ਜਥੇਦਾਰ ਤੇ ਪੰਜਾਬ ਸਰਕਾਰ ਆਹਮੋ-ਸਾਹਮਣੇ

ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਦਾ ਮਸਲਾ ਭਖਿਆ
ਅੰਮ੍ਰਿਤਸਰ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀਆਂ ਗ੍ਰਿਫਤਾਰੀਆਂ ਲਈ ਚਲਾਏ ਅਪਰੇਸ਼ਨ ਪਿੱਛੋਂ ਪੰਜਾਬ ਦਾ ਮਾਹੌਲ ਭਖਿਆ ਹੋਇਆ ਹੈ। ਪੰਜਾਬ ਅਤੇ ਕੇਂਦਰ ਸਰਕਾਰ ਦੀ ਇਸ ਸਖਤੀ ਖ਼ਿਲਾਫ਼ ਸੂਬੇ ਦੀਆਂ ਸਿਆਸੀ ਧਿਰਾਂ ਅਤੇ ਪੰਥਕ ਜਥੇਬੰਦੀਆਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁੱਲ੍ਹ ਕੇ ਆਹਮੋ-ਸਾਹਮਣੇ ਆ ਗਏ ਸਨ।

ਦਰਅਸਲ, ਪੰਜਾਬ ਦੇ ਮੌਜੂਦਾ ਹਾਲਾਤ ਅਤੇ ਸਿੱਖ ਨੌਜਵਾਨਾਂ ਦੀ ਫੜੋ-ਫੜਾਈ ਦੇ ਮੁੱਦੇ ਨੂੰ ਵਿਚਾਰਨ ਲਈ ਅਕਾਲ ਤਖਤ ਸਾਹਿਬ ਉਤੇ ਸੱਦੀ ਮੀਟਿੰਗ ਵਿਚ ਜਥੇਦਾਰ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਵਿਚ ਨੌਜਵਾਨਾਂ ਤੋਂ ਐਨ.ਐਸ.ਏ. ਹਟਾਉਣ ਅਤੇ ਬੇਕਸੂਰਾਂ ਨੂੰ ਛੱਡਣ ਦਾ ਅਲਟੀਮੇਟਮ ਦਿੱਤਾ ਸੀ। 24 ਘੰਟੇ ਲੰਘਣ ਤੋਂ ਬਾਅਦ ਭਗਵੰਤ ਮਾਨ ਨੇ ਅਲਟੀਮੇਟਮ ਉਤੇ ਅਮਲ ਕਰਨ ਦੀ ਥਾਂ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੀ ਤਿੱਖੇ ਸਵਾਲ ਕਰ ਦਿੱਤੇ ਜਿਸ ਪਿੱਛੋਂ ਟਵਿੱਟਰ ਉਤੇ ਦੋਵਾਂ ਵਿਚਕਾਰ ਬਹਿਸ ਸ਼ੁਰੂ ਹੋ ਗਈ। ਭਗਵੰਤ ਮਾਨ ਨੇ ਇਥੋਂ ਤੱਕ ਆਖ ਦਿੱਤਾ ਕਿ ਸਾਰਿਆਂ ਨੂੰ ਪਤਾ ਹੈ ਕਿ ਤੁਸੀਂ (ਜਥੇਦਾਰ) ਅਤੇ ਸ਼੍ਰੋਮਣੀ ਕਮੇਟੀ, ਬਾਦਲਾਂ ਦਾ ਪੱਖ ਪੂਰਦੇ ਹੋ; ਇਤਿਹਾਸ ਵੇਖ ਲੋ, ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸਵਾਰਥ ਲਈ ਵਰਤਿਆ। ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਪਾਵਨ ਸਰੂਪਾਂ ਲਈ ਜਾਰੀ ਕਰਦੇ, ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ।
ਇਸ ਤੋਂ ਤੁਰੰਤ ਬਾਅਦ ਜਥੇਦਾਰ ਨੇ ਭਗਵੰਤ ਮਾਨ ਨੂੰ ਮੋੜਵਾਂ ਜਵਾਬ ਦਿੰਦੇ ਹੋਏ ਆਖਿਆ ਹੈ ਕਿ ਉਨ੍ਹਾਂ ਨੂੰ ਆਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਅਤੇ ਉਨ੍ਹਾਂ ਦਾ ਮੇਰਾ ਫਰਜ਼ ਵੀ ਹੈ। ਜਥੇਦਾਰ ਨੇ ਭਗਵੰਤ ਮਾਨ ਨੂੰ ਸੁਚੇਤ ਕਰਦਿਆਂ ਆਖਿਆ ਹੈ ਕਿ ਇਹ ਨਾ ਹੋਵੇ ਕਿ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰੱਖਣ ਲਈ ਤੁਹਾਡੇ ਵਰਗੇ ਸਿਆਸੀ ਲੋਕਾਂ ਨੂੰ ਸਿਆਸੀ ਲੋਕ ਹੀ ਵਰਤ ਜਾਣ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਵੀ ਜਥੇਦਾਰ ਨੂੰ ਮੋੜਵੇਂ ਜਵਾਬ ਦੇਣੇ ਸ਼ੁਰੂ ਕਰ ਦਿੱਤੇ। ਉਧਰ, ਅਕਾਲੀ ਦਲ (ਬਾਦਲ) ਨੇ ਜਥੇਦਾਰ ਬਾਰੇ ਭਗਵੰਤ ਮਾਨ ਦੀ ਸ਼ਬਦਾਵਲੀ ਉਤੇ ਸਖਤ ਇਤਰਾਜ਼ ਜਤਾਇਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਖਤ ਲਹਿਜ਼ੇ ਵਿਚ ਆਖਿਆ ਹੈ ਕਿ ਉਨ੍ਹਾਂ ਨੂੰ ਯਕੀਨ ਨਹੀਂ ਆ ਰਿਹਾ ਕਿ ਕਠਪੁਤਲੀ ਮੁੱਖ ਮੰਤਰੀ ਝੂਠੀ ਸਰਕਾਰੀ ਤਾਕਤ ਦੇ ਨਸ਼ੇ ਵਿਚ ਇੰਨਾ ਅੰਨ੍ਹਾ ਹੋ ਗਿਆ ਹੈ ਕਿ ਦਿੱਲੀ ਬੈਠੀ ਸਿੱਖ ਵਿਰੋਧੀ ਲਾਬੀ ਦੀ ਸ਼ਹਿ ਅਤੇ ਬੇਗਾਨਿਆਂ ਦੀ ਚੁੱਕ ਵਿਚ ਆ ਕੇ ਉਹ ਗੁਰੂ ਘਰ ਨਾਲ ਹੀ ਮੱਥਾ ਲਾਉਣ ਦੀ ਹਿਕਾਮਤ ਕਰ ਬੈਠਾ ਹੈ। ਇਸ ਦਾ ਹਸ਼ਰ ਵੀ ਉਹੀ ਹੋਵੇਗਾ ਜੋ ਸਿੱਖ ਇਤਿਹਾਸ ਵਿਚ ਗੁਰੂ ਘਰਾਂ ਵਿਰੁੱਧ ਜੰਗ ਛੇੜਨ ਵਾਲਿਆਂ ਦਾ ਹੁੰਦਾ ਆਇਆ ਹੈ। ਭਗਵੰਤ ਮਾਨ ਆਪਣੀ ਇਸ ਅਵੱਗਿਆ ‘ਤੇ ਪਛਤਾਵੇ ਵਜੋਂ ਬਿਨਾ ਦੇਰੀ ਤੇ ਬਿਨਾ ਸ਼ਰਤ ਸ੍ਰੀ ਅਕਾਲ ਤਖਤ ਸਾਹਿਬ ਉਤੇ ਪੇਸ਼ ਹੋ ਕੇ ਮੁਆਫੀ ਮੰਗ ਲਵੇ। ਅਕਾਲੀ ਦਲ ਦੇ ਇਸ ਸਖਤ ਲਹਿਜ਼ੇ ਤੋਂ ਜਾਪ ਰਿਹਾ ਹੈ ਕਿ ਪੰਥਕ ਜਥੇਬੰਦੀਆਂ ਵੱਲੋਂ ਮਾਨ ਸਰਕਾਰ ਦੀ ਜਥੇਦਾਰ ਬਾਰੇ ਟਿੱਪਣੀਆਂ ਉਤੇ ਵੀ ਘੇਰੇਬੰਦੀ ਕਰਨ ਦੀ ਤਿਆਰੀ ਹੈ।
ਯਾਦ ਰਹੇ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੇਂਦਰੀ ਬਲਾਂ ਦੀ ਮਦਦ ਨਾਲ ਵੱਡੀ ਕਾਰਵਾਈ ਸ਼ੁਰੂ ਕੀਤੀ ਹੋਈ ਸੀ। ਅੰਮ੍ਰਿਤਪਾਲ ਸਿੰਘ ਤਾਂ ਪੁਲਿਸ ਦੇ ਹੱਥ ਨਹੀਂ ਲੱਗਾ ਪਰ ਉਸ ਦੀ ਹਮਾਇਤ ਦੇ ਦੋਸ਼ ਵਿਚ 300 ਤੋਂ ਵੱਧ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਚੁਫੇਰਿਉਂ ਦਬਾਅ ਕਾਰਨ ਭਾਵੇਂ ਕਾਫੀ ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਪਰ ਇਨ੍ਹਾਂ ਵਿਚੋਂ 8 ਉਤੇ ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਵਰਗੇ ਸਖਤ ਕਾਨੂੰਨ ਲਾ ਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਹੈ। ਜਥੇਦਾਰ ਨੇ ਮੰਗ ਕੀਤੀ ਸੀ ਕਿ ਪੰਜਾਬ ਤੋਂ ਬਾਹਰ ਭੇਜੇ ਨੌਜਵਾਨਾਂ ਨੂੰ ਛੱਡਿਆ ਜਾਵੇ, ਹਾਲਾਂਕਿ ਮੁੱਖ ਮੰਤਰੀ ਦੇ ਲਹਿਜ਼ੇ ਤੋਂ ਲੱਗਦਾ ਹੈ ਕਿ ਉਹ ਇਸ ਪਾਸੇ ਅਮਲ ਕਰਨ ਦੇ ਮੂਡ ਵਿਚ ਨਹੀਂ ਹਨ।
ਸ੍ਰੀ ਅਕਾਲ ਤਖਤ ਦੇ ਜ਼ਮੀਨਦੋਜ਼ ਹਾਲ ਦੇ ਬਾਹਰ ਵੱਡੀ ਗਿਣਤੀ ਵਿਚ ਸਿੱਖ ਸੰਗਤ ਅਤੇ ਗ੍ਰਿਫਤਾਰ ਕੀਤੇ ਸਿੱਖ ਨੌਜਵਾਨਾਂ ਦੇ ਰਿਸ਼ਤੇਦਾਰ ਵੀ ਪਹੁੰਚੇ ਹੋਏ ਸਨ ਜਿਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਜਤਾਇਆ। ਮੀਟਿੰਗ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ ਦਿੰਦੇ ਹੋਏ ਗ੍ਰਿਫਤਾਰ ਕੀਤੇ ਸਾਰੇ ਬੇਕਸੂਰ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਤਾੜਨਾ ਕੀਤੀ ਹੈ। ਅਜਿਹਾ ਨਾ ਹੋਣ ‘ਤੇ ਖਾਲਸਾ ਵਹੀਰ ਆਰੰਭ ਕਰਨ ਦਾ ਐਲਾਨ ਵੀ ਕੀਤਾ ਗਿਆ ਜੋ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਅੱਗੇ ਸਰਕਾਰ ਦੇ ਸਿੱਖ ਵਿਰੋਧੀ ਚਿਹਰੇ ਨੂੰ ਨੰਗਾ ਕਰੇਗੀ। ਇਹ ਵਹੀਰ ਸਿਰਫ ਪੰਜਾਬ ਵਿਚ ਹੀ ਨਹੀਂ ਸਗੋਂ ਮੁਲਕ ਭਰ ਵਿਚ ਚਲਾਈ ਜਾਵੇਗੀ। ਇਹ ਫੈਸਲਾ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਸਭਾ ਸੁਸਾਇਟੀਆਂ ਅਤੇ ਨਿਹੰਗ ਜਥੇਬੰਦੀਆਂ ਦੇ ਪ੍ਰਤੀਨਿਧਾਂ ਦੀ ਸਾਂਝੀ ਮੀਟਿੰਗ ਵਿਚ ਕੀਤਾ ਗਿਆ। ਲਗਭਗ ਤਿੰਨ ਘੰਟੇ ਚੱਲੀ ਮੀਟਿੰਗ ਵਿਚ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਨੇ ਇਸ ਮੁੱਦੇ ‘ਤੇ ਆਪਣੇ ਸੁਝਾਅ ਦਿੱਤੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਕਿ ਉਹ ਗ੍