ਬੇਅਦਬੀ ਤੇ ਹੋਰ ਮਸਲਿਆਂ ਦੇ ਹੱਲ ਲਈ ਮੋਦੀ ਸਰਕਾਰ ਤੱਕ ਪਹੁੰਚ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉਨ੍ਹਾਂ ਬੇਅਦਬੀ ਦੇ ਘਿਣਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਵਾਲੇ ਰਾਜ ਦੇ ਦੋ ਮਹੱਤਵਪੂਰਨ ਬਕਾਇਆ ਬਿੱਲਾਂ ਲਈ ਰਾਸ਼ਟਰਪਤੀ ਦੀ ਮਨਜ਼ੂਰੀ ਲੈਣ ਵਾਸਤੇ ਭਾਰਤ ਸਰਕਾਰ ਦੇ ਦਖਲ ਦੀ ਮੰਗ ਕੀਤੀ।

ਮੁੱਖ ਮੰਤਰੀ ਨੇ ਕੰਡਿਆਲੀ ਤਾਰ ਕਰਕੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ, ਡਰੋਨ ਰਾਹੀਂ ਹੁੰਦੀ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਅਤੇ ਪੰਜਾਬ ਪੁਲਿਸ ਦੇ ਆਧੁਨਿਕੀਕਰਨ ਜਿਹੇ ਮੁੱਦਿਆਂ ‘ਤੇ ਚਰਚਾ ਕੀਤੀ। ਅਮਿਤ ਸ਼ਾਹ ਨਾਲ ਉਨ੍ਹਾਂ ਦੇ ਦਫਤਰ ਵਿਚ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸੂਬੇ ਵਿਚ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਦੰਡ ਵਿਧਾਨ ਦੀਆਂ ਧਾਰਾਵਾਂ 295 ਅਤੇ 295-ਏ ਦੀਆਂ ਮੌਜੂਦਾ ਵਿਵਸਥਾਵਾਂ ਤਹਿਤ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਲਈ ਸਜ਼ਾ ਦੀ ਮਿਆਦ ਨਾਕਾਫ਼ੀ ਹੈ। ਪੰਜਾਬ ਵਿਧਾਨ ਸਭਾ ਨੇ ‘ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ, 2018‘ ਅਤੇ ‘ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ (ਪੰਜਾਬ ਸੋਧ) ਬਿੱਲ 2018‘ ਪਾਸ ਕਰ ਦਿੱਤਾ ਹੈ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ, ਭਗਵਦ ਗੀਤਾ, ਕੁਰਾਨ ਤੇ ਬਾਈਬਲ ਨੂੰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਇਰਾਦੇ ਨਾਲ ਨੁਕਸਾਨ ਪਹੁੰਚਾਉਣ ਜਾਂ ਬੇਅਦਬੀ ਕਰਨ ‘ਤੇ ਉਮਰ ਕੈਦ ਦੀ ਵਿਵਸਥਾ ਕੀਤੀ ਗਈ ਹੈ। ਸ੍ਰੀ ਮਾਨ ਨੇ ਕਿਹਾ ਕਿ ਇਹ ਸੋਧ ਸਾਡੇ ਸੰਵਿਧਾਨ ਵਿਚ ਦਰਜ ਧਰਮ ਨਿਰਪੱਖਤਾ ਦੇ ਸਿਧਾਂਤਾਂ ਅਨੁਸਾਰ ਹੈ।
ਉਨ੍ਹਾਂ ਕਿਹਾ ਕਿ ਇਹ ਬਿੱਲ ਅਕਤੂਬਰ, 2018 ਤੋਂ ਭਾਰਤ ਦੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੰਬਿਤ ਪਏ ਹਨ। ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਵਿਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਇਹ ਬਿੱਲ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਬਿੱਲਾਂ ‘ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਕੇਂਦਰ ਸਰਕਾਰ ਦਖਲ ਦੇਵੇ। ਸੂਬੇ ਦੀ ਭਾਈਚਾਰਕ ਸਾਂਝ ਤੇ ਸ਼ਾਂਤੀ ਵਿਚ ਵਿਗਾੜ ਪਾਉਣ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਕੈਦ ਬਾਮੁਸ਼ੱਕਤ ਲੋੜੀਂਦੀ ਹੈ। ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਦਾ ਇਕ ਹੋਰ ਅਹਿਮ ਮੁੱਦੇ ਵੱਲ ਧਿਆਨ ਦਿਵਾਉਂਦਿਆਂ ਕਿਹਾ ਕਿ ਕੌਮਾਂਤਰੀ ਨਿਯਮਾਂ ਅਨੁਸਾਰ ਸਰਹੱਦ ਉਤੇ ਜ਼ੀਰੋ ਲਾਈਨ ਤੋਂ 150 ਮੀਟਰ ਤੱਕ ਉਸਾਰੀ ਕੀਤੀ ਜਾ ਸਕਦੀ ਹੈ, ਪਰ ਪੰਜਾਬ ਵਿਚ ਕੁਝ ਥਾਵਾਂ ‘ਤੇ ਕੰਡਿਆਲੀ ਤਾਰ ਜ਼ੀਰੋ ਲਾਈਨ ਤੋਂ ਕਾਫੀ ਦੂਰੀ ‘ਤੇ ਭਾਰਤ ਵਾਲੇ ਪਾਸੇ ਹੈ। ਕੇਂਦਰ ਸਰਕਾਰ ਵੱਲੋਂ ਬੀ.ਐਸ.ਐਫ. ਨੂੰ ਵਧੇਰੇ ਤਾਕਤਾਂ ਦੇਣ ਲਈ ਜਾਰੀ ਕੀਤੇ ਨੋਟੀਫਿਕੇਸ਼ਨ ਮਗਰੋਂ ਕੇਂਦਰ ਤੇ ਸੂਬਾ ਸਰਕਾਰ ਦਰਮਿਆਨ ਇਹ ਵਿਵਾਦ ਦਾ ਵਿਸ਼ਾ ਬਣ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਗੁਰਦਾਸਪੁਰ ਸੈਕਟਰ ਅਧੀਨ ਪੈਂਦੇ ਏ.ਓ.ਆਰ. 121 ਬਟਾਲੀਅਨ ਬੀ.ਐਸ.ਐਫ. ਮਾਧੋਪੁਰ ਵਿਚ ਬਾਰਡਰ ਪਿੱਲਰ ਨੰਬਰ 2/ਐਮ ਤੋਂ ਬਾਰਡਰ ਪਿੱਲਰ ਨੰਬਰ 10/12 ਤੱਕ ਦੇ ਖੇਤਰ ਵਿੱਚ ਕੰਡਿਆਲੀ ਤਾਰ ਕੌਮਾਂਤਰੀ ਸਰਹੱਦ ਤੋਂ ਕਰੀਬ ਚਾਰ ਕਿਲੋਮੀਟਰ ਦੂਰ ਹੈ। ਖੇਤੀ ਵਾਲੀ ਜ਼ਮੀਨ ਦਾ ਵੱਡਾ ਹਿੱਸਾ ਕੌਮਾਂਤਰੀ ਸਰਹੱਦ ਅਤੇ ਮੌਜੂਦਾ ਵਾੜ ਵਿਚਾਲੇ ਆਉਂਦਾ ਹੈ। ਕਿਸਾਨਾਂ ਨੂੰ ਕੰਡਿਆਲੀ ਤਾਰ ਤੋਂ ਪਾਰ ਜਾਣ ਮੌਕੇ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਬੀ.ਐਸ.ਐਫ. ਦਾ ਕੰਮ ਵਧਦਾ ਹੈ ਬਲਕਿ ਸਰਕਾਰ ਨੂੰ ਕਿਸਾਨਾਂ ਨੂੰ ਕਾਫੀ ਮੁਆਵਜ਼ਾ ਦੇਣਾ ਪੈਂਦਾ ਹੈ। ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤੇ ਬਿਨਾਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਉਤੇ ਵੱਧ ਤੋਂ ਵੱਧ ਜ਼ੀਰੋ ਲਾਈਨ ਵੱਲ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ। ਉਨ੍ਹਾਂ ਕੇਂਦਰੀ ਮੰਤਰੀ ਨੂੰ ਸੂਬਾਈ ਪੁਲਿਸ ਬਲ ਦੇ ਆਧੁਨਿਕੀਕਰਨ ਲਈ ਖੁੱਲ੍ਹਦਿਲੀ ਨਾਲ ਫੰਡ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੁੰਦੀ ਘੁਸਪੈਠ ਅਤੇ ਡਰੋਨ ਹਮਲਿਆਂ ਨੂੰ ਰੋਕਣ ਲਈ ਪੰਜਾਬ ਪੁਲਿਸ ਨੂੰ ਅਤਿ ਆਧੁਨਿਕ ਯੰਤਰ ਅਤੇ ਹਥਿਆਰ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ।
ਪੇਂਡੂ ਵਿਕਾਸ ਫੰਡਾਂ ਦੇ ਬਕਾਏ ਦਾ ਮੁੱਦਾ ਵੀ ਚੁੱਕਿਆ
ਨਵੀਂ ਦਿੱਲੀ: ਮੁੱਖ ਮੰਤਰੀ ਭਗਵੰਤ ਮਾਨ ਕੇਂਦਰੀ ਵਣਜ ਤੇ ਸਨਅਤ ਮੰਤਰੀ ਪਿਊਸ਼ ਗੋਇਲ ਨੂੰ ਵੀ ਮਿਲੇ। ਉਨ੍ਹਾਂ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮੰਡੀ ਵਿਕਾਸ ਫੰਡ (ਐਮ.ਡੀ.ਐਫ.) ਦੇ ਬਕਾਇਆ ਪਏ 3095 ਕਰੋੜ ਰੁਪਏ ਫੌਰੀ ਜਾਰੀ ਕਰਵਾਉਣ ਲਈ ਦਖਲ ਦੀ ਮੰਗ ਕੀਤੀ। ਮੁੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕੇਂਦਰ ਸਰਕਾਰ ਨੇ ਅਜੇ ਤੱਕ ਸਾਉਣੀ ਖਰੀਦ ਸੀਜ਼ਨ-2021-22, ਹਾੜ੍ਹੀ ਖਰੀਦ ਸੀਜ਼ਨ 2022-23, ਸਾਉਣੀ ਖਰੀਦ ਸੀਜ਼ਨ 2022-23 ਦੇ ਆਰ.ਡੀ.ਐਫ. ਦੇ 2880 ਕਰੋੜ ਰੁਪਏ ਅਤੇ ਐਮ.ਡੀ.ਐਫ. ਦੇ 215 ਕਰੋੜ ਰੁਪਏ ਜਾਰੀ ਨਹੀਂ ਕੀਤੇ ਹਨ। ਉਨ੍ਹਾਂ ਅਫਸੋਸ ਜ਼ਾਹਰ ਕੀਤਾ ਕਿ ਇਹ ਫੰਡ ਜਾਰੀ ਨਾ ਹੋਣ ਕਾਰਨ ਸੂਬੇ ਵਿਸ਼ੇਸ਼ ਤੌਰ ਉਤੇ ਪੇਂਡੂ ਇਲਾਕਿਆਂ ਦੇ ਵਿਕਾਸ ਉਤੇ ਮਾੜਾ ਅਸਰ ਪੈ ਰਿਹਾ ਹੈ।