ਅਜਨਾਲਾ ਹਿੰਸਾ ਨੇ ਬੁਰੀ ਫਸਾਈ ਭਗਵੰਤ ਮਾਨ ਸਰਕਾਰ

ਚੰਡੀਗੜ੍ਹ: ਅਜਨਾਲਾ ਥਾਣੇ ਵਿਚ ਵਾਪਰੀ ਹਿੰਸਕ ਘਟਨਾ ਤੇ ਇਸ ਤੋਂ ਬਾਅਦ ਬਣੇ ਮਾਹੌਲ ਕਾਰਨ ਭਗਵੰਤ ਮਾਨ ਸਰਕਾਰ ਬੁਰੀ ਤਰ੍ਹਾਂ ਘਿਰੀ ਹੋਈ ਹੈ। ਇਸ ਘਟਨਾ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੀ ਹਮਲਾਵਰ ਦਿਖਾਈ ਦੇ ਹੀ ਰਹੀਆਂ ਹਨ। ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅਜਨਾਲਾ ਹਿੰਸਾ ਮਾਮਲੇ ਉਤੇ ਰਾਜ ਦੀ ‘ਆਪ` ਸਰਕਾਰ ਨੂੰ ਘੇਰਦੇ ਹੋਏ ਕਿਹਾ ਹੈ ਕਿ ਇਹ ਘਟਨਾ ਦੇਸ਼ ਦੀ ਸੁਰੱਖਿਆ ਲਈ ਗੰਭੀਰ ਖਤਰਾ ਹੈ। ਉਨ੍ਹਾਂ ਕਿਹਾ ਕਿ ‘ਆਪ` ਸਰਕਾਰ `ਚ ਜਿੱਥੇ ਸੂਬੇ ਦੀ ਅਮਨ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਨਾਲ ਡਗਮਗਾ ਗਈ ਹੈ, ਉਥੇ ਅਜਿਹੀਆਂ ਘਟਨਾਵਾਂ ਕੌਮੀ ਸੁਰੱਖਿਆ ਲਈ ਵੀ ਠੀਕ ਨਹੀਂ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੇ ਹੋਰ ਗੁਆਂਢੀ ਮੁਲਕ ਅਜਿਹੇ ਹਾਲਾਤ ਦਾ ਫਾਇਦਾ ਉਠਾ ਸਕਦੇ ਹਨ, ਜਿਸ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਘਟਨਾ ਸਥਾਨ `ਤੈ ਲੈ ਕੇ ਜਾਣ ਦਾ ਮੰਤਵ ਠੀਕ ਨਹੀਂ ਸੀ।

ਗੌਰਤਲਬ ਹੈ ਕਿ ‘ਵਾਰਿਸ ਪੰਜਾਬ ਦੇ` ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਮਰਥਕਾਂ ਨਾਲ ਅਜਨਾਲਾ ਪੁਲਿਸ ਥਾਣੇ `ਤੇ ਧਾਵਾ ਬੋਲ ਦਿੱਤਾ ਸੀ। ਪ੍ਰਦਰਸ਼ਨਕਾਰੀ ਆਪਣੇ ਨਾਲ ਪਾਲਕੀ ਵਿਚ ਗੁਰੂ ਗ੍ਰੰਥ ਸਾਹਿਬ ਲੈ ਕੇ ਆਏ ਸਨ ਅਤੇ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਪੁਲਿਸ ਥਾਣੇ ਦੇ ਅੰਦਰ ਦਾਖਲ ਹੋਏ ਸਨ। ਹਾਲਾਂਕਿ ਪੁਲਿਸ ਨੇ ਅਗਵਾ ਮਾਮਲੇ ਦੇ ਮੁਲਜ਼ਮ ਲਵਪ੍ਰੀਤ ਸਿੰਘ ਨੂੰ ਰਿਹਾਅ ਕਰਨ ਦਾ ਭਰੋਸਾ ਦਿੱਤਾ ਸੀ ਪਰ ਉਸ ਦੇ ਬਾਵਜੂਦ ਅੰਮ੍ਰਿਤਪਾਲ ਨੇ ਆਪਣੇ ਸਮਰਥਕਾਂ ਨਾਲ ਪੁਲਿਸ ਥਾਣੇ `ਚ ਦਾਖਲ ਹੋ ਕੇ ਪੁਲਿਸ ਨੂੰ ਕਥਿਤ ਤੌਰ `ਤੇ ਧਮਕਾਇਆ। ਇਸ ਦੌਰਾਨ ਪੁਲਿਸ `ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਵੀ ਹੋਈ, ਜਿਸ ਕਰਕੇ ਕਈ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ ਸਨ।
ਸਾਬਕਾ ਉਪ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਅਜਨਾਲਾ ਹਿੰਸਾ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਉਤੇ ਹਮਲਾ ਬੋਲਦਿਆਂ ਕਿਹਾ ਕਿ ਉਹ ਰਾਜ ਦੇ ਗ੍ਰਹਿ ਮੰਤਰੀ ਵਜੋਂ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਉਣ ‘ਚ ਨਾਕਾਮ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਖਾੜਕੂਵਾਦ ਦੇ ਦੌਰ ਦੌਰਾਨ ਵੀ ਦੇਖਣ ਨੂੰ ਨਹੀਂ ਮਿਲੇ। ਉਸ ਦੌਰ ‘ਚ ਵੀ ਥਾਣੇ ਉਤੇ ਕਦੇ ਕਬਜ਼ਾ ਨਹੀਂ ਸੀ ਹੋ ਸਕਿਆ।
