ਫਿਰੋਜ਼ਪੁਰ: ਮਾਲਬਰੋਜ਼ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਸਾਂਝਾ ਮੋਰਚਾ ਜ਼ੀਰਾ ਨੇ ਸੰਘਰਸ਼ ਹੋਰ ਤਿੱਖਾ ਕਰਨ ਦਾ ਫੈਸਲਾ ਕੀਤਾ ਹੈ। ਆਗੂਆਂ ਨੇ ਆਖਿਆ ਕਿ ਉਹ ਪਿਛਲੇ ਸਾਢੇ ਪੰਜ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਪੰਜਾਬ ਸਰਕਾਰ ਇਸ ਫੈਕਟਰੀ ਨੂੰ ਬੰਦ ਕਰਨ ਦੇ ਰੌਂਅ ਵਿਚ ਨਜ਼ਰ ਨਹੀਂ ਆ ਰਹੀ। ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਰਵੱਈਆ ਵੀ ਸੰਘਰਸ਼ ਕਰ ਰਹੇ ਕਿਸਾਨਾਂ ਖ਼ਿਲਾਫ਼ ਰਿਹਾ ਹੈ।
ਆਗੂਆਂ ਵੱਲੋਂ ਪਿਛਲੇ ਦਿਨੀਂ ਜੇਲ੍ਹ ਤੋਂ ਰਿਹਾਅ ਹੋ ਕੇ ਆਏ ਆਪਣੇ 44 ਸਾਥੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਨਾ ਜਾਣ। ਆਗੂਆਂ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਫੈਕਟਰੀ ਦੇ ਦੋ ਨੰਬਰ ਗੇਟ ਤੋਂ ਅੰਦਰ ਜਾਣ ‘ਤੇ ਪਾਬੰਦੀ ਲਗਾਈ ਗਈ ਹੈ, ਪਰ ਕਿਸਾਨਾਂ ਨੇ ਫੈਕਟਰੀ ਦੇ ਨੌਂ ਕਮਰਚਾਰੀਆਂ ਨੂੰ ਇਸ ਗੇਟ ਰਾਹੀਂ ਅੰਦਰ ਜਾਣ ਦੀ ਕੋਸ਼ਿਸ਼ ਕਰਦਿਆਂ ਫੜਿਆ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮਾਂ ਨੂੰ ਫੈਕਟਰੀ ਦੇ ਪ੍ਰਬੰਧਕਾਂ ਵੱਲੋਂ ਸਬੂਤ ਨਸ਼ਟ ਕਰਨ ਲਈ ਭੇਜਿਆ ਗਿਆ ਸੀ, ਜਦੋਂ ਕਿਸਾਨਾਂ ਨੇ ਉਨ੍ਹਾਂ ਨੂੰ ਰੋਕਿਆ ਤਾਂ ਉਨ੍ਹਾਂ ਕਿਸਾਨਾਂ ‘ਤੇ ਗੱਡੀ ਚੜ੍ਹਾਉਣ ਦੀ ਵੀ ਕੋਸ਼ਿਸ਼ ਕੀਤੀ। ਮੋਰਚੇ ਵੱਲੋਂ ਮੰਗ ਕੀਤੀ ਗਈ ਹੈ ਕਿ ਉਕਤ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।