ਹਰਿਆਣਾ ਦੇ ਗੁਰਦੁਆਰਿਆਂ ਵਿਚ ਟਕਰਾਅ ਵਧਿਆ

ਅੰਬਾਲਾ: ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਐਡਹਾਕ) ਵੱਲੋਂ ਸੂਬੇ ਦੇ ਗੁਰਦੁਆਰਿਆਂ ਦੀ ਸੇਵਾ ਸੰਭਾਲ ਦੀ ਸ਼ੁਰੂ ਕੀਤੀ ਕਾਰਵਾਈ ਪਿੱਛੋਂ ਟਕਰਾਅ ਵਾਲਾ ਮਾਹੌਲ ਬਣ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਵੱਲੋਂ ਜਿਥੇ ਗੁਰਦੁਆਰਿਆਂ ਦਾ ਪ੍ਰਬੰਧ ਆਪਣੇ ਹੱਥਾਂ ਵਿਚ ਰੱਖਣ ਲਈ ਟਿੱਲ ਲਾਇਆ ਹੋਇਆ ਹੈ, ਉਥੇ ਹਰਿਆਣਾ ਕਮੇਟੀ ਦੇ ਆਗੂ ਵੀ ਕਾਹਲੇ ਜਾਪ ਰਹੇ ਹਨ।

ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਦਾ ਕਬਜ਼ਾ ਲੈਣ ਮੌਕੇ ਦੋਵਾਂ ਧਿਰਾਂ ਵਿਚ ਟਕਰਾਅ ਹੋ ਗਿਆ। ਹਰਿਆਣਾ ਕਮੇਟੀ ਦੇ ਆਗੂਆਂ ਵੱਲੋਂ ਗੁਰਦੁਆਰੇ ਵਿਚ ਚੱਲ ਰਹੇ ਕੀਰਤਨ ਦੌਰਾਨ ਕਟਰ ਦੀ ਮਦਦ ਨਾਲ ਗੋਲਕ ਦਾ ਤਾਲਾ ਕੱਟ ਕੇ ਆਪਣਾ ਤਾਲਾ ਲਾਉਣ ਅਤੇ ਦਫਤਰ ਦਾ ਤਾਲਾ ਕੱਟਣ ਦੀ ਘਟਨਾ ਪਿੱਛੋਂ ਵਿਵਾਦ ਭਖ ਗਿਆ। ਇਸ ਮੌਕੇ ਗੁਰਦੁਆਰੇ ਦੇ ਅੰਦਰ ਹੀ ਟਕਰਾਅ ਵਾਲਾ ਮਾਹੌਲ ਬਣ ਗਿਆ ਤੇ ਦੋਵਾਂ ਧਿਰਾਂ ਵਿਚਾਲੇ ਧੱਕਾ-ਮੁੱਕੀ ਹੋਈ। ਅਗਲੇ ਦਿਨ ਹਰਿਆਣਾ ਨੇ ਭਾਰੀ ਪੁਲਿਸ ਪ੍ਰਬੰਧਾਂ ਹੇਠ ਪੰਚਕੂਲਾ ਦੇ ਇਤਿਹਾਸਕ ਗੁਰਦੁਆਰਾ ਨਾਢਾ ਸਾਹਿਬ ਉਤੇ ਕਬਜ਼ਾ ਕਰ ਲਿਆ। ਨਵੀਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੋਲਕ ‘ਤੇ ਆਪਣੇ ਜ਼ਿੰਦਰੇ ਲਗਾ ਦਿੱਤੇ ਹਨ। ਸ਼ਾਮ ਦੇ ਕੀਰਤਨ ਦੀ ਸਮਾਪਤੀ ਤੋਂ ਪਹਿਲਾਂ ਨਵੀਂ ਕਮੇਟੀ ਨੇ ਅਰਦਾਸ ਕੀਤੀ ਅਤੇ ਗੁਰਦੁਆਰਾ ਨਾਢਾ ਸਾਹਿਬ ਦੇ ਦਫਤਰ ਵਿਚ ਆ ਕੇ ਮੁਲਾਜ਼ਮਾਂ ਨੂੰ ਫਾਰਮ ਦਿੱਤੇ ਅਤੇ ਆਖਿਆ ਹੈ ਕਿ ਜਿਨ੍ਹਾਂ ਨੇ ਇੱਥੇ ਰਹਿਣਾ ਹੈ ਅਤੇ ਨਵੀਂ ਕਮੇਟੀ ਦੇ ਨਾਲ ਹਨ, ਉਹ ਫਾਰਮ ਭਰ ਦੇਣ। ਕਈ ਮੁਲਾਜ਼ਮਾਂ ਨੇ ਫਾਰਮ ਭਰੇ ਅਤੇ ਕਈ ਚੁੱਪ ਵੱਟ ਕੇ ਬੈਠ ਗਏ। ਕਬਜ਼ੇ ਦੌਰਾਨ ਵੱਡੀ ਗਿਣਤੀ ਵਿਚ ਫੋਰਸ ਸਿਵਲ ਵਰਦੀ ਵਿਚ ਸੀ। ਗੁਰਦੁਆਰੇ ਦੇ ਬਾਹਰ ਮਾਹੌਲ ਤਣਾਅ ਭਰਿਆ ਰਿਹਾ।
ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਇੰਸਪੈਕਟਰ ਤੋਂ ਗੋਲਕ ਦੀਆਂ ਚਾਬੀਆਂ ਵੀ ਮੰਗੀਆਂ ਗਈਆਂ ਪਰ ਚਾਬੀਆਂ ਨਾ ਮਿਲਣ ਉਤੇ ਗੋਲਕ ਦੇ ਤਾਲੇ ਤੋੜ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਤਾਲੇ ਲਗਾ ਦਿੱਤੇ। ਇਸ ਤੋਂ ਇਲਾਵਾ ਹਰਿਆਣਾ ਸਿੱਖ ਮਿਸ਼ਨ ਦੇ ਦਫਤਰ ਅਤੇ ਮੈਨੇਜਰ ਦੇ ਦਫਤਰਾਂ ਉਤੇ ਵੀ ਹਰਿਆਣਾ ਕਮੇਟੀ ਨੇ ਆਪਣੇ ਤਾਲੇ ਲਗਾ ਦਿੱਤੇ।
ਉਧਰ, ਸ਼੍ਰੋਮਣੀ ਕਮੇਟੀ ਨੇ ਹਰਿਆਣਾ ਵਿਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਅਤੇ ਸਿੱਖ ਮਿਸ਼ਨ ਦਫ਼ਤਰ ‘ਤੇ ਕਬਜ਼ੇ ਦੇ ਮਾਮਲੇ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਬਣਾਈ ਹੈ। ਇਸ ਗੰਭੀਰ ਮਾਮਲੇ ਨੂੰ ਵਿਚਾਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ ਸੀ। ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪੰਜ ਮੈਂਬਰੀ ਕਮੇਟੀ ਗੁਰਦੁਆਰੇ ਵਿਚ ਵਾਪਰੀ ਘਟਨਾ ਦਾ ਜਾਇਜ਼ਾ ਲਵੇਗੀ। ਕਮੇਟੀ ਦੀ ਰਿਪੋਰਟ ਮਗਰੋਂ ਸ੍ਰੀ ਅਕਾਲ ਤਖ਼ਤ ਨੂੰ ਅਗਲੇਰੀ ਕਾਰਵਾਈ ਲਈ ਅਪੀਲ ਕੀਤੀ ਜਾਵੇਗੀ। ਅੰਤ੍ਰਿੰਗ ਕਮੇਟੀ ਨੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਚ ਕਬਜ਼ੇ ਲਈ ਕੀਤੀ ਗਈ ਧੱਕੇਸ਼ਾਹੀ ਤੇ ਸਿੱਖ ਮਰਿਆਦਾ ਦੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਹਰਿਆਣਾ ਸਰਕਾਰ ਨੂੰ ਗੁਰਦੁਆਰਾ ਪ੍ਰਬੰਧਾਂ ‘ਚ ਦਖ਼ਲ ਬੰਦ ਕਰਨ ਦੀ ਤਾੜਨਾ ਕੀਤੀ ਹੈ। ਹਰਿਆਣਾ ਕਮੇਟੀ ਦੇ ਆਗੂਆਂ ਦੀ ਇਸ ਕਾਰਵਾਈ ਦੀ ਸ਼੍ਰੋਮਣੀ ਕਮੇਟੀ ਨੇ ਸਖਤ ਨਿਖੇਧੀ ਕੀਤੀ ਹੈ। ਹਰਜਿੰਦਰ ਸਿੰਘ ਧਾਮੀ ਨੇ ਆਖਿਆ ਹੈ ਕਿ ਸ਼੍ਰੋਮਣੀ ਕਮੇਟੀ ਸਿੱਖ ਗੁਰਦੁਆਰਾ ਐਕਟ-1925 ਤਹਿਤ ਗੁਰਦੁਆਰਿਆਂ ਦਾ ਪ੍ਰਬੰਧ ਕਰ ਰਹੀ ਹੈ, ਜਦਕਿ ਹਰਿਆਣਾ ਸਰਕਾਰ ਧੱਕੇ ਨਾਲ ਗੁਰਦੁਆਰਾ ਪ੍ਰਬੰਧਾਂ ਨੂੰ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੀ ਹੈ। ਹਰਿਆਣਾ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਜਰੀਏ ਧੱਕੇ ਨਾਲ ਗੁਰਦੁਆਰਿਆਂ ਦੇ ਪ੍ਰਬੰਧ ਹਥਿਆਉਣ ਦਾ ਯਤਨ ਕੀਤਾ ਜਾ ਰਿਹਾ ਹੈ। ਸਰਕਾਰ ਦੀ ਇਹ ਧੱਕੇਸ਼ਾਹੀ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਯਾਦ ਰਹੇ ਕਿ ਹਰਿਆਣਾ ਦੇ ਸਿੱਖਾਂ ਵੱਲੋਂ ਸੂਬੇ ਦੀ ਵੱਖਰੀ ਕਮੇਟੀ ਦੀ ਮੰਗ ਪਿਛਲੇ ਕਈ ਦਹਾਕਿਆਂ ਤੋਂ ਕੀਤੀ ਜਾ ਰਹੀ ਸੀ। ਹਰਿਆਣਾ ਦੇ ਕਈ ਸਿੱਖ ਆਗੂਆਂ ਦਾ ਇਲਜ਼ਾਮ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦੇ ਸਿੱਖਾਂ ਨਾਲ ਭੇਤਭਾਵ ਕਰਦੀ ਹੈ। ਸੂਬੇ ਦੇ ਸਿੱਖਾਂ ਦੀ ਮੰਗ ਨੂੰ ਲੈ ਕੇ ਭੁਪਿੰਦਰ ਸਿੰਘ ਹੁੱਡਾ ਦੀ ਸਰਕਾਰ ਨੇ ਹਰਿਆਣਾ ਦੀ ਵੱਖਰੀ ਕਮੇਟੀ ਕਾਇਮ ਕਰਨ ਲਈ ਕੈਬਨਿਟ ਮੰਤਰੀ ਹਰਮੋਹਿੰਦਰ ਸਿੰਘ ਚੱਠਾ ਅਤੇ ਰਣਦੀਪ ਸਿੰਘ ਸੂਰਜੇਵਾਲਾ ਦੀ ਅਗਵਾਈ ਵਿਚ ਦੋ ਕਮੇਟੀਆਂ ਦਾ ਗਠਨ ਕੀਤਾ ਸੀ। ਇਨ੍ਹਾਂ ਕਮੇਟੀਆਂ ਨੇ ਹਰਿਆਣਾ ਦੇ ਸਿੱਖਾਂ ਨਾਲ ਬੈਠਕਾਂ ਕਰਨ ਤੋਂ ਬਾਅਦ ਸੂਬੇ ਦੀ ਵੱਖਰੀ ਕਮੇਟੀ ਬਣਾਉਣ ਦੀ ਸਿਫਾਰਸ਼ ਕੀਤੀ ਸੀ। ਜਿਸ ਤੋਂ ਬਾਅਦ ਹਰਿਆਣਾ ਵਿਧਾਨ ਸਭਾ ਨੇ ਇਸ ਬਾਬਤ ਇਕ ਬਿੱਲ ਪਾਸ ਕੀਤਾ। 26 ਜੁਲਾਈ 2014 ਨੂੰ ਹੋਂਦ ਵਿਚ ਆਈ ਹਰਿਆਣਾ ਗੁਰਦੁਆਰਾ ਕਮੇਟੀ ਹੋਂਦ ਵਿਚ ਆਈ ਅਤੇ ਜਗਦੀਸ਼ ਸਿੰਘ ਝੀਂਡਾ ਇਸ ਦੇ ਪਹਿਲੇ ਪ੍ਰਧਾਨ ਬਣੇ ਸਨ। ਹਰਿਆਣਾ ਦੀ ਵੱਖਰੀ ਕਮੇਟੀ ਬਣਾਏ ਜਾਣ ਖ਼ਿਲਾਫ਼ ਸ਼੍ਰੋਮਣੀ ਕਮੇਟੀ ਨੇ ਅਦਾਲਤ ਦਾ ਰੁਖ ਕੀਤਾ ਤੇ ਹਰਿਆਣਾ ਸਿੱਖ ਗੁਰਦੁਆਰਾ (ਪ੍ਰਬੰਧਕ) ਐਕਟ 2014 ਨੂੰ ਚੁਣੌਤੀ ਦਿੱਤੀ, ਜਿਸ ਦੀ ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਫੈਸਲਾ ਹਰਿਆਣਾ ਦੇ ਸਿੱਖ ਆਗੂਆਂ ਦੇ ਹੱਕ ਵਿਚ ਸੁਣਾਇਆ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸੂਬੇ ਦੇ ਗੁਰਦੁਆਰਿਆਂ ਦਾ ਪ੍ਰਬੰਧ ਆਪਣੇ ਹੱਥਾਂ ਵਿਚ ਲੈਣ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ।