ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਿਜਦਾ

ਫ਼ਤਹਿਗੜ੍ਹ ਸਾਹਿਬ: ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਭਾ ਸ਼ਰਧਾ ਵਿਚ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸਭਾ ਦੀ ਆਰੰਭਤਾ ਮੌਕੇ ਅਰਦਾਸ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅਤਰ ਸਿੰਘ ਨੇ ਕੀਤੀ।

ਇਸ ਤੋਂ ਪਹਿਲਾਂ ਚਮਕੌਰ ਸਾਹਿਬ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਤਿੰਨ ਪਿਆਰਿਆਂ ਅਤੇ ਹੋਰ ਸ਼ਹੀਦ ਸਿੰਘਾਂ ਨੂੰ ਸਿਜਦਾ ਕੀਤਾ ਗਿਆ। ਤਿੰਨ ਦਿਨਾਂ ਸ਼ਹੀਦੀ ਸਮਾਗਮ ਦੌਰਾਨ ਲੱਖਾਂ ਸ਼ਰਧਾਲੂਆਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ, ਸ੍ਰੀ ਦਮਦਮਾ ਸਾਹਿਬ, ਸ੍ਰੀ ਰਣਜੀਤਗੜ੍ਹ ਸਾਹਿਬ, ਸ੍ਰੀ ਤਾੜੀ ਸਾਹਿਬ, ਸ੍ਰੀ ਸ਼ਹੀਦ ਬੁਰਜ ਭਾਈ ਜੈਤਾ ਜੀ ਸਮੇਤ ਹੋਰ ਗੁਰਧਾਮਾਂ ਵਿਖੇ ਨਤਮਸਤਕ ਹੁੰਦਿਆਂ ਕੌਮ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਆਪਣਾ ਸੰਦੇਸ਼ ਜਾਰੀ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਸਾਹਿਬਜ਼ਾਦਿਆਂ ਤੇ ਹੋਰ ਸ਼ਹੀਦਾਂ ਦੀਆਂ ਸ਼ਹਾਦਤਾਂ ਤੋਂ ਪ੍ਰੇਰਨਾ ਲੈ ਕੇ ਨਸ਼ੇ ਤਿਆਗਣ ਅਤੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਦਾ ਕੋਈ ਵੀ ਪੰਨਾ ਅਜਿਹਾ ਨਹੀਂ ਹੈ, ਜਿਸ ਵਿਚ ਸ਼ਹਾਦਤਾਂ ਦਾ ਜ਼ਿਕਰ ਨਾ ਹੋਵੇ ਤੇ ਪੋਹ ਦੇ ਮਹੀਨੇ ਦਾ ਇਹ ਪੰਦਰਵਾੜਾ ਸਿੱਖ ਕੌਮ ਲਈ ਬਹੁਤ ਅਹਿਮੀਅਤ ਰੱਖਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸ਼ਹਾਦਤਾਂ ਤੋਂ ਪ੍ਰੇਰਨਾ ਲੈ ਕੇ ਉਹ ਸਾਬਤ ਸੂਰਤ ਬਣਨ ਅਤੇ ਨਸ਼ਿਆਂ ਵਰਗੀ ਬੁਰਾਈ ਦਾ ਤਿਆਗ ਕਰਕੇ ਗੁਰੂਆਂ ਵੱਲੋਂ ਦੱਸੇ ਮਾਰਗ ‘ਤੇ ਤੁਰਨ। ਇਸ ਮੌਕੇ ਉਨ੍ਹਾਂ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸਿਜਦਾ ਕੀਤਾ।