‘ਵੀਰ ਬਾਲ ਦਿਵਸ` ਦਾ ਨਾਂ ਬਦਲਣ ਬਾਰੇ ਸ਼੍ਰੋਮਣੀ ਕਮੇਟੀ ਦੀ ਅਪੀਲ ਦਰਕਿਨਾਰ

ਸਾਹਿਬਜ਼ਾਦਿਆਂ ਦੀ ਸ਼ਹਾਦਤ ਸਬੰਧੀ ਦਿਵਸ ਨੂੰ ਵੀਰ ਬਾਲ ਦਿਵਸ ਵਜੋਂ ਹੀ ਮਨਾਇਆ
ਅੰਮ੍ਰਿਤਸਰ: ਕੇਂਦਰ ਸਰਕਾਰ ਨੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵੀਰ ਬਾਲ ਦਿਵਸ ਦਾ ਨਾਂ ਬਦਲਣ ਦੀ ਸ਼੍ਰੋਮਣੀ ਕਮੇਟੀ ਦੀ ਅਪੀਲ ਨੂੰ ਦਰਕਿਨਾਰ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਸ਼ਹਾਦਤ ਸਬੰਧੀ ਦਿਵਸ ਨੂੰ ਵੀਰ ਬਾਲ ਦਿਵਸ ਦੇ ਰੂਪ ਵਿਚ ਹੀ ਮਨਾਇਆ ਗਿਆ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਦੇ ਨਾਮ ਨਾਲ ਮਨਾਉਣ ਦਾ ਵਿਰੋਧ ਕੀਤਾ ਸੀ। ਉਨ੍ਹਾਂ ਇਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ ਸੀ। ਕੇਂਦਰ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਦੇਸ ਪੱਧਰ ‘ਤੇ ਮਨਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਜਿਸ ਵਿਚ ਇਸ ਦਿਵਸ ਨੂੰ ਵੀਰ ਬਾਲ ਦਿਵਸ ਦਾ ਨਾਂ ਦਿੱਤਾ ਗਿਆ।
ਸ੍ਰੀ ਅਕਾਲ ਤਖਤ ਵੱਲੋਂ ਬਣਾਈ ਗਈ ਸਿੱਖ ਵਿਦਵਾਨਾਂ ਦੀ ਕਮੇਟੀ ਨੇ ਇਸ ਦਿਵਸ ਦਾ ਨਾਂ ‘ਸਾਹਿਬਜ਼ਾਦੇ ਸ਼ਹਾਦਤ` ਦਿਵਸ ਰੱਖਣ ਦਾ ਸੁਝਾਅ ਦਿੱਤਾ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮਾਮਲੇ ਵਿਚ ਕੇਂਦਰ `ਤੇ ਦੋਸ਼ ਲਾਇਆ ਕਿ ਉਹ ਸਿੱਖਾਂ ਦੇ ਇਤਿਹਾਸ ਨੂੰ ਰਲਗੱਡ ਕਰਨਾ ਚਾਹੁੰਦੀ ਹੈ। ਸਿੱਖ ਕੌਮ ਦੀਆਂ ਪਰੰਪਰਾਵਾਂ ਖ਼ਿਲਾਫ਼ ਜਾ ਕੇ ਭਾਰਤ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਵਸ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣਾ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਸਭ ਤੋਂ ਵੱਡੀ ਸ਼ਹਾਦਤ ਤੇ ਮੁੱਲਵਾਨ ਵਿਰਾਸਤ ਨੂੰ ਖੋਰਾ ਲਗਾਉਣ ਦੀ ਕੋਝੀ ਸਾਜ਼ਿਸ਼ ਹੈ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਾਹਿਬਜ਼ਾਦਿਆਂ ਨੂੰ ਸੱਚਮੁੱਚ ਹੀ ਸ਼ਰਧਾ ਤੇ ਸਤਿਕਾਰ ਭੇਟ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਇਹ ਦਿਹਾੜਾ ਮਨਾਉਣ ਵਿਚ ਕੀ ਪਰੇਸ਼ਾਨੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦੀ ਜ਼ਿੱਦ ਕਰ ਰਹੀ ਹੈ, ਉਸ ਤੋਂ ਸਪਸ਼ਟ ਹੈ ਕਿ ਇਹ ਖੇਡ ਪੰਥ ਵਿਰੋਧੀ ਸ਼ਕਤੀਆਂ ਦੇ ਇਸ਼ਾਰੇ ‘ਤੇ ਖੇਡੀ ਜਾ ਰਹੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਨਿਸ਼ਾਨੇ ‘ਤੇ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਵੀਰ ਬਾਲ ਦਿਵਸ ਨਾਂ ਕੌਮ ਨੂੰ ਪ੍ਰਵਾਨ ਨਹੀਂ ਪਰ ਫਿਰ ਵੀ ਸ੍ਰੀ ਕਾਲਕਾ ਕੇਂਦਰ ਸਰਕਾਰ ਦਾ ਮੋਹਰਾ ਬਣੇ ਹੋਏ ਹਨ। ਉਨ੍ਹਾਂ ਦਿੱਲੀ ਕਮੇਟੀ ਦੇ ਪ੍ਰਧਾਨ ਨੂੰ ਸੁਆਲ ਕੀਤਾ ਕਿ ਕੀ ਇਹ ਸ੍ਰੀ ਅਕਾਲ ਤਖਤ ਦਾ ਹੁਕਮ ਮੰਨਣ ਤੋਂ ਇਨਕਾਰੀ ਹੋਣਾ ਨਹੀਂ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਦਿਵਸ ਦੇ ਨਾਮ ਸਬੰਧੀ ਕੀਤੇ ਜਾ ਰਹੇ ਇਤਰਾਜ਼ ਨੂੰ ਬੇਬੁਨਿਆਦ ਅਤੇ ਬੇਲੋੜਾ ਕਰਾਰ ਦਿੰਦਿਆਂ ਕਿਹਾ ਕਿ ਸਿਰਫ ਸਿਆਸੀ ਮੰਤਵ ਨਾਲ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਇਕ ਦਿਵਸ ਦਾ ਨਾਮ ਹੈ ਜੋ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਛੁਟਿਆਉਣ ਦਾ ਕੋਈ ਯਤਨ ਨਹੀਂ ਕੀਤਾ ਗਿਆ ਹੈ। ਉਹ ਕੌਮ ਲਈ ਬਾਬੇ ਹਨ ਅਤੇ ਉਨ੍ਹਾਂ ਦਾ ਦਰਜਾ ਬਾਬੇ ਵਾਲਾ ਹੀ ਰਹੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਹੁਤ ਵੱਡਾ ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ ਦੇ ਇਤਿਹਾਸ ‘ਚ ਇਹ ਪਹਿਲਾ ਮੌਕਾ ਹੈ ਜਦੋਂ ਇੰਡੀਆ ਗੇਟ ‘ਤੇ ਗਣਤੰਤਰ ਦਿਵਸ ਤੋਂ ਇਲਾਵਾ ਕੋਈ ਮਾਰਚ ਪਾਸਟ ਕੀਤਾ ਹੈ ਅਤੇ ਪ੍ਰਧਾਨ ਮੰਤਰੀ ਨੇ ਉਸ ਨੂੰ ਸਲਾਮੀ ਦਿੱਤੀ ਹੈ।
ਸਾਹਿਬਜ਼ਾਦਿਆਂ ਨੇ ਜਬਰ ਅੱਗੇ ਝੁਕਣ ਦੀ ਥਾਂ ਸ਼ਹਾਦਤ ਦਾ ਜਾਮ ਪੀਤਾ: ਮੋਦੀ
ਨਵੀਂ ਦਿੱਲੀ: ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਨੂੰ ਪਹਿਲੇ ‘ਵੀਰ ਬਾਲ ਦਿਵਸ` ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਔਰੰਗਜ਼ੇਬ ਸਾਹਿਬਜ਼ਾਦਿਆਂ ਦਾ ਧਰਮ ਤਲਵਾਰ ਦੀ ਨੋਕ `ਤੇ ਬਦਲਣਾ ਚਾਹੁੰਦਾ ਸੀ ਅਤੇ ਉਸ ਦੇ ਭਾਰਤ ਨੂੰ ਬਦਲਣ ਦੇ ਮਨਸੂਬੇ ਸਨ ਪਰ ਉਨ੍ਹਾਂ ਖ਼ਿਲਾਫ਼ ਗੁਰੂ ਗੋਬਿੰਦ ਸਿੰਘ ਪਹਾੜ ਵਾਂਗ ਖੜ੍ਹੇ ਸਨ। ਜਿਸ ਸਮਾਜ ਅਤੇ ਕੌਮ ਦੀ ਨਵੀਂ ਪੀੜ੍ਹੀ ਜ਼ੁਲਮ ਅੱਗੇ ਗੋਡੇ ਟੇਕ ਦਿੰਦੀ ਹੈ, ਉਸ ਦਾ ਆਤਮ ਵਿਸ਼ਵਾਸ ਅਤੇ ਭਵਿੱਖ ਆਪਣੇ ਆਪ ਮਰ ਜਾਂਦਾ ਹੈ ਪਰ ਭਾਰਤ ਦੇ ਉਹ ਸਪੁੱਤਰ ਮੌਤ ਤੋਂ ਨਹੀਂ ਘਬਰਾਏ। ‘ਉਹ ਦੀਵਾਰ `ਚ ਜ਼ਿੰਦਾ ਚਿਣ ਦਿੱਤੇ ਗਏ ਪਰ ਉਨ੍ਹਾਂ ਦਹਿਸ਼ਤੀ ਮਨਸੂਬਿਆਂ ਨੂੰ ਹਮੇਸ਼ਾ ਲਈ ਦਫ਼ਨ ਕਰ ਦਿੱਤਾ।`
ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਦਾ ਧੰਨਵਾਦ
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਅਤੇ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ ਜ਼ੁਲਮ, ਦਮਨ ਅਤੇ ਬੇਇਨਸਾਫ਼ੀ ਖ਼ਿਲਾਫ਼ ਜੂਝਣ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਇਥੇ ਮੇਜਰ ਧਿਆਨ ਚੰਦ ਸਟੇਡੀਅਮ ਵਿਖੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਨੇ ਨਿੱਕੀ ਉਮਰੇ ਸ਼ਹੀਦੀ ਪ੍ਰਾਪਤ ਕਰ ਕੇ ਅੱਤਿਆਚਾਰ ਖ਼ਿਲਾਫ਼ ਨਿਡਰਤਾ ਦਾ ਸਬੂਤ ਦਿੱਤਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਸ ਸਮਾਗਮ ਲਈ ਧੰਨਵਾਦ ਕੀਤਾ।