ਪੁਲਿਸ ਨੇ ਸੂਬੇ ਵਿਚ ਸੁਰੱਖਿਆ ਪ੍ਰਬੰਧ ਸਖਤ ਕੀਤੇ

ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿਚ ‘ਵਾਰਿਸ ਪੰਜਾਬ ਦੇ` ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਬਾਅਦ ਸੂਬੇ `ਚ ਵੱਖ ਵੱਖ ਥਾਵਾਂ `ਤੇ ਜਥੇਬੰਦੀ ਦੇ ਹਮਾਇਤੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਤਹਿਤ ਸੂਬੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਚੌਕਸੀ ਵਧਾ ਦਿੱਤੀ ਹੈ।

ਪੰਜਾਬ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ `ਚ ਫਲੈਗ ਮਾਰਚ ਕੀਤੇ ਜਾ ਰਹੇ ਹਨ।
ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵੱਡੀ ਗਿਣਤੀ ਪੁਲਿਸ ਮੁਲਾਜ਼ਮਾਂ ਨੂੰ ਸੂਬੇ ਭਰ ਵਿਚ ਤਾਇਨਾਤ ਕੀਤਾ ਗਿਆ ਹੈ। ਇਸ ਦੌਰਾਨ ਕੇਂਦਰੀ ਸੁਰੱਖਿਆ ਬਲਾਂ ਦੀਆਂ ਕੰਪਨੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਚੌਕਸੀ ਰੱਖੀ ਜਾ ਰਹੀ ਹੈ। ਪੁਲਿਸ ਵੱਲੋਂ ਜਿੱਥੇ ਮਾਹੌਲ ਖਰਾਬ ਕਰਨ ਵਾਲੇ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਜਾ ਰਿਹਾ ਹੈ, ਉੱਥੇ ਹੀ ਸ਼ੱਕੀ ਵਿਅਕਤੀਆਂ ਦੇ ਵਾਹਨਾਂ ਦੀ ਤਲਾਸ਼ੀ ਵੀ ਲਈ ਜਾ ਰਹੀ ਹੈ। ਆਈ.ਜੀ. ਹੈਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਪੰਜਾਬ ਦੇ ਲੋਕਾਂ ਨੂੰ ਗਲਤ ਜਾਣਕਾਰੀ ਜਾਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਦਿਆਂ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਕੰਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਾਨੂੰਨ ਦੀ ਪਾਲਣਾ ਯਕੀਨੀ ਕੀਤੀ ਜਾਵੇਗੀ।