ਅੰਮ੍ਰਿਤਸਰ: ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸ੍ਰੀ ਅਕਾਲ ਤਖਤ ਦੇ ਫੈਸਲੇ ਰੱਦ ਕਰਨ ਦਾ ਮਾਮਲਾ ਉਸ ਵੇਲੇ ਨਵਾਂ ਮੋੜ ਲੈ ਗਿਆ ਜਦੋਂ ਤਖਤ ਦੇ ਪ੍ਰਬੰਧਕੀ ਬੋਰਡ ਦੇ ਕਾਰਜਕਾਰੀ ਪ੍ਰਧਾਨ ਜਗਜੋਤ ਸਿੰਘ ਤੇ ਮੀਤ ਪ੍ਰਧਾਨ ਲਖਵਿੰਦਰ ਸਿੰਘ ਨੇ ਆਖਿਆ ਕਿ ਜਾਰੀ ਕੀਤੇ ਗਏ ਹੁਕਮਨਾਮੇ ਨੂੰ ਤਖਤ ਦੇ ਪੰਜ ਪਿਆਰਿਆਂ ਵੱਲੋਂ ਜਾਰੀ ਕੀਤਾ ਪੱਤਰ ਨਾ ਸਮਝਿਆ ਜਾਵੇ।
ਇਸ ਹੁਕਮਨਾਮੇ ‘ਤੇ ਦਸਤਖ਼ਤ ਕਰਨ ਵਾਲੇ ਪੰਜ ਪਿਆਰਿਆਂ ਵਿਚੋਂ ਤਿੰਨ ਇਸ ਤਖਤ ਦੇ ਅਧਿਕਾਰਤ ਪੰਜ ਪਿਆਰਿਆਂ ‘ਚੋਂ ਨਹੀਂ ਹਨ ਜਿਸ ਕਾਰਨ ਇਸ ਹੁਕਮਨਾਮੇ ਨੂੰ ਮਰਿਆਦਾ ਦੇ ਉਲਟ ਕਰਾਰ ਦਿੱਤਾ ਗਿਆ ਹੈ। ਇਸੇ ਦੌਰਾਨ ਸ੍ਰੀ ਅਕਾਲ ਤਖਤ, ਤਖਤ ਸ੍ਰੀ ਕੇਸਗੜ੍ਹ ਸਾਹਿਬ, ਤਖਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸ੍ਰੀ ਅਕਾਲ ਤਖਤ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਵਾਲੇ ਫੈਸਲੇ ਦਾ ਸਖਤ ਵਿਰੋਧ ਕੀਤਾ ਹੈ। ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਵੱਲੋਂ ਜਾਰੀ ਕੀਤਾ ਗਿਆ ਇਹ ਪੱਤਰ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਚ ਵੀ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਬੋਰਡ ਵੱਲੋਂ ਨਿਯੁਕਤ ਕੀਤੇ ਗਏ ਪੰਜ ਪਿਆਰਿਆਂ ਵਿਚ ਗਿਆਨੀ ਬਲਦੇਵ ਸਿੰਘ, ਗਿਆਨੀ ਦਲੀਪ ਸਿੰਘ, ਗਿਆਨੀ ਸੁਖਦੇਵ ਸਿੰਘ, ਭਾਈ ਪਰਸੂਰਾਮ ਸਿੰਘ, ਭਾਈ ਰੋਸ਼ਨ ਸਿੰਘ ਸ਼ਾਮਲ ਹਨ, ਜਦੋਂਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਹੁਕਮਨਾਮਾ ਰੂਪੀ ਭੇਜੇ ਗਏ ਪੱਤਰ ਵਿਚ ਦਸਤਖ਼ਤ ਕਰਨ ਵਾਲੇ ਪੰਜ ਪਿਆਰਿਆਂ ਵਿਚ ਭਾਈ ਗੁਰਦਿਆਲ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਅਮਰਜੀਤ ਸਿੰਘ ਸ਼ਾਮਲ ਹਨ ਜੋ ਕਿ ਪ੍ਰਬੰਧਕੀ ਬੋਰਡ ਦੇ ਵਿਧਾਨ ਮੁਤਾਬਕ ਆਪੇ ਬਣੇ ਪੰਜ ਪਿਆਰੇ ਹਨ। ਉਨ੍ਹਾਂ ਵੱਲੋਂ ਅਧਿਕਾਰਤ ਪੰਜ ਪਿਆਰਿਆਂ ਦੀ ਥਾਂ ‘ਤੇ ਦਸਤਖ਼ਤ ਕੀਤਾ ਜਾਣਾ ਗੈਰ-ਕਾਨੂੰਨੀ ਹੈ। ਇਸ ਲਈ ਇਸ ਪੱਤਰ ਨੂੰ ਪੰਜ ਪਿਆਰਿਆਂ ਵੱਲੋਂ ਜਾਰੀ ਕੀਤਾ ਹੋਇਆ ਪੱਤਰ ਨਾ ਸਮਝਿਆ ਜਾਵੇ।