ਬਾਦਲ ਪਿਓ-ਪੁੱਤ ਕੋਟਕਪੂਰਾ ਗੋਲੀ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ?

ਵਿਸ਼ੇਸ਼ ਜਾਂਚ ਟੀਮ ਵੱਲੋਂ ਅਦਾਲਤ ਵਿਚ ਦੋਸ਼ ਪੱਤਰ ਦਾਖਲ
ਫਰੀਦਕੋਟ: ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਵਿਚ ਤਕਰੀਬਨ 7 ਹਜ਼ਾਰ ਪੰਨਿਆਂ ਦਾ ਦੋਸ਼ ਪੱਤਰ ਪੇਸ਼ ਕਰਕੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀਨ ਡੀ.ਜੀ.ਪੀ. ਸੁਮੇਧ ਸੈਣੀ ਕੋਟਕਪੂਰਾ ਗੋਲੀ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਸਨ।

ਜਾਂਚ ਟੀਮ ਨੇ ਆਪਣੀ ਪੜਤਾਲ ਰਿਪੋਰਟ ਵਿਚ ਖੁਲਾਸਾ ਕੀਤਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਵੱਲੋਂ ਰਚੀ ਗਈ ਸਾਜ਼ਿਸ਼ ਨੂੰ ਅੰਜਾਮ ਦੇਣ ਵਿਚ ਕਥਿਤ ਵੱਡੀ ਭੂਮਿਕਾ ਨਿਭਾਈ। ਜਾਂਚ ਟੀਮ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਆਈ.ਜੀ. ਅਮਰ ਸਿੰਘ ਚਾਹਲ, ਸਾਬਕਾ ਐਸ.ਐਸ.ਪੀ. ਸੁਖਮਿੰਦਰ ਸਿੰਘ ਮਾਨ, ਮੋਗਾ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਉਸ ਵੇਲੇ ਦੇ ਐਸ.ਐਚ.ਓ. ਗੁਰਦੀਪ ਸਿੰਘ ਪੰਧੇਰ ਨੂੰ ਇਸ ਚਲਾਨ ਵਿਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਐਸ.ਐਸ.ਪੀ. ਸੁਖਮਿੰਦਰ ਸਿੰਘ ਮਾਨ ਤੋਂ ਇਲਾਵਾ ਬਾਕੀ ਸਾਰੇ ਮੁਲਜ਼ਮਾਂ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲੀ ਹੋਈ ਹੈ।
ਅਦਾਲਤ ਨੇ ਦੋਸ਼ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਇਸ ਕੇਸ ਵਿਚ ਸੁਣਵਾਈ ਦੀ ਅਗਲੀ ਤਰੀਕ 6 ਮਾਰਚ ਨਿਰਧਾਰਿਤ ਕੀਤੀ ਹੈ। ਉਦੋਂ ਤੱਕ ਅਦਾਲਤ ਜਾਂਚ ਟੀਮ ਵੱਲੋਂ ਪੇਸ਼ ਕੀਤੇ ਦਸਤਾਵੇਜ਼ਾਂ ਦੀ ਘੋਖ ਪੜਤਾਲ ਕਰੇਗੀ। 13 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਵਿਚ ਪਹਿਲੀ ਵਾਰ ਦੋਵੇਂ ਬਾਦਲਾਂ ਖ਼ਿਲਾਫ਼ ਚਲਾਨ ਅਦਾਲਤ ਵਿਚ ਪੇਸ਼ ਹੋਇਆ ਹੈ। ਇਸ ਤੋਂ ਪਹਿਲਾਂ ਇਸ ਕਾਂਡ ਦੀ ਜਾਂਚ ਸਾਬਕਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਕਰ ਰਹੇ ਸਨ ਪਰ ਉਹ ਬਾਦਲਾਂ ਖ਼ਿਲਾਫ਼ ਕੋਈ ਵੀ ਰਿਪੋਰਟ ਅਦਾਲਤ ਵਿਚ ਪੇਸ਼ ਨਹੀਂ ਕਰ ਸਕੇ। ਹਾਈਕੋਰਟ ਨੇ 2021 ਵਿਚ ਕੁੰਵਰ ਵਿਜੈ ਪ੍ਰਤਾਪ ਦੀ ਰਿਪੋਰਟ ਨੂੰ ਅਧਾਰਹੀਣ ਮੰਨਦਿਆਂ ਰੱਦ ਕਰ ਦਿੱਤਾ ਸੀ ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਨਵੀਂ ਪੜਤਾਲ ਟੀਮ ਬਣਾਉਣ ਦੇ ਆਦੇਸ਼ ਦਿੱਤੇ ਸਨ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਐੱਲ.ਕੇ.ਯਾਦਵ ਵੀ ਅਗਵਾਈ ਵਿਚ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਨਵੀਂ ਟੀਮ ਦਾ ਗਠਨ ਕੀਤਾ ਸੀ। ਦੋ ਸਾਲ ਬਾਅਦ ਐੱਲ.ਕੇ.ਯਾਦਵ ਨੇ ਜਾਂਚ ਰਿਪੋਰਟ ਅਦਾਲਤ ਵਿਚ ਪੇਸ਼ ਕਰ ਦਿੱਤੀ ਹੈ ਹਾਲਾਂਕਿ ਉਨ੍ਹਾਂ ਇਸ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।
ਚਾਰਜਸ਼ੀਟ ਵਿਚਲੇ ਤੱਥ ਮਨਘੜਤ ਤੇ ਫਰਜ਼ੀ ਕਰਾਰ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ 2015 ਦੇ ਕੋਟਕਪੂਰਾ ਪੁਲਿਸ ਗੋਲੀਬਾਰੀ ਕੇਸ ਵਿਚ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਦਾਇਰ ਚਾਰਜਸ਼ੀਟ ਨੂੰ ਮਨਘੜਤ, ਫਰਜ਼ੀ ਤੇ ਝੂਠੀ ਕਰਾਰ ਦਿੰਦਿਆਂ ਦੋਸ਼ ਪੱਤਰ ਦਾ ਅਦਾਲਤ ਵਿਚ ਅਤੇ ਲੋਕਾਂ ਦੀ ਕਚਹਿਰੀ ਵਿਚ ਮੁਕਾਬਲਾ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਆਗੂਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਇਸ ਸੰਵੇਦਨਸ਼ੀਲ ਮਾਮਲੇ ‘ਤੇ ਸਿਆਸਤ ਨਾ ਕਰਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਦਾਲਤੀ ਮਾਣਹਾਨੀ ਸਮੇਤ ਸਾਰੇ ਵਿਕਲਪ ਵਿਚਾਰੇਗਾ ਕਿਉਂਕਿ ਹਾਈਕੋਰਟ ਵੱਲੋਂ ਸਾਬਕਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਰਿਪੋਰਟ ਰੱਦ ਕਰਨ ਵੇਲੇ ਦਿੱਤੇ ਨਿਰਦੇਸ਼ਾਂ ਦੀ ਉਲੰਘਣਾ ਹੋਈ ਹੈ।
ਸਾਜ਼ਿਸ਼ਘਾੜਿਆਂ ਦੇ ਚਿਹਰੇ ਬੇਨਕਾਬ ਹੋਏ: ਮਾਨ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀ ਤੇ ਸਾਜ਼ਿਸ਼ਘਾੜਿਆਂ ਦੇ ਚਿਹਰੇ ਬੇਨਕਾਬ ਹੋ ਗਏ ਹਨ। ਮੁੱਖ ਮੰਤਰੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਕੀਤੇ ਟਵੀਟ ਵਿਚ ਕਿਹਾ, ‘’ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੋਏ ਬੇਨਕਾਬ…. ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ… ਅਸੀਂ ਇਨਸਾਫ ਦਿਵਾਉਣ ਦੇ ਵਾਅਦੇ `ਤੇ ਕਾਇਮ ਹਾਂ। ਮੰਤਰੀ ਜਾਂ ਸੰਤਰੀ ਕਾਨੂੰਨ ਸਭ ਲਈ ਇਕ ਹੈ…ਸੱਚ ਕਦੇ ਛੁਪਦਾ ਨਹੀਂ।“