ਭਾਜਪਾ ਦੇ ਸੀਨੀਅਰ ਆਗੂ ਤੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਉਤੇ ਹਮਲਾ ਕਰਨ ਵਾਲੇ ਅਨਸਰਾਂ ਖਿਲਾਫ ਕਾਰਵਾਈ ਨਾ ਕਰਨਾ ਸਰਕਾਰ ਦੀ ਲਾਚਾਰੀ ਦਾ ਸਬੂਤ ਹੈ ਤੇ ਇਹ ਘਟਨਾ ਸੂਬੇ ਦੀ ਬੁਰੀ ਤਰ੍ਹਾਂ ਵਿਗੜ ਚੁੱਕੀ ਅਮਨ ਕਾਨੂੰਨ ਵਿਵਸਥਾ ਦਾ ਸਬੂਤ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਦਰਜ ਕੀਤੀ ਐਫ.ਆਈ.ਆਰ. ਕਿਸੇ ਤਰ੍ਹਾਂ ਦਾ ਦਬਾਅ ਬਣਾ ਕੇ ਰੱਦ ਕੀਤੀ ਜਾ ਸਕਦੀ ਹੈ? ਕੀ ਕਾਨੂੰਨ ਵਿਵਸਥਾ ਸੁਧਾਰਨ ਦੇ ਦਾਅਵਿਆਂ ਦੇ ਵਿਚਕਾਰ ਇਹ ਘਟਨਾ ਠੀਕ ਸੰਦੇਸ਼ ਦਿੰਦੀ ਹੈ?
ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਵਿਸ਼ੇਸ਼ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਥਾਣਾ ਅਜਨਾਲਾ ‘ਚ ਥਾਣੇ ਉਤੇ ਕਬਜ਼ਾ ਕਰਕੇ ਪੁਲਿਸ ਉਤੇ ਹਮਲਾ ਕਰਨ ਦੀ ਘਟਨਾ ਨੂੰ ਕਾਲਾ ਦਿਨ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਗੁਰੂ ਸਾਹਿਬ ਦੀ ਮੌਕੇ ਉਤੇ ਹੀ ਬੇਅਦਬੀ ਕੀਤੀ ਜਾਂਦੀ ਤਾਂ ਇਹ ਸਿੱਖ ਕੌਮ ਲਈ ਬੇਵੱਸ ਹੋ ਜਾਣਾ ਸੀ ਅਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਵਿਗੜ ਜਾਣੀ ਸੀ। ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਘਟਨਾ ਦਾ ਵਿਸ਼ੇਸ਼ ਨੋਟਿਸ ਲੈਣ ਦੀ ਅਪੀਲ ਕੀਤੀ ਤਾਂ ਜੋ ਭਵਿੱਖ ਵਿਚ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਨਾ ਦੇ ਸਕੇ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਥਾਣੇ ਉਤੇ ਕਬਜ਼ੇ ਦੀ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਘਟਨਾ ਸੂਬੇ ਦੀ ਅਮਨ ਕਾਨੂੰਨ ਵਿਵਸਥਾ ਦੇ ਪਤਨ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਸਲ ਸਥਿਤੀ ਨੂੰ ਸਮਝਣ ‘ਚ ਬੁਰੀ ਤਰ੍ਹਾਂ ਨਾਕਾਮ ਰਹੇ ਹਨ।
ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਨੂੰ ਘੇਰਦੇ ਹੋਏ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਦੀ ਪੱਗ ਦੇ ਰੰਗ ਨਾਲ ਮਿਲਦੀ ਦਸਤਾਰ ਸਜਾਉਂਦੇ ਹਨ ਤੇ ਉਨ੍ਹਾਂ ਨੂੰ ਪ੍ਰਦਰਸ਼ਨਕਾਰੀਆਂ ਦੇ ਸਾਹਮਣੇ ਇਸ ਤਰ੍ਹਾਂ ਝੁਕਣਾ ਨਹੀਂ ਸੀ ਚਾਹੀਦਾ। ਉਨ੍ਹਾਂ ਕਿਹਾ ਕਿ ਰਾਜ ਦੇ 3 ਕਰੋੜ ਲੋਕਾਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਹੈ ਤੇ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਉਣੀ ਚਾਹੀਦੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਜਨਾਲਾ ਵਿਚ ਗੁਰੂ ਗ੍ਰੰਥ ਸਾਹਿਬ ਨੂੰ ਇਕ ਢਾਲ ਵਜੋਂ ਵਰਤ ਕੇ ਬੇਅਦਬੀ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ ਹੈ। ਬਾਦਲ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਥਾਣੇ ਲਿਜਾਣਾ ਵੱਡੀ ਬੇਅਦਬੀ ਹੈ। ਉਨ੍ਹਾਂ ਕੇਂਦਰ ਸਰਕਾਰ ਅਤੇ ਪੰਜਾਬ ਦੀ ‘ਆਪ` ਸਰਕਾਰ `ਤੇ ਸੂਬੇ ਦਾ ਮਾਹੌਲ ਖ਼ਰਾਬ ਕਰਨ ਦਾ ਯਤਨ ਕਰਨ ਦਾ ਦੋਸ਼ ਲਾਉਂਦਿਆਂ ਇਸ ਦੀ ਨਿਖੇਧੀ ਕੀਤੀ ਹੈ।