ਸਿੱਖ ਮਸਲਿਆਂ ਦੇ ਹੱਲ ਲਈ ਲੱਗੇ ਪੱਕੇ ਮੋਰਚੇ ਵੱਲ ਵਹੀਰਾਂ ਘੱਤੀਆਂ

ਮੁਹਾਲੀ: ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਧਾਰਮਿਕ ਮੁੱਦਿਆਂ ਉਤੇ ਸਰਕਾਰਾਂ ਦੀ ਅਣਦੇਖੀ ਖ਼ਿਲਾਫ਼ ਸਿੱਖਾਂ ਵਿਚ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ।
ਕੌਮੀ ਇਨਸਾਫ ਮੋਰਚਾ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਣੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਕੜਾਕੇ ਦੀ ਠੰਢ ਵਿਚ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ‘ਤੇ ਲਗਾਇਆ ਗਿਆ ਲੜੀਵਾਰ ਧਰਨਾ ਜਾਰੀ ਹੈ। ਪੈਰੀਫੇਰੀ ਮਿਲਕਮੈਨ ਯੂਨੀਅਨ ਨੇ ਵੀ ਸਿੱਖ ਜਥੇਬੰਦੀਆਂ ਦੇ ਸੰਘਰਸ਼ ਦੀ ਹਮਾਇਤ ਕੀਤੀ ਹੈ। ਸੰਸਥਾ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਇਲਾਕੇ ਦੇ ਦੋਧੀਆਂ ਵੱਲੋਂ ਰੋਜ਼ਾਨਾ ਧਰਨੇ ਵਿਚ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਸੰਗਤ ਲਈ ਦੁੱਧ ਦੀ ਸੇਵਾ ਕੀਤੀ ਜਾਵੇਗੀ।

ਬਾਪੂ ਗੁਰਚਰਨ ਸਿੰਘ, ਭਾਈ ਜਸਵਿੰਦਰ ਸਿੰਘ ਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਹਾਕਮ ਧਿਰਾਂ ਸਿੱਖਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲੈਣ। ਉਨ੍ਹਾਂ ਐਲਾਨ ਕੀਤਾ ਕਿ ਧਰਨੇ ਵਿਚ ਰੋਜ਼ਾਨਾ ਪੰਥ ਦਰਦੀਆਂ ਦੀ ਆਮਦ ਵਧਦੀ ਜਾ ਰਹੀ ਹੈ ਤੇ ਆਉਣ ਵਾਲੇ ਦਿਨਾਂ ਵਿਚ ਕੇਂਦਰ ਤੇ ਸੂਬਾ ਸਰਕਾਰ ਨੂੰ ਸਿੱਖਾਂ ਦੇ ਰੋਹ ਅੱਗੇ ਗੋਡੇ ਟੇਕਣ ਲਈ ਮਜਬੂਰ ਹੋਣਾ ਪਵੇਗਾ।
ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਦਹਾਕਿਆਂ ਤੋਂ ਸਿੱਖਾਂ ਨਾਲ ਬੇਇਨਸਾਫ਼ੀਆਂ ਕੀਤੀਆਂ ਜਾਂਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰੋਜ਼ਾਨਾ ਪੱਕੇ ਮੋਰਚੇ ਵਿਚ ਸੰਗਤ ਦਾ ਇਕੱਠ ਵਧ ਰਿਹਾ ਹੈ ਤੇ ਹੁਣ ਪਿੰਡਾਂ ਦੀ ਸੰਗਤ ਦੇ ਨਾਲ-ਨਾਲ ਚੰਡੀਗੜ੍ਹ ਤੇ ਮੁਹਾਲੀ ਦੀ ਸੰਗਤ ਵਹੀਰਾਂ ਘੱਤ ਕੇ ਆਉਣ ਲੱਗੀ ਹੈ।
ਉਧਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਬਾਰੇ ਬਹੁਤ ਗੱਲਾਂ ਹੋ ਚੁੱਕੀਆਂ ਹਨ ਅਤੇ ਹੁਣ ਵੇਲਾ ਐਕਸ਼ਨ ਲੈਣ ਦਾ ਹੈ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਪੰਜਾਬ ਦੀ ‘ਆਪ` ਸਰਕਾਰ ਬਹੁਤ ਜਲਦੀ ਇਸ ਸਬੰਧੀ ਸਖ਼ਤ ਐਕਸ਼ਨ ਲੈਣ ਜਾ ਰਹੀ ਹੈ।
ਬੁਲਾਰਿਆਂ ਨੇ ਕਿਹਾ ਕਿ ਦੇਸ਼ ਵਿਚ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਖਤਰੇ ਵਿਚ ਹੈ ਤੇ ਸਿੱਖਾਂ ਲਈ ਕਾਨੂੰਨ ਵੀ ਵੱਖੋ-ਵੱਖਰੇ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਮਾਮਲਿਆਂ ਵਿਚ ਸਰਕਾਰਾਂ ਜਾਣਬੁੱਝ ਕੇ ਕਾਨੂੰਨੀ ਅੜਿੱਕੇ ਡਾਹ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕਾਨੂੰਨ ਵਿਚ ਇਹ ਨਹੀਂ ਲਿਖਿਆ ਕਿ ਜੋ ਵਿਅਕਤੀ ਆਪਣੀ ਸਜ਼ਾ ਭੁਗਤ ਚੁੱਕਾ ਹੋਵੇ, ਉਸ ਨੂੰ ਰਿਹਾਅ ਨਾ ਕਰਕੇ ਗੈਰ ਕਾਨੂੰਨੀ ਤਰੀਕੇ ਨਾਲ ਜੇਲ੍ਹਾਂ ਵਿਚ ਨਜ਼ਰਬੰਦ ਰੱਖਿਆ ਜਾਵੇ। ਬੁਲਾਰਿਆਂ ਨੇ ਸਰਕਾਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਹੁਕਮਰਾਨ ਸਿੱਖਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲੈਣ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਤੇ ਬੇਅਦਬੀ ਤੇ ਗੋਲੀਕਾਂਡ ਲਈ ਜ਼ਿੰਮੇਵਾਰ ਅਫ਼ਸਰਾਂ ਅਤੇ ਆਗੂਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਸਜਾਵਾਂ ਨਹੀਂ ਦਿੱਤੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਪੰਜਾਬ ਤੇ ਹਰਿਆਣਾ ਦੇ ਸਿੱਖ ਸਾਂਝੀ ਲੜਾਈ ਲੜਨ: ਦਾਦੂਵਾਲ
ਮੁਹਾਲੀ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਆਪਣੇ ਸਮਰਥਕਾਂ ਨਾਲ ਧਰਨੇ ਵਿਚ ਸ਼ਮੂਲੀਅਤ ਕੀਤੀ। ਜਥੇਦਾਰ ਦਾਦੂਵਾਲ ਨੇ ਸਿੱਖਾਂ ਦੇ ਅਣਸੁਲਝੇ ਮਸਲਿਆਂ ਸਬੰਧੀ ਇਨਸਾਫ਼ ਲੈਣ ਲਈ ਪੰਜਾਬ ਤੇ ਹਰਿਆਣਾ ਦੇ ਸਿੱਖਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਪੰਜਾਬ ਤੇ ਚੰਡੀਗੜ੍ਹ ਦੀ ਹੱਦ ‘ਤੇ ਚੱਲ ਰਹੇ ਪੱਕੇ ਮੋਰਚੇ ਵਿਚੋਂ ਸਿੱਖ ਆਗੂ ਬਲਜੀਤ ਸਿੰਘ ਖਾਲਸਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨ ਲਈ ਰਾਜ ਭਵਨ ਪੁੱਜ ਗਏ। ਸ੍ਰੀ ਖਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਰਾਜਪਾਲ ਨਾਲ ਮੁਲਾਕਾਤ ਕਰਨ ਦੀ ਮੰਗ ਕੀਤੀ ਜਿਨ੍ਹਾਂ ਨੂੰ ਪੁਲਿਸ ਨੇ ਰੋਕਿਆ ਤੇ ਸਮਝਾ ਕੇ ਮੋਰਚੇ ਵਾਲੀ ਥਾਂ ‘ਤੇ ਛੱਡ ਦਿੱਤਾ। ਬਲਜੀਤ ਸਿੰਘ ਦਾਦੂਵਾਲ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਬੰਦੀ ਸਿੰਘ ਤੁਰਤ ਰਿਹਾਅ ਕੀਤੇ ਜਾਣ ਅਤੇ ਪੰਜਾਬ ਸਰਕਾਰ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਜੇਲ੍ਹ ਵਿਚ ਡੱਕੇ।