ਬਾਲ ਦਿਵਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ ਦੀ ਮੰਗ ਨੇ ਫੜਿਆ ਜ਼ੋਰ

ਅੰਮ੍ਰਿਤਸਰ: ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਰਕਾਰ ਵੱਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ` ਵਜੋਂ ਮਨਾਉਣ ਦੀ ਮੰਗ ਕੀਤੀ ਹੈ।

ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਇਸ ਸਾਲ 28 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਭਾਵੇਂ ਪਹਿਲਾਂ ਵੀ ਕੇਂਦਰ ਸਰਕਾਰ ਨੂੰ ਇਸ ਦਿਵਸ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ` ਵਜੋਂ ਮਨਾਉਣ ਦੀ ਅਪੀਲ ਕੀਤੀ ਜਾ ਚੁੱਕੀ ਹੈ ਪਰ ਹੁਣ ਦਿਵਸ ਨੇੜੇ ਆਉਣ ਕਾਰਨ ਮੁੜ ਕੇਂਦਰ ਸਰਕਾਰ ਨੂੰ ਇਸ ਦਿਵਸ ਦਾ ਨਾਂ ਬਦਲਣ ਲਈ ਯਾਦ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਇਸੇ ਸਾਲ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿਚ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਐਲਾਨਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਨਾਮ ਸਿੱਖ ਇਤਿਹਾਸ ਅਤੇ ਸਿੱਖ ਸਿਧਾਂਤਾਂ ਦੀ ਭਾਵਨਾ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਐਲਾਨ ਉਪਰੰਤ ਸ੍ਰੀ ਅਕਾਲ ਤਖ਼ਤ ਵੱਲੋਂ ਸਿੱਖ ਵਿਦਵਾਨਾਂ ਦੀ ਕਮੇਟੀ ਬਣਾਈ ਗਈ ਸੀ, ਜਿਸ ਨੇ ਵੀਰ ਬਾਲ ਦਿਵਸ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ` ਨਾਮ ਸੁਝਾਇਆ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਮਤਾ ਵੀ ਪਾਸ ਕੀਤਾ ਹੈ, ਜਿਸ ਤਹਿਤ ਪਹਿਲਾਂ ਵੀ ਸਰਕਾਰ ਨੂੰ ਅਪੀਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਸ ਸਬੰਧੀ ਭਾਰਤ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਸੋਧ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਵੀ ਭੇਜਿਆ ਗਿਆ ਹੈ।