ਭਾਜਪਾ ਸਰਕਾਰ ਰਾਮ ਰਹੀਮ `ਤੇ ਮਿਹਰਬਾਨ, 14 ਮਹੀਨਿਆਂ `ਚ ਚੌਥੀ ਪੈਰੋਲ

ਚੰਡੀਗੜ੍ਹ: ਜਬਰ ਜਨਾਹ ਤੇ ਕਤਲ ਮਾਮਲੇ ਵਿਚ ਸੁਨਾਰੀਆ ਜੇਲ੍ਹ ‘ਚ ਸਜ਼ਾ ਭੁਗਤ ਰਿਹਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 40 ਦਿਨਾਂ ਦੀ ਪੈਰੋਲ ਮਿਲਣ ਮਗਰੋਂ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਬਾਗਪਤ ਸਥਿਤ ਬਰਨਾਵਾ ਆਸ਼ਰਮ ‘ਚ ਪੁੱਜ ਗਿਆ। ਡੇਰਾ ਸਿਰਸਾ ਮੁਖੀ ਨਾਲ ਹਨੀਪ੍ਰੀਤ ਵੀ ਮੌਜੂਦ ਰਹੀ। ਪਿਛਲੇ 14 ਮਹੀਨਿਆਂ ਵਿਚ ਡੇਰਾ ਮੁਖੀ ਨੂੰ ਚੌਥੀ ਵਾਰ ਪੈਰੋਲ ਮਿਲੀ ਹੈ।

ਡੇਰਾ ਸਿਰਸਾ ਮੁਖੀ ਨੇ ਪੈਰੋਲ ‘ਤੇ ਬਾਹਰ ਆਉਣ ਤੋਂ ਬਾਅਦ ਸ਼ਾਮ ਨੂੰ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਡੇਰਾ ਪ੍ਰੇਮੀਆਂ ਨੂੰ ਸੁਨੇਹਾ ਦਿੱਤਾ। ਉਸ ਨੇ ਕਿਹਾ ਕਿ ਉਹ ਮੁੜ ਸਾਰਿਆਂ ਦੀ ਸੇਵਾ ਵਿਚ ਹਾਜ਼ਰ ਹੋਇਆ ਹੈ। ਉਸ ਨੇ ਦੱਸਿਆ ਕਿ ਉਹ ਯੂਪੀ ਆਸ਼ਰਮ ਵਿਚ ਪਹੁੰਚ ਚੁੱਕਾ ਹੈ। ਉਸ ਨੇ ਸਾਰੇ ਡੇਰਾ ਪ੍ਰੇਮੀਆਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਹੈ। ਉਸ ਨੇ ਕਿਹਾ ਕਿ ਸੇਵਾਦਾਰਾਂ ਵੱਲੋਂ ਜੋ ਪ੍ਰੋਗਰਾਮ ਤਿਆਰ ਕੀਤਾ ਜਾਵੇਗਾ, ਉਸ ਅਨੁਸਾਰ ਹੀ ਕੰਮ ਕੀਤਾ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੇਰਾ ਮੁਖੀ ਆਉਣ ਵਾਲੇ ਦਿਨਾਂ ਵਿੱਚ ਸਿਰਸਾ ਵੀ ਆ ਸਕਦਾ ਹੈ।
ਡੇਰਾ ਮੁਖੀ ਦੇ ਜੇਲ੍ਹ ‘ਚੋਂ ਬਾਹਰ ਆਉਣ ‘ਤੇ ਡੇਰਾ ਪ੍ਰੇਮੀਆਂ ਵਿਚ ਜਿੱਥੇ ਖੁਸ਼ੀ ਦੀ ਲਹਿਰ ਹੈ, ਉਥੇ ਹੀ ਪੀੜਤ ਧਿਰ ਨੇ ਇਸ ‘ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਨੇ ਡੇਰਾ ਮੁਖੀ ਨੂੰ ਵਾਰ ਵਾਰ ਪੈਰੋਲ ਦਿੱਤੇ ਜਾਣ ਸਬੰਧੀ ਸਰਕਾਰ ‘ਤੇ ਮਿਲੀਭੁਗਤ ਦਾ ਦੋਸ਼ ਲਾਉਂਦਿਆਂ ਸਵਾਲ ਚੁੱਕੇ ਹਨ। ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਕਿਹਾ ਹੈ ਕਿ ਸਰਕਾਰ ਦੀ ਮਿਲੀਭੁਗਤ ਨਾਲ ਡੇਰਾ ਮੁਖੀ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਇਸ ਤੋਂ ਸਾਫ ਹੈ ਕਿ ਸਰਕਾਰ ਡੇਰਾ ਮੁਖੀ ਤੋਂ ਰਾਜਸੀ ਲਾਹ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਜਦੋਂ ਵੀ ਕਿਸੇ ਸੂਬੇ ਵਿਚ ਚੋਣਾਂ ਹੁੰਦੀਆਂ ਹਨ, ਉਸ ਤੋਂ ਪਹਿਲਾਂ ਡੇਰਾ ਮੁਖੀ ਨੂੰ ਪੈਰੋਲ ਦੇ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਹੈ ਕਿ ਉਹ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰ ਕੇ ਅਗਲੀ ਕਾਰਵਾਈ ਕਰਨਗੇ।
ਦਰਅਸਲ 25 ਅਗਸਤ 2017 ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਸਾਧਵੀ ਜਬਰ ਜਨਾਹ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦੇ ਹੋਏ 28 ਅਗਸਤ 2017 ਨੂੰ ਸਜ਼ਾ ਸੁਣਾਈ ਗਈ ਸੀ।
ਇਸ ਤੋਂ ਬਾਅਦ ਉਸ ਨੂੰ ਪੱਤਰਕਾਰ ਰਾਮ ਚੰਦਰ ਛਤਰਪਤੀ ਅਤੇ ਰਣਜੀਤ ਕਤਲ ਮਾਮਲੇ ਵਿਚ ਸਜ਼ਾ ਸੁਣਾਈ ਗਈ। ਉਦੋਂ ਤੋਂ ਡੇਰਾ ਮੁਖੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਹੈ। ਪਿਛਲੇ ਸਾਲ 15 ਅਕਤੂਬਰ ਰਾਮ ਰਹੀਮ ਨੂੰ 40 ਦਿਨ ਦੀ ਪੈਰੋਲ ਮਿਲੀ। ਇਸ ਦੌਰਾਨ ਡੇਰਾ ਮੁਖੀ ਆਸ਼ਰਮ ਵਿਚ ਰਿਹਾ ਤੇ ਆਨਲਾਈਨ ਡੇਰਾ ਪ੍ਰੇਮੀਆਂ ਨੂੰ ਸੰਬੋਧਨ ਕਰਦਾ ਰਿਹਾ। 25 ਨਵੰਬਰ ਨੂੰ ਡੇਰਾ ਮੁਖੀ ਦੀ ਪੈਰੋਲ ਸਮਾਪਤ ਹੋਈ ਤੇ ਉਹ ਮੁੜ ਜੇਲ੍ਹ ਗਿਆ। ਹੁਣ ਦੋ ਮਹੀਨਿਆਂ ਤੋਂ ਵੀ ਕੁਝ ਦਿਨ ਪਹਿਲਾਂ ਉਸ ਨੂੰ 40 ਦਿਨ ਦੀ ਫਿਰ ਪੈਰੋਲ ਮਿਲ ਗਈ ਹੈ।
ਪੈਰੋਲ `ਤੇ ਜਾਣਾ ਹਰ ਕੈਦੀ ਦਾ ਅਧਿਕਾਰ: ਖੱਟਰ
ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਮਿਲਣ ਦੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਜੇ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਮਿਲੀ ਹੈ ਤਾਂ ਉਹ ਨਿਯਮਾਂ ਅਨੁਸਾਰ ਮਿਲੀ ਹੋਵੇਗੀ। ਪੈਰੋਲ ‘ਤੇ ਜਾਣਾ ਕੈਦੀ ਦਾ ਅਧਿਕਾਰ ਹੈ। ਹਰਿਆਣਾ ਸਰਕਾਰ ਨੇ ਕਦੇ ਵੀ ਅਜਿਹੇ ਮਾਮਲੇ ਵਿਚ ਦਖਲ ਨਹੀਂ ਦਿੱਤਾ ਹੈ ਅਤੇ ਨਾ ਹੀ ਦਿੱਤਾ ਜਾਵੇਗਾ।