ਪੱਟੀ: ਸਰਹੱਦੀ ਜ਼ਿਲ੍ਹੇ ਤਰਨ ਤਾਰਨ ਦੇ ਸਰਹਾਲੀ ਪੁਲਿਸ ਥਾਣੇ ‘ਤੇ ਰਾਕੇਟ-ਪ੍ਰੋਪੈਲਡ (ਆਰ.ਪੀ.ਜੀ.) ਗ੍ਰਨੇਡ ਹਮਲਾ ਕੀਤਾ ਗਿਆ ਹੈ। ਪਿਛਲੇ ਸੱਤ ਮਹੀਨਿਆਂ ਦੌਰਾਨ ਪੰਜਾਬ ਵਿਚ ਇਹ ਅਜਿਹਾ ਦੂਜਾ ਹਮਲਾ ਹੈ। ਪੰਜਾਬ ਦੇ ਪੁਲਿਸ ਮੁਖੀ (ਡੀ.ਜੀ.ਪੀ.) ਗੌਰਵ ਯਾਦਵ ਨੇ ਇਸ ਨੂੰ ਫੌਜੀ-ਗਰੇਡ ਦਾ ਅਸਲਾ ਦੱਸਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਵੱਡੀ ਸੰਭਾਵਨਾ ਹੈ ਕਿ ਇਸ ਨੂੰ ਸਰਹੱਦ ਪਾਰੋਂ ਤਸਕਰੀ ਕਰ ਕੇ ਲਿਆਂਦਾ ਗਿਆ ਹੈ। ਵੇਰਵਿਆਂ ਮੁਤਾਬਕ ਅਣਪਛਾਤਿਆਂ ਵੱਲੋਂ ਦਾਗਿਆ ਆਰ.ਪੀ.ਜੀ. ਸਰਹਾਲੀ ਪੁਲਿਸ ਥਾਣੇ ਦੇ ਨਾਲ ਲੱਗਦੇ ਸਾਂਝ ਕੇਂਦਰ ਦੇ ਅੰਦਰ ਜਾ ਕੇ ਡਿੱਗਿਆ।
ਉਧਰ, ਵਿਰੋਧੀ ਧਿਰਾਂ ਨੇ ਇਸ ਮਸਲੇ ਉਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰ ਲਿਆ ਹੈ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਖਿਆ ਹੈ ਕਿ ਸੂਬੇ ਦੇ ਜੋ ਹਾਲਾਤ ਬਣ ਗਏ ਹਨ, ਉਨ੍ਹਾਂ ਨੂੰ ਦੇਖ ਕੇ ਲੋਕ ਡਰ ਮਹਿਸੂਸ ਕਰਨ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਨੂੰ ਲਾਵਾਰਿਸ ਛੱਡ ਕੇ ਹੋਰਨਾਂ ਸੂਬਿਆਂ ਦੇ ਲੋਕਾਂ ਨੂੰ ਗੁਮਰਾਹ ਕਰਨ ਲੱਗੇ ਹੋਏ ਹਨ।
ਬੀਬੀ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਗੈਂਗਸਟਰ ਰਾਜ ਚੱਲ ਰਿਹਾ ਹੈ ਤੇ ਰੋਜ਼ਾਨਾ ਕਤਲ, ਲੁੱਟਾਂ-ਖੋਹਾਂ ਤੇ ਹੋਰ ਹਿੰਸਕ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ 50 ਸਾਲਾਂ ਦੌਰਾਨ ਪੰਜਾਬ ਵਿਚ ਕਦੇ ਅਜਿਹੇ ਹਾਲਾਤ ਦੇਖਣ ਨੂੰ ਨਹੀਂ ਮਿਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦਾ ਪੈਸਾ ਹੋਰਨਾਂ ਸੂਬਿਆਂ ਵਿੱਚ ਖਰਚ ਰਹੀ ਹੈ, ਪਰ ਹਿਮਾਚਲ ਅਤੇ ਗੁਜਰਾਤ ਦੇ ਲੋਕਾਂ ਨੇ ਦੱਸ ਦਿੱਤਾ ਹੈ ਕਿ ਉਹ ‘ਆਪ` ਦੇ ਝੂਠੇ ਲਾਰਿਆਂ ਵਿਚ ਆਉਣ ਵਾਲੇ ਨਹੀਂ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤਰਨਤਾਰਨ ਜ਼ਿਲ੍ਹੇ ਦੇ ਸਰਹਾਲੀ ਥਾਣੇ ਉਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਸੂਬੇ ਲਈ ਖਤਰੇ ਦੀ ਚਿਤਾਵਨੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਹੁਣ ਆਪਣੀ ਗੂੜ੍ਹੀ ਨੀਂਦ ਤੋਂ ਜਾਗ ਕੇ ਸਥਿਤੀ ਦੀ ਗੰਭੀਰਤਾ ਨੂੰ ਸਮਝੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਾਤ ਲਈ ‘ਆਪ` ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਅਤੇ ਉਹ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਇਨ੍ਹਾਂ ਘਟਨਾਵਾਂ ਦਾ ਮੁੜ ਵਾਪਰਨਾ ਖਤਰੇ ਦੀ ਨਿਸ਼ਾਨੀ ਹੈ, ਜਿਸ ਦਾ ਕਾਰਨ ਇਹ ਹੈ ਕਿ ‘ਆਪ` ਸਰਕਾਰ ਸਥਿਤੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ।
ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ‘ਆਪ` ਸਰਕਾਰ ਦੇ ਅੱਠ ਮਹੀਨਿਆਂ ਦੇ ਕਾਰਜਕਾਲ ਵਿਚ ਪੁਲਿਸ ਟਿਕਾਣਿਆਂ `ਤੇ ਲਗਾਤਾਰ ਆਰ.ਪੀ.ਜੀ. ਹਮਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਅੱਠ ਮਹੀਨਿਆਂ ਦੌਰਾਨ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ, ਉਦਯੋਗਪਤੀਆਂ ਤੋਂ ਫਿਰੌਤੀਆਂ ਲੈਣ ਦੀਆਂ ਘਟਨਾਵਾਂ, ਨਕੋਦਰ ਤੇ ਤਰਨ ਤਾਰਨ ਵਿਚ ਕੱਪੜਾ ਵਪਾਰੀ ਦਾ ਕਤਲ ਆਦਿ ਘਟਨਾਵਾਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ। ਉਨ੍ਹਾਂ ਕਿਹਾ ਕਿ ਇਕੱਲੇ ਲੁਧਿਆਣਾ ਵਿਚ ਪੁਲਿਸ ਨੇ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਫਿਰੌਤੀ ਲਈ ਧਮਕਾਏ ਜਾਣ ਦੇ 55 ਕੀਤੇ ਦਰਜ ਕੀਤੇ ਹਨ।
ਸਰਕਾਰ ਸਥਿਤੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ: ਕਾਂਗਰਸ
ਪੱਟੀ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਇਹ ਸੂਬੇ ਲਈ ਖਤਰੇ ਦੀ ਚਿਤਾਵਨੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਹੁਣ ਆਪਣੀ ਗੂੜ੍ਹੀ ਨੀਂਦ ਤੋਂ ਜਾਗ ਕੇ ਸਥਿਤੀ ਦੀ ਗੰਭੀਰਤਾ ਨੂੰ ਸਮਝੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਾਤ ਲਈ ‘ਆਪ` ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਅਤੇ ਉਹ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਇਨ੍ਹਾਂ ਘਟਨਾਵਾਂ ਦਾ ਮੁੜ ਵਾਪਰਨਾ ਖਤਰੇ ਦੀ ਨਿਸ਼ਾਨੀ ਹੈ, ਜਿਸ ਦਾ ਕਾਰਨ ਇਹ ਹੈ ਕਿ ‘ਆਪ` ਸਰਕਾਰ ਸਥਿਤੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ।