ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਲੋਕ ਸਭਾ ਚੋਣਾਂ ਮਿਲ ਕੇ ਲੜਨਗੇ

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ (ਬਸਪਾ) ਆਗਾਮੀ ਲੋਕ ਸਭਾ ਦੀਆਂ ਚੋਣਾਂ ਇਕੱਠੇ ਲੜਨਗੀਆਂ ਤੇ ਦੋਵਾਂ ਪਾਰਟੀਆਂ ਵਿਚਾਲੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਾਂਗ ਹੀ ਗੱਠਜੋੜ ਜਾਰੀ ਰੱਖਣ ਲਈ ਸਹਿਮਤੀ ਬਣੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਇੱਥੇ ਬਸਪਾ ਮੁਖੀ ਕੁਮਾਰੀ ਮਾਇਆਵਤੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੀਟਿੰਗ ਕੀਤੀ। ਬਸਪਾ ਵੱਲੋਂ ਜਾਰੀ ਇਕ ਬਿਆਨ ਵਿਚ ਦੱਸਿਆ ਗਿਆ ਕਿ ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਮੀਟਿੰਗ ਵਿਚ ਚਰਚਾ ਕੀਤੀ ਗਈ ਕਿ 2024 ਦੀਆਂ ਲੋਕ ਸਭਾ ਚੋਣਾਂ ਵਿਚ ਪੁਰਾਣੇ ਸਿਆਸੀ ਗੱਠਜੋੜ ਨੂੰ ਮਜ਼ਬੂਤ ਕੀਤਾ ਜਾਵੇ ਤੇ ਸਬੰਧਾਂ ਨੂੰ ਹੋਰ ਬਿਹਤਰ ਬਣਾਇਆ ਜਾਵੇ। ਮੀਟਿੰਗ ਦੌਰਾਨ ਹੋਰ ਰਣਨੀਤੀਆਂ ਬਾਰੇ ਵੀ ਖੁੱਲ੍ਹ ਕੇ ਚਰਚਾ ਕੀਤੀ ਗਈ। ਦੋਵਾਂ ਪਾਰਟੀਆਂ ਦੀ ਲੀਡਰਸ਼ਿਪ ਵਿਚ ਇਸ ਗੱਲ ‘ਤੇ ਸਹਿਮਤੀ ਬਣੀ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਾਂਗ ਹੀ ਲੋਕ ਸਭਾ ਚੋਣਾਂ ਦੌਰਾਨ ਵੀ ਦੋਵਾਂ ਪਾਰਟੀਆਂ ਵਿਚ ਪੂਰਨ ਏਕਤਾ, ਇੱਕਜੁਟਤਾ ਤੇ ਤਾਲਮੇਲ ਹਰ ਸਮੇਂ ਕਾਇਮ ਰੱਖਿਆ ਜਾਵੇ ਕਿਉਂਕਿ ਵਿਰੋਧੀਆਂ ਦੀਆਂ ਸਾਜ਼ਿਸ਼ਾਂ ਦੇ ਬਾਵਜੂਦ ਅਕਾਲੀ ਦਲ-ਬਸਪਾ ਗੱਠਜੋੜ ਪਿੰਡਾਂ ਵਿਚ ਮਜ਼ਬੂਤ ਬਣ ਕੇ ਉਭਰਿਆ ਹੈ। ਮਾਇਆਵਤੀ ਨੇ ਕਿਹਾ ਕਿ ਬਸਪਾ ਨੂੰ ਅਕਾਲੀ ਦਲ ਦੇ ਆਗੂਆਂ ‘ਤੇ ਪੂਰਾ ਭਰੋਸਾ ਹੈ ਕਿ ਉਹ ਵੀ ਆਪਣੀ ਵੋਟ ਬਸਪਾ ਨੂੰ ਟਰਾਂਸਫਰ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਤਾਂ ਜੋ ਗੱਠਜੋੜ ਸਹੀ ਮਾਅਨਿਆਂ ‘ਚ ਲਾਹੇਵੰਦ ਹੋਵੇ ਅਤੇ ਇਸ ਦੇ ਵੱਧ ਤੋਂ ਵੱਧ ਉਮੀਦਵਾਰ ਚੋਣ ਜਿੱਤਣ ਦਾ ਸੁਨੇਹਾ ਦੇ ਸਕਣ।