ਸ੍ਰੀ ਆਨੰਦਪਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਲੜੀ ਤਹਿਤ ਤਖਤ ਕੇਸਗੜ੍ਹ ਸਾਹਿਬ ‘ਚ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕਰਨ ਮਗਰੋਂ ‘ਬੋਲੇ ਸੋ ਨਿਹਾਲ‘ ਦੇ ਜੈਕਾਰਿਆਂ ਨਾਲ ਜਥੇਦਾਰ ਸਣੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਤੇ ਵੱਡੀ ਗਿਣਤੀ ਲੋਕਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਤਹਿਤ ਫਾਰਮ ਭਰੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਹਰ ਸ਼ਹਿਰ, ਹਰ ਪਿੰਡ, ਹਰ ਮੁਹੱਲੇ ਤੇ ਹਰ ਘਰ ਤੱਕ ਪਹੁੰਚਾਈ ਜਾਵੇਗੀ। ਜੇਕਰ ਫਿਰ ਵੀ ਕੇਂਦਰੀ ਸਰਕਾਰ ਨੇ ਰਿਹਾਈ ਨਾ ਕੀਤੀ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਸ੍ਰੀ ਧਾਮੀ ਨੇ ਹਰ ਵਰਗ ਦੇ ਲੋਕਾਂ ਨੂੰ ਧਰਮ ਤੇ ਜਾਤ ਦੇ ਵਖਰੇਵੇਂ ਤੋਂ ਉੱਪਰ ਉੱਠ ਕੇ ਇਸ ਮੁਹਿੰਮ ‘ਚ ਸਾਥ ਦੇਣ ਦੀ ਅਪੀਲ ਕੀਤੀ। ਸ੍ਰੀ ਧਾਮੀ ਨੇ ਕਿਹਾ ਕਿ ਮਨੁੱਖਤਾ ਦੇ ਹਿਤੈਸ਼ੀ ਤੇ ਮਨੁੱਖੀ ਅਧਿਕਾਰਾਂ ਲਈ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਇਸ ਮੁੱਦੇ ‘ਤੇ ਵੀ ਇਕੱਠੇ ਹੋਣ ਦੀ ਲੋੜ ਹੈ।
ਦਸਤਖ਼ਤ ਮੁਹਿੰਮ ਤਹਿਤ ਸ੍ਰੀ ਦਰਬਾਰ ਸਾਹਿਬ ਸਮੂਹ, ਤਖ਼ਤ ਕੇਸਗੜ੍ਹ ਸਾਹਿਬ ਤੇ ਤਖ਼ਤ ਦਮਦਮਾ ਸਾਹਿਬ ਸਮੇਤ ਪੰਜਾਬ ਤੇ ਹਰਿਆਣਾ ਦੇ 25 ਗੁਰਦੁਆਰਿਆਂ ਵਿਚ ਦਸਤਖ਼ਤ ਕੇਂਦਰ ਸਥਾਪਤ ਕਰਕੇ ਸੰਗਤ ਤੋਂ ਪਰਫਾਰਮੇ ਭਰਵਾਉਣ ਦਾ ਕੰਮ ਆਰੰਭ ਦਿੱਤਾ ਗਿਆ ਹੈ। ਸ੍ਰੀ ਧਾਮੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਡਿਜੀਟਲ ਮਾਧਿਅਮ ਰਾਹੀਂ ਮੁਹਿੰਮ ਨੂੰ ਵਿਸ਼ਵ ਪੱਧਰ ਤੱਕ ਲਿਜਾਇਆ ਜਾਵੇਗਾ। ਵਿਦੇਸ਼ਾਂ ‘ਚ ਰਹਿ ਰਹੇ ਲੋਕਾਂ ਨੂੰ ਮੁਹਿੰਮ ਨਾਲ ਜੋੜਨ ਲਈ ਗੂਗਲ ਫਾਰਮ ਤਿਆਰ ਕੀਤਾ ਗਿਆ ਹੈ, ਜਿਸ ਨੂੰ ਭਰਨ ਲਈ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਤੇ ਸੋਸ਼ਲ ਮੀਡੀਆ ਮੰਚਾਂ ‘ਤੇ ਲਿੰਕ ਮੁਹੱਈਆ ਕਰਵਾਇਆ ਜਾਵੇਗਾ।
ਕੇਂਦਰ ਸਰਕਾਰ ਦੀ ਲੜਾਈ ਦਾ ਜਵਾਬ ਦੇਣ ਵਾਲਿਆਂ ਨੂੰ ਜੇਲ੍ਹਾਂ `ਚ ਡੱਕਿਆ ਗਿਆ: ਜਥੇਦਾਰ
ਤਲਵੰਡੀ ਸਾਬੋ: ਅਕਾਲ ਤਖ਼ਤ ਦੇ ਕਾਰਜਕਾਰੀ ਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਸਰਕਾਰ ਨੇ ਸਿੱਖਾਂ ਦੇ ਸਿਰ ਇਕ ਲੜਾਈ ਮੜ੍ਹੀ ਸੀ ਤੇ ਖਾਲਸਾ ਪੰਥ ਨੇ ਕੇਂਦਰ ਸਰਕਾਰ ਵੱਲੋਂ ਥੋਪੀ ਲੜਾਈ ਦਾ ਜਵਾਬ ਦਿੰਦਿਆਂ ਸੰਘਰਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਦੀ ਲੜਾਈ ਦਾ ਜਵਾਬ ਦੇਣ ਵਾਲਿਆਂ ਨੂੰ ਜੇਲ੍ਹਾਂ ਵਿਚ ਡੱਕਿਆ ਗਿਆ, ਜਿਨ੍ਹਾਂ ਨੂੰ ਹੁਣ ਕੈਦ ਕੱਟਦਿਆਂ 30-35 ਸਾਲ ਬੀਤ ਚੁੱਕੇ ਹਨ। ਕਈ ਸਾਲ ਪਹਿਲਾਂ ਇਨ੍ਹਾਂ ਦੀਆਂ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਹੁਣ ਤੱਕ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਗਿਆ ਹੈ।