ਪੰਜਾਬ ਵਿਚ ਭਾਜਪਾ ਆਪਣੇ ਦਮ `ਤੇ ਚੋਣ ਲੜੇਗੀ: ਅਸ਼ਵਨੀ ਸ਼ਰਮਾ

ਅੰਮ੍ਰਿਤਸਰ: ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਨਗਰ ਨਿਗਮ, ਨਗਰ ਪੰਚਾਇਤ ਅਤੇ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਵੱਲੋਂ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜਨ ਦਾ ਫੈਸਲਾ ਕੀਤਾ ਗਿਆ ਹੈ। ਮੀਟਿੰਗ ਵਿਚ ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ ਅਤੇ ਸਾਰੇ ਭਾਜਪਾ ਅਹੁਦੇਦਾਰ ਤੇ ਵਰਕਰ ਆਪੋ-ਆਪਣੇ ਖੇਤਰਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਭਾਜਪਾ ਦੀ ਵਿਚਾਰਧਾਰਾ ਤੇ ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂ ਕਰਵਾਉਣ।

ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਭਾਜਪਾ ਹਾਈਕਮਾਨ ਨੇ ਸਾਰੇ ਜ਼ਿਲ੍ਹਿਆਂ ਤੋਂ ਫੀਡਬੈਕ ਲਈ ਹੈ। ਵਰਕਰ ਪੂਰੀ ਤਰ੍ਹਾਂ ਤਿਆਰ ਹਨ ਤੇ ਉਹ ਪਹਿਲਾਂ ਹੀ ਮੈਦਾਨ ‘ਚ ਨਿੱਤਰੇ ਹੋਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਹਲਕਿਆਂ ਤੋਂ ਫੀਡਬੈਕ ਲੈ ਕੇ ਯੋਗ ਉਮੀਦਵਾਰ ਨੂੰ ਚੋਣ ਲੜਨ ਦਾ ਮੌਕਾ ਦੇਵੇਗੀ ਤੇ ਇਸ ਲਈ ਪਾਰਟੀ ਵੱਲੋਂ ਰਣਨੀਤੀ ਵੀ ਤਿਆਰ ਕਰ ਲਈ ਗਈ ਹੈ। ਉਨ੍ਹਾਂ ਸਮੂਹ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਪੋ-ਆਪਣੇ ਇਲਾਕੇ ਦੇ ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੀ ਪੰਜਾਬ ਤੇ ਪੰਜਾਬੀਅਤ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਉਣ।