵੱਖਰੇ ਵੱਖਰੇ ਹਨ ਅਤੇ ਉਨ੍ਹਾਂ ਨੂੰ ਇਨ੍ਹਾਂ ਵਿਚਲੇ ਅੰਤਰਾਂ ਰਾਹੀਂ ਹੀ ਸਮਝਿਆ ਜਾ ਸਕਦਾ ਹੈ। ਕੌਮ ਦੀ ਘਾੜਤ ਵਿਚ ਧਰਮ ਦੀ ਭੂਮਿਕਾ ਨਹੀਂ ਮੰਨੀ ਗਈ। ਕਾਰਨ ਸ਼ਾਇਦ ਇਹ ਹੈ ਕਿ ਕਿਸੇ ਕੌਮੀ ਸਮਾਜ ਵਿਚ ਧਰਮ ਕਿਸੇ ਵੇਲੇ ਵੀ ਪੈਦਾ ਹੋ ਸਕਦਾ ਹੈ ਜਾਂ ਕਿਸੇ ਹਾਲਤ ਵਿਚ ਲੁਪਤ ਹੋ ਸਕਦਾ ਹੈ। ਮਿਸਾਲ ਵਜੋਂ ਪੰਦਰਵੀਂ ਸਦੀ ਤਕ ਸਿੱਖ ਧਰਮ (ਲਹਿਰ) ਦੀ ਕੋਈ ਹੋਂਦ ਨਹੀਂ ਸੀ ਪਰ ਜਿਸ ਪੰਜਾਬੀ ਸਮਾਜ (ਕੌਮ) ਵਿਚ ਇਹ ਪਨਪਿਆ, ਇਹ ਪਹਿਲਾਂ ਤੋਂ ਹੀ ਮੌਜੂਦ ਸੀ।
ਇਸੇ ਤਰ੍ਹਾਂ ਭਾਰਤ ਵਿਚ ਇਸਾਈ ਧਰਮ ਦੀ ਆਮਦ ਵੀ ਮੋਟੇ ਤੌਰ `ਤੇ ਯੂਰਪੀ ਬਸਤੀਵਾਦੀਆਂ ਦੇ ਆਉਣ ਨਾਲ ਹੋਈ ਜਦੋਂ ਕਿ ਇਸ ਨੂੰ ਅਪਣਾਉਣ ਵਾਲੇ ਵੱਖ ਵੱਖ ਕੌਮੀਅਤਾਂ ਦੇ ਲੋਕ ਸਦੀਆਂ ਤੋਂ ਭਾਰਤ ਵਿਚ ਵਸਦੇ ਆ ਰਹੇ ਸਨ। ਇਸੇ ਤਰ੍ਹਾਂ ਕਿਸੇ ਵੇਲੇ ਦੇਸ਼ ਦੇ ਪ੍ਰਮੁੱਖ ਧਰਮ ਵਜੋਂ ਹੋਂਦ ਵਿਚ ਆਇਆ ਬੁੱਧ ਧਰਮ ਸਮਾਂ ਪੈ ਕੇ, ਭਾਰਤ ਦੇ ਵੱਡੇ ਭਾਗਾਂ ਵਿਚੋਂ ਲਗਭਗ ਲੋਪ ਹੋ ਗਿਆ।
ਭਾਰਤ ਵਿਚ ਦੋ ਦਰਜਨ ਦੇ ਕਰੀਬ ਕੌਮੀਅਤਾਂ ਹਨ ਜਿਨ੍ਹਾਂ ਦੀ ਭਾਰੀ ਗਿਣਤੀ ਹਿੰਦੂ ਧਰਮ ਨੂੰ ਮੰਨਦੀ ਹੈ ਪਰ ਇਕ ਹੀ ਧਰਮ ਨੂੰ ਮੰਨਣ ਦੇ ਬਾਵਜੂਦ ਉਨ੍ਹਾਂ ਦੀ ਵਸੋਂ/ਜਨਤਾ ‘ਹਿੰਦੂ ਕੌਮ` ਨਹੀਂ ਬਣ ਜਾਂਦੀ। ਸਾਂਝੇ ਧਰਮ ਦੇ ਹੁੰਦਿਆਂ ਵੀ ਉਹ ਬੰਗਾਲੀ, ਮਲਿਆਲੀ, ਤਾਮਿਲ, ਤੈਲਗੂ, ਪੰਜਾਬੀ ਆਦਿ ਕੌਮੀਅਤਾਂ ਦੇ ਅੰਗ ਹਨ। ਇਕ ਕੌਮੀਅਤ ਦੇ ਲੋਕਾਂ ਨੂੰ ਜੋੜਨ ਲਈ ਧਰਮ ਕੋਈ ਭੂਮਿਕਾ ਨਹੀਂ ਨਿਭਾਉਂਦਾ।
ਜੇ ਅਜਿਹਾ ਹੁੰਦਾ ਤਾਂ ਇਸਾਈ ਧਰਮ ਨੂੰ ਮੰਨਣ ਵਾਲੇ ਅਨੇਕਾਂ ਹੀ ਅਲੱਗ ਅਲੱਗ ਦੇਸ਼ ਨਾ ਹੁੰਦੇ। ਉਹਨਾਂ ਵਿਚ ਵਸਣ ਵਾਲੇ ਲੋਕ ਆਪਣੇ ਆਪ ਨੂੰ ਬਰਤਾਨਵੀ, ਫਰਾਂਸੀਸੀ, ਸਪੇਨੀ, ਪੁਰਤਗਾਲੀ, ਰੂਸੀ, ਜਰਮਨ, ਅਮਰੀਕਨ ਆਦਿ ਕਹਿਣ ਦੀ ਬਜਾਇ ‘ਇਸਾਈ ਕੌਮ` ਕਹਾਉਂਦੇ ਪਰ ਅਜਿਹਾ ਨਹੀਂ ਹੁੰਦਾ। ਦੋ ਕੌਮਾਂ ਦੇ ਸਿਧਾਂਤ ਦੇ ਆਧਾਰ `ਤੇ ਵੱਖ ਹੋਏ ਪਾਕਿਸਤਾਨ ਵਿਚ ਵੀ ‘ਮੁਸਲਮਾਨ ਕੌਮ` ਨਾਂ ਦੀ ਕੋਈ ਚੀਜ਼ ਨਹੀਂ ਮਿਲਦੀ; ਜੇ ਅਜਿਹਾ ਹੁੰਦਾ ਤਾਂ ਬੰਗਾਲੀ ਕੌਮ ਦੇ ਮੁਸਲਮਾਨਾਂ ਨੂੰ ਬੰਗਲਾਦੇਸ਼ ਬਣਾਉਣ ਦੀ ਕੋਈ ਲੋੜ ਹੀ ਨਹੀਂ ਸੀ। ਮੌਜੂਦਾ ਪਾਕਿਸਤਾਨ ਅੰਦਰ ਹੀ ਇਸ ਵੇਲੇ ਮੁੱਖ ਚਾਰ ਕੌਮਾਂ ਹਨ- ਪੰਜਾਬੀ, ਸਿੰਧੀ, ਬਲੋਚੀ ਅਤੇ ਪਠਾਣ ਜਿਨ੍ਹਾਂ ਦੀਆਂ ਕੌਮੀ ਮੰਗਾਂ/ਮਸਲਿਆਂ ਦੇ ਆਧਾਰ ਉੱਪਰ ਆਪੋ ਵਿਚ ਤਿੱਖੀਆਂ ਵਿਰੋਧਤਾਈਆਂ ਹਨ।
ਸਿੱਖ ਗੁਰੂ ਜਿੱਥੇ ਵੀ ਗਏ, ਉੱਥੇ ਸਿੱਖੀ ਦਾ ਫੈਲਾਓ ਹੋਇਆ, ਭਾਵੇਂ ਪੰਜਾਬ ਦੇ ਮੁਕਾਬਲੇ ਭਾਰਤ ਦੇ ਬਾਕੀ ਸੂਬਿਆਂ ਵਿਚ ਇਹ ਬਹੁਤ ਹੀ ਘੱਟ ਹੈ। ਸਿੱਖ ਧਰਮ ਨੂੰ ਮੰਨਣ ਵਾਲੇ ਲੋਕਾਂ ਵਿਚ ਪੰਜਾਬੀ, ਮਰਾਠੇ, ਬਿਹਾਰੀ, ਬੰਗਾਲੀ, ਅਸਾਮੀ ਆਦਿ ਮਿਲਦੇ ਹਨ। ਸਾਂਝੇ ਧਰਮ ਨੂੰ ਮੰਨਣ ਦੇ ਬਾਵਜੂਦ ਉਹ ਵੱਖ ਵੱਖ ਕੌਮੀਅਤਾਂ ਦੇ ਭਾਗ ਹਨ।
ਪੰਜਾਬ ਵਿਚ ਵਸਦੇ ਸਿੱਖ ਵੀ ਪੰਜਾਬੀ ਕੌਮੀਅਤ ਦਾ ਉਵੇਂ ਹੀ ਅੰਗ ਹਨ ਜਿਵੇਂ ਹਿੰਦੂ ਪੰਜਾਬੀ ਜਾਂ ਮੁਸਲਮਾਨ ਪੰਜਾਬੀ। ਇਨ੍ਹਾਂ ਸਭਨਾਂ ਦਾ ਜ਼ਬਾਨ, ਸਾਹਿਤ, ਸਭਿਆਚਾਰ, ਇਲਾਕਾ, ਨਸਲ, ਇਤਿਹਾਸ ਅਤੇ ਆਰਥਿਕਤਾ ਸਾਂਝੀ ਹੈ। ਇਨ੍ਹਾਂ ਦੇ ਗੀਤ, ਗਿੱਧੇ, ਭੰਗੜੇ, ਮੌਤ `ਤੇ ਪੈਣ ਵਾਲੇ ਵੈਣ, ਸਮਾਜਿਕ ਵਰਤੋਂ ਵਿਹਾਰ, ਰਸਮੋ-ਰਿਵਾਜ਼, ਮੇਲੇ ਤਿਓਹਾਰ ਆਦਿ ਸਭ ਸਾਂਝੇ ਹਨ। ਪੰਜਾਬ ਵਿਚ ਰਹਿਣ ਵਾਲੇ ਹਿੰਦੂ ਹੋ ਸਕਦੇ ਹਨ, ਸਿੱਖ ਹੋ ਸਕਦੇ ਹਨ, ਮੁਸਲਮਾਨ ਹੋ ਸਕਦੇ ਹਨ ਪਰ ‘ਹਿੰਦੂ ਕੌਮ`, ‘ਸਿੱਖ ਕੌਮ` ਤੇ ‘ਮੁਸਲਮਾਨ ਕੌਮ` ਨਹੀਂ ਹੋ ਸਕਦੇ। ਉਹ ਪੰਜਾਬੀ ਹਨ ਅਤੇ ਪੰਜਾਬੀ ਕੌਮੀਅਤ ਦਾ ਹੀ ਅੰਗ ਰਹਿਣਗੇ।
ਪੰਜਾਬੀ ਕੌਮੀਅਤ ਅੰਦਰ ਦੋ ਮਸਲੇ ਹਨ; ਇਕ ਪੰਜਾਬੀ ਕੌਮੀਅਤ ਦੇ ਅਗਲੇਰੇ ਵਿਕਾਸ ਦਾ, ਇਹਦੇ ਵਿਰੁੱਧ ਕੀਤੇ ਜਾਂਦੇ ਵਿਤਕਰਿਆਂ ਦਾ; ਦੂਜਾ ਸਿੱਖ ਧਾਰਮਿਕ ਘੱਟ ਗਿਣਤੀ ਦੇ ਮੰਗਾਂ ਮਸਲਿਆਂ ਦਾ। ਇਨ੍ਹਾਂ ਲਈ ਦੋ ਵੱਖ ਵੱਖ ਹੱਲਾਂ ਦੀ ਲੋੜ ਹੈ। ਪੰਜਾਬੀ ਕੌਮੀਅਤ ਵੱਲੋਂ ਭਾਰਤ ਨਾਲੋਂ ਵੱਖਰੇ ਹੋਣ ਦੀ ਮੰਗ ਪੰਜਾਬੀਆਂ ਦੀ ਨਹੀਂ ਤੇ ਨਾ ਹੀ ਪੰਜਾਬੀ ਕੌਮੀਅਤ ਦੇ ਭਾਰੂ ਹਿੱਸੇ ਸਿੱਖਾਂ ਦੀ। ਪੰਜਾਬੀ ਕੌਮੀਅਤ ਦੀ ਅਸਲ ਮੰਗ ਸੱਚੀਮੁੱਚੀ ਦੇ ਫੈੱਡਰਲ ਭਾਰਤ ਦੀ ਹੈ। ਇਹ ਮੰਗ ਹੱਕੀ ਵੀ ਹੈ, ਜਮਹੂਰੀ ਵੀ। ਪੰਜਾਬੀ ਸਭ ਤੋਂ ਵੱਧ ਵਿਕਸਤ ਕੌਮੀਅਤ ਹਨ ਤੇ ਇਨ੍ਹਾਂ ਦੀ ਪ੍ਰਤੀ ਜੀਅ ਆਮਦਨ ਵੀ ਹੋਰਨਾਂ ਨਾਲੋਂ ਜ਼ਿਆਦਾ ਹੈ। ਪੰਜਾਬੀਆਂ ਦੀ ਕੇਂਦਰੀ ਰਿਆਸਤ ਦੇ ਸਿਆਸੀ ਆਰਥਿਕ ਕਲ-ਪੁਰਜ਼ਿਆਂ `ਤੇ ਵੀ ਬਰਾਬਰ ਦੀ ਪੁੱਗਤ ਹੈ। ਫਿਰ ਵੀ ਪੰਜਾਬ ਦਾ ਆਰਥਿਕ ਵਿਕਾਸ ਨਹੀਂ ਕੀਤਾ ਗਿਆ। ਖੇਤੀ ਪੈਦਾਵਾਰ ਖੜੋਤ ਦਾ ਸ਼ਿਕਾਰ ਹੈ। ਵੱਡੀਆਂ ਅਤੇ ਦਰਮਿਆਨੀਆਂ ਸਨਅਤਾਂ ਦੀ ਕਮੀ ਹੈ, ਪੰਜਾਬ ਨੂੰ ਐਗਰੋ ਇੰਡਸਟਰੀ ਚਾਹੀਦੀ ਹੈ। ਪੰਜਾਬ ਨਾਲ ਸਿਆਸੀ ਧੱਕੇਸ਼ਾਹੀਆਂ ਹੋਈਆਂ ਹਨ। ਬਹੁਤ ਸਾਰੇ ਪੰਜਾਬੀ ਬੋਲਦੇ ਇਲਾਕੇ ਬਾਹਰ ਰੱਖ ਦਿੱਤੇ ਗਏ। ਪੰਜਾਬੀ ਭਾਸ਼ਾ ਦੇ ਵਿਕਾਸ ਵੱਲ, ਇਸ ਨੂੰ ਰਾਜ ਭਾਸ਼ਾ ਵਜੋਂ ਹਕੀਕੀ ਰੂਪ ਵਿਚ ਲਾਗੂ ਕਰਨ ਵੱਲ ਧਿਆਨ ਨਹੀਂ ਦਿੱਤਾ ਗਿਆ। ਸਭ ਤੋਂ ਵੱਡੀ ਗੱਲ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਅਜੇ ਤੱਕ ਪੰਜਾਬ ਦੇ ਹਵਾਲੇ ਨਹੀਂ ਕੀਤਾ ਗਿਆ। ਪੰਜਾਬ ਦੇ ਦਰਿਆਈ ਪਾਣੀਆਂ ਦੀ ਨਿਆਈਂ ਵੰਡ ਨਹੀਂ ਕੀਤੀ ਗਈ, ਪਣ-ਬਿਜਲੀ ਤੇ ਹੈੱਡ-ਵਰਕਸਾਂ ਦਾ ਕੰਟਰੋਲ ਨਹੀਂ ਦਿੱਤਾ ਗਿਆ। ਪੰਜਾਬੀ ਭਾਸ਼ਾ ਨੂੰ ਹਰਿਆਣਾ, ਹਿਮਾਚਲ ਅਤੇ ਦਿੱਲੀ ਵਿਚ ਦੂਜੀ ਭਾਸ਼ਾ ਵਜੋਂ ਮਾਨਤਾ ਦੇਣ ਤੋਂ ਇਨਕਾਰ ਕੀਤਾ ਗਿਆ। ਇਨ੍ਹਾਂ ਸਾਰੀਆਂ ਜਮਹੂਰੀ ਮੰਗਾਂ ਦੇ ਪੂਰੇ ਹੋਣ ਨਾਲ ਹੀ ਪੰਜਾਬੀ ਕੌਮੀਅਤ ਨਾਲ ਕੀਤੇ ਵਿਤਕਰਿਆਂ ਨੂੰ ਖ਼ਤਮ ਕੀਤਾ ਜਾ ਸਕਦਾ ਹੈ।
ਭਾਰਤ ਵਿਚ ਕੌਮੀ ਸਵਾਲ ਨੂੰ ਵਿਗਿਆਨਕ ਜਮਹੂਰੀ ਢੰਗ ਨਾਲ ਹੱਲ ਕੀਤੇ ਬਿਨਾ ਕੌਮੀਅਤਾਂ ਦੇ ਗਿਲੇ-ਸ਼ਿਕਵੇ ਦੂਰ ਨਹੀਂ ਕੀਤੇ ਜਾ ਸਕਦੇ, ਨਾ ਹੀ ਉਨ੍ਹਾਂ ਦਾ ਇਕਸਾਰ ਬਰਾਬਰ ਵਿਕਾਸ ਸੰਭਵ ਹੈ। ਨਾਲ ਹੀ ਇਹ ਸਪੱਸ਼ਟ ਹੋ ਜਾਣਾ ਚਾਹੀਦਾ ਹੈ ਕਿ ਕੌਮੀਅਤਾਂ ਦੇ ਘੋਲਾਂ ਨੂੰ ਮੌਜੂਦਾ ਅਗਵਾਈ ਦੇ ਰਹੀਆਂ ਸ਼ਕਤੀਆਂ ਆਪਣੀ ਇਤਿਹਾਸਕ ਕਮਜ਼ੋਰੀ ਅਤੇ ਜਮਾਤੀ ਹਿੱਤਾਂ ਸਕਦਾ ਜਿੱਤ ਤੱਕ ਨਹੀਂ ਪਹੁੰਚਾ ਸਕਦੀਆਂ। ਅਵਿਕਸਤ ਅਤੇ ਸਾਮਰਾਜ ਦੇ ਸਿੱਧੇ ਜਾਂ ਅਸਿੱਧੇ ਗਲਬੇ ਵਾਲੇ ਦੇਸ਼ਾਂ ਵਿਚ ਕੌਮੀ ਸਵਾਲ ਨਵੀਂ ਤਰ੍ਹਾਂ ਦੇ ਲੋਕ ਜਮਹੂਰੀ ਇਨਕਲਾਬ ਨਾਲ ਜੁੜਿਆ ਹੋਇਆ ਹੈ।
ਇਹ ਕਾਰਜ ਸਿਰਫ਼ ਤੇ ਸਿਰਫ ਧਰਮ ਨਿਰਪੱਖ, ਇਨਕਲਾਬੀ ਅਤੇ ਜਮਹੂਰੀ ਜਥੇਬੰਦੀਆਂ ਹੀ ਨੇਪਰੇ ਚਾੜ੍ਹ ਸਕਦੀਆਂ ਹਨ। ਕੌਮੀਅਤਾਂ ਦੇ ਘੋਲ ਨੂੰ ਬੁਨਿਆਦੀ ਸਮਾਜਿਕ ਤਬਦੀਲੀ ਦੇ ਅੰਗ ਵਜੋਂ ਲੈਣਾ ਪਵੇਗਾ ਪਰ ਫੌਰੀ ਤੌਰ `ਤੇ ਕੌਮੀਅਤਾਂ/ਰਾਜਾਂ ਨੂੰ ਵੱਧ ਅਧਿਕਾਰ ਦਿੰਦੇ ਹੋਏ ਵਿਵਸਥਾ ਨੂੰ ਹਕੀਕੀ ਫੈੱਡਰਲ ਰੂਪ ਦੇ ਕੇ ਹੀ ਇਸ ਦਿਸ਼ਾ ਵੱਲ ਪਹਿਲਾ ਕਦਮ ਪੁੱਟਿਆ ਜਾ ਸਕਦਾ ਹੈ।