ਪੱਕੇ ਮੋਰਚੇ `ਚ ਸ਼੍ਰੋਮਣੀ ਕਮੇਟੀ ਪ੍ਰਧਾਨ `ਤੇ ਹਮਲੇ ਦਾ ਮੁੱਦਾ ਅਕਾਲ ਤਖਤ ਪੁੱਜਾ

ਜਥੇਦਾਰ ਨੂੰ ਘਟਨਾ ਦੀ ਆਪਣੇ ਤੌਰ `ਤੇ ਜਾਂਚ ਕਰਵਾਉਣ ਦੀ ਅਪੀਲ
ਮੁਹਾਲੀ: ਮੁਹਾਲੀ-ਚੰਡੀਗੜ੍ਹ ਦੀ ਹੱਦ ‘ਤੇ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਸਬੰਧ ‘ਚ ਚੱਲ ਰਹੇ ਪੱਕੇ ਮੋਰਚੇ ਵਾਲੀ ਥਾਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ਉਤੇ ਹਮਲਾ ਕੀਤਾ ਗਿਆ। ਸ੍ਰੀ ਧਾਮੀ ਧਰਨੇ ਨੂੰ ਸੰਬੋਧਨ ਕਰਨ ਤੋਂ ਬਾਅਦ ਵਾਪਸ ਜਾ ਰਹੇ ਸਨ ਤਾਂ ਕੁਝ ਗਰਮਖਿਆਲੀ ਨੌਜਵਾਨਾਂ ਨੇ ਉਨ੍ਹਾਂ ਨੂੰ ਸਵਾਲ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਜਦੋਂ ਉਹ ਗੱਡੀ ਵਿਚ ਬੈਠ ਗਏ ਤਾਂ ਭੀੜ ‘ਚੋਂ ਕਈ ਵਿਅਕਤੀਆਂ ਨੇ ਉਨ੍ਹਾਂ ਦੇ ਕਾਫਲੇ ‘ਤੇ ਪਥਰਾਅ ਕਰ ਦਿੱਤਾ। ਹਮਲਾਵਰਾਂ ਵੱਲੋਂ ਧਾਮੀ ਦੇ ਕਾਫ਼ਲੇ ਵਾਲੀ ਇਕ ਹੋਰ ਗੱਡੀ ‘ਤੇ ਕਿਰਪਾਨਾਂ ਮਾਰੀਆਂ ਗਈਆਂ। ਹਮਲੇ ‘ਚ ਕਈ ਗੱਡੀਆਂ ਨੁਕਸਾਨੀਆਂ ਗਈਆਂ। ਬੜੀ ਮੁਸ਼ਕਲ ਨਾਲ ਧਾਮੀ ਅਤੇ ਉਨ੍ਹਾਂ ਦੇ ਸਾਥੀ ਵਾਲ ਵਾਲ ਬਚ ਕੇ ਮੌਕੇ ਤੋਂ ਨਿਕਲੇ।

ਉਧਰ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਮੁਹਾਲੀ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ‘ਤੇ ਹਮਲਾ ਕਰਨ ਦੀ ਵਾਪਰੀ ਘਟਨਾ ਦੀ ਆਪਣੇ ਤੌਰ ‘ਤੇ ਜਾਂਚ ਕਰਵਾਉਣ। ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ਵਿਚ ਸਿੱਖ ਸੰਸਥਾ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ ਹੈ, ਜਿਸ ਵਿਚ ਮੁਹਾਲੀ ਵਿਖੇ ਕੌਮੀ ਇਨਸਾਫ ਮੋਰਚੇ ਵਿਚ ਸ਼ਮੂਲੀਅਤ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਕੁਝ ਲੋਕਾਂ ਵੱਲੋਂ ਕੀਤੇ ਗਏ ਹਮਲੇ ਦਾ ਮਾਮਲਾ ਵਿਚਾਰਿਆ ਗਿਆ।
ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਦਖਲ ਦੇਣ ਦੀ ਅਪੀਲ ਕੀਤੀ ਗਈ। ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੁੱਚੀ ਕੌਮ ਦੀ ਨੁਮਾਇੰਦਾ ਜਥੇਬੰਦੀ ਦੇ ਆਗੂ ਹੋਣ ਕਰਕੇ ਕਿਸੇ ਇਕ ਧਿਰ ਦੇ ਨਹੀਂ ਹਨ, ਸਗੋਂ ਸਮੁੱਚੀ ਕੌਮ ਦੇ ਸਾਂਝੇ ਹਨ। ਉਹ ਨਿੱਜੀ ਤੌਰ ‘ਤੇ ਵੀ ਪੰਥਕ ਸੰਘਰਸ਼ ਦੌਰਾਨ ਜੇਲ੍ਹਾਂ ਕੱਟ ਰਹੇ ਸਿੱਖਾਂ ਦੇ ਕੇਸਾਂ ਦੀ ਪੈਰਵਾਈ ਕਰਦਿਆਂ ਕਾਨੂੰਨੀ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਮੌਜੂਦਾ ਸਮੇਂ ਸਿੱਖ ਸੰਸਥਾ ਦੇ ਪ੍ਰਧਾਨ ਹੁੰਦਿਆਂ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਕਾਰਜਸ਼ੀਲ ਹਨ। ਅਜਿਹੀ ਪੰਥਕ ਸ਼ਖ਼ਸੀਅਤ ‘ਤੇ ਹਮਲਾ ਕਰਨ ਵਾਲਿਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਕਰੜੀ ਨਿੰਦਾ ਕਰਦੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਕਾਫਲੇ ਉਤੇ ਕੁਝ ਲੋਕਾਂ ਵੱਲੋਂ ਕੀਤੇ ਗਏ ਹਮਲੇ ਦੀ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਗਈ ਹੈ। ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਧਾਮੀ ਦੀ ਗੱਡੀ ਦੀ ਭੰਨ-ਤੋੜ ਮੰਦਭਾਗਾ ਵਰਤਾਰਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਮੋਰਚੇ ਦੇ ਪ੍ਰਬੰਧਕਾਂ ਨੂੰ ਇਸ ਬਾਰੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਨੇ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਹਵਾਰਾ ਕਮੇਟੀ ਦੇ ਆਗੂ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਆਪਸੀ ਵਿਚਾਰਾਂ ਦੇ ਮੱਤਭੇਦ, ਨਰਾਜ਼ਗੀਆਂ ਅਤੇ ਦੂਰੀਆਂ ਨੂੰ ਹਮਲਾ ਕਰਕੇ ਸੁਲਝਾਇਆ ਨਹੀਂ ਜਾ ਸਕਦਾ ਹੈ।
ਹਮਲਾ ਪੰਥ ਵਿਰੋਧੀ ਤਾਕਤਾਂ ਦੀ ਸਾਜ਼ਿਸ਼: ਧਾਮੀ
ਚੰਡੀਗੜ੍ਹ: ਹਰਜਿੰਦਰ ਸਿੰਘ ਧਾਮੀ ਨੇ ਆਪਣੇ ਕਾਫਲੇ ‘ਤੇ ਹੋਏ ਹਮਲੇ ਲਈ ਪੰਥ ਵਿਰੋਧੀ ਤਾਕਤਾਂ ਨੂੰ ਜ਼ਿੰਮੇਵਾਰ ਕਰਾਰ ਦਿੰਦਿਆਂ ਕਿਹਾ ਕਿ ਸਿੱਖ ਸੰਸਥਾ ਦੇ ਮੁਖੀ ‘ਤੇ ਹਮਲੇ ਤੋਂ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਪੱਲਾ ਨਹੀਂ ਝਾੜ ਸਕਦਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਮੋਰਚੇ ਵਿਚ ਸ਼ਮੂਲੀਅਤ ਪ੍ਰਬੰਧਕਾਂ ਦੇ ਸੱਦੇ ‘ਤੇ ਕੀਤੀ ਸੀ। ਉਨ੍ਹਾਂ ਕਿਹਾ ਕਿ ਮੋਰਚਾ ਪ੍ਰਬੰਧਕਾਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਸ਼ਰਾਰਤੀ ਤੱਤਾਂ ਨੂੰ ਮੋਰਚੇ ਤੋਂ ਦੂਰ ਰੱਖਿਆ ਜਾਵੇ।