ਲੁਧਿਆਣਾ: ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਢੇ ਨਾਲੇ ਦੀ ਸਫਾਈ ਲਈ ਸ਼ਹਿਰ ਦੇ ਹਲਕਾ ਪੂਰਬੀ ਵਿਚ 315.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਸੂਬੇ ਦੇ ਸਭ ਤੋਂ ਵੱਡੇ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਸਣੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।
ਇਸ ਦੌਰਾਨ ਉਨ੍ਹਾਂ ਲੁਧਿਆਣਾ ਵਾਸੀਆਂ ਨਾਲ ਵਾਅਦਾ ਕੀਤਾ ਕਿ ਉਹ ਛੇਤੀ ਹੀ ਬੁੱਢੇ ਨਾਲੇ ਨੂੰ ਮੁੜ ਬੁੱਢਾ ਦਰਿਆ ਬਣਾਉਣਗੇ, ਜਿਸ ਨਾਲ ਲੋਕਾਂ ਨੂੰ ਦੂਸ਼ਿਤ ਪਾਣੀ ਤੇ ਗੰਭੀਰ ਬਿਮਾਰੀਆਂ ਤੋਂ ਰਾਹਤ ਮਿਲੇਗੀ। ਇਥੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਪ੍ਰਦੂਸ਼ਿਤ ਹੋ ਚੁੱਕੇ ਬੁੱਢੇ ਨਾਲੇ ‘ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਦੂਸ਼ਿਤ ਹੋ ਚੁੱਕਾ ਇਹ ਨਾਲਾ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਦਾ ਨਤੀਜਾ ਹੈ ਜਿਸ ਦਾ ਖਮਿਆਜ਼ਾ ਲੋਕ ਭੁਗਤ ਰਹੇ ਹਨ। ਉਨ੍ਹਾਂ ਕਿਹਾ ਕਿ 225 ਐਮ.ਐਲ.ਡੀ. ਦੀ ਸਮਰੱਥਾ ਵਾਲਾ ਨਵਾਂ ਸੀਵਰੇਜ ਟਰੀਟਮੈਂਟ ਪਲਾਂਟ ਸ਼ਹਿਰ ਵਿਚ ਬੁੱਢੇ ਨਾਲੇ ਦੀ ਸਫਾਈ ‘ਚ ਲਾਹੇਵੰਦ ਸਾਬਤ ਹੋਵੇਗਾ।
ਇਸ ਨਾਲੇ ਦਾ 14 ਕਿਲੋਮੀਟਰ ਹਿੱਸਾ ਸ਼ਹਿਰ ‘ਚੋਂ ਲੰਘਦਾ ਹੈ, ਜਿਸ ਦੀ ਮੁਕੰਮਲ ਸਫਾਈ ਲਈ ਵਿਸਥਾਰਤ ਯੋਜਨਾ ਉਲੀਕੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਹੋਰਨਾਂ ਪ੍ਰੋਜੈਕਟ ‘ਤੇ ਅਮਰੁਤ ਤੇ ਸਮਾਰਟ ਸਿਟੀ ਯੋਜਨਾ ਤਹਿਤ 650 ਕਰੋੜ ਖਰਚੇ ਜਾਣੇ ਹਨ।