ਸੀਤ ਲਹਿਰ ਨੇ ਠਾਰਿਆ ਪੰਜਾਬ, 20 ਸਾਲਾਂ ਦਾ ਰਿਕਾਰਡ ਟੁੱਟਾ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਵਿਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਠੰਢ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਦੋਵਾਂ ਸੂਬਿਆਂ ਵਿਚ ਸੰਘਣੀ ਧੁੰਦ ਪਈ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ, ਜਿਸ ਨੇ ਆਮ ਜਨਜੀਵਨ ਪ੍ਰਭਾਵਿਤ ਕੀਤਾ।

ਇਸ ਦੇ ਨਾਲ ਹੀ ਸੰਘਣੀ ਧੁੰਦ ਕਰਕੇ ਦਿਸਣ ਹੱਦ ਆਮ ਦੇ ਮੁਕਾਬਲੇ ਬਹੁਤ ਘੱਟ ਰਹੀ ਹੈ, ਜਿਸ ਕਰਕੇ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਪੰਜਾਬ ਵਿਚ ਗੁਰਦਾਸਪੁਰ ਸਭ ਤੋਂ ਠੰਢਾ ਸ਼ਹਿਰ ਰਿਹਾ ਹੈ, ਜਿੱਥੇ ਘੱਟੋ-ਘੱਟ ਤਾਪਮਾਨ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਪੰਜਾਬ ਦੇ ਅੱਧਾ ਦਰਜਨ ਜ਼ਿਲ੍ਹਿਆਂ ਵਿਚ ਤਾਪਮਾਨ 11 ਡਿਗਰੀ ਸੈਲਸੀਅਸ ਤੋਂ ਹੇਠਾਂ ਰਿਹਾ। ਮੌਸਮ ਵਿਭਾਗ ਅਨੁਸਾਰ ਇਸ ਸਾਲ ਠੰਢ ਨੇ ਪਿਛਲੇ 20 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਤੋਂ ਪਹਿਲਾਂ ਸਾਲ 2003 ਵਿਚ ਅਜਿਹਾ ਮੌਸਮ ਰਿਹਾ ਸੀ, ਜਦੋਂ ਸੂਬੇ ਦੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿਚ ਵੱਧ ਤੋਂ ਵੱਧ ਤਾਪਮਾਨ 8 ਤੋਂ 11 ਡਿਗਰੀ ਸੈਲਸੀਅਸ ਵਿਚਾਲੇ ਦਰਜ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਸਾਲ 2023 ਦੇ ਪਹਿਲੇ ਹਫ਼ਤੇ ‘ਚ ਸੂਬੇ ਦੇ ਅੱਧਾ ਦਰਜਨ ਜ਼ਿਲ੍ਹਿਆਂ ‘ਚ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਭਾਰਤੀ ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਕੀਤੀ ਹੈ। ਪੰਜਾਬ ਅਤੇ ਹਰਿਆਣਾ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿਚ ਵੀ ਪਿਛਲੇ ਦਿਨਾਂ ਤੋਂ ਹੋ ਰਹੀ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿਚ ਦਿਸਣ ਲੱਗਾ ਹੈ। ਪਹਾੜੀ ਰਾਜ ਵਿਚ ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਕੰਬਣੀ ਛੇੜ ਦਿੱਤੀ ਹੈ ਜਦੋਂ ਕਿ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਹਿਮਾਚਲ ਪ੍ਰਦੇਸ਼ ਦੀਆਂ ਉੱਚੀਆਂ ਟੀਸੀਆਂ ‘ਤੇ ਹੋਰ ਬਰਫ਼ਬਾਰੀ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਤੋਂ ਮਿਲੀ ਰਿਪੋਰਟ ਅਨੁਸਾਰ ਪੰਜਾਬ ਵਿਚ ਗੁਰਦਾਸਪੁਰ ਸਭ ਤੋਂ ਠੰਢਾ ਸ਼ਹਿਰ ਰਿਹਾ ਹੈ, ਜਿੱਥੇ ਘੱਟ ਤੋਂ ਘੱਟ ਤਾਪਮਾਨ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਆਮ ਦੇ ਬਰਾਬਰ ਰਿਹਾ ਹੈ। ਇਸੇ ਤਰ੍ਹਾਂ ਨਵਾਂ ਸ਼ਹਿਰ ਵਿਚ 4.1 ਡਿਗਰੀ ਸੈਲਸੀਅਸ, ਬਠਿੰਡਾ ਵਿਚ 4.6 ਡਿਗਰੀ, ਲੁਧਿਆਣਾ 5 ਡਿਗਰੀ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ‘ਚ 5.9, ਪਟਿਆਲਾ 6, ਪਠਾਨਕੋਟ 6.8, ਫਰੀਦਕੋਟ 6.5, ਬਰਨਾਲਾ 6.3 ਤੇ ਮੁਹਾਲੀ ਵਿੱਚ 6.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਗੁਆਂਢੀ ਸੂਬੇ ਹਰਿਆਣਾ ਵਿਚ ਮਹਿੰਦਰਗੜ੍ਹ ਸਭ ਤੋਂ ਠੰਢਾ ਸ਼ਹਿਰ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।