ਜਥੇਦਾਰ ਨੇ ਸਰਕਾਰਾਂ ਨੂੰ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨ ਲਈ ਆਖਿਆ

ਅੰਮ੍ਰਿਤਸਰ: ‘ਵਾਰਿਸ ਪੰਜਾਬ ਦੇ` ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਮੱਦੇਨਜ਼ਰ ਸ੍ਰੀ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਜਥੇਦਾਰ ਨੇ ਕਿਹਾ ਕਿ ਜਮਹੂਰੀਅਤ ਵਿਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨਾਂ ਨਾਲ ਸਰਕਾਰੀ ਜਬਰ ਤੇ ਨਾਜਾਇਜ਼ ਹਿਰਾਸਤ ਦਾ ਅਮਲ ਅਪਣਾਉਣ ਤੋਂ ਸਰਕਾਰਾਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਬਹੁਤ ਸੰਤਾਪ ਹੰਢਾਇਆ ਹੈ ਅਤੇ ਹੁਣ ਚੰਗੇ ਭਵਿੱਖ ਵੱਲ ਤੁਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੁਝ ਵੱਡੀਆਂ ਤਾਕਤਾਂ ਹਰ ਵੇਲੇ ਸਿੱਖ ਨੌਜਵਾਨਾਂ ਨੂੰ ਦਿਸ਼ਾਹੀਣ ਕਰਕੇ ਬਲੀ ਦਾ ਬੱਕਰਾ ਬਣਾਉਣ ਦੀ ਤਾਕ ਵਿਚ ਰਹਿੰਦੀਆਂ ਹਨ।
ਜਥੇਦਾਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਟਕਰਾਅ ਦਾ ਰਾਹ ਅਪਣਾਉਣ ਦੀ ਥਾਂ ਆਪਣੇ ਬੌਧਿਕ ਤੇ ਅਕਾਦਮਿਕ ਕਾਇਆ-ਕਲਪ ਕਰਨ ਵਾਲੇ ਰਾਹ ‘ਤੇ ਚੱਲਣ। ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਸਰਕਾਰਾਂ ਦੀਆਂ ਸਿੱਖਾਂ ਨੂੰ ਧਾਰਮਿਕ ਤੇ ਸਿਆਸੀ ਤੌਰ ‘ਤੇ ਕਮਜ਼ੋਰ ਕਰਨ ਦੀਆਂ ਨੀਤੀਆਂ ਸੂਬੇ ਲਈ ਦਮਨਕਾਰੀ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਆਸਤ ਤੇ ਸੱਤਾ ਦੇ ਹਿੱਤਾਂ ਨੂੰ ਪੂਰਨ ਵਾਸਤੇ ਸਰਕਾਰਾਂ ਨੂੰ ਘੱਟ ਗਿਣਤੀ ਨੌਜਵਾਨਾਂ ਵਿਚ ਦਹਿਸ਼ਤ, ਡਰ ਅਤੇ ਬੇਗਾਨਗੀ ਦਾ ਅਹਿਸਾਸ ਭਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।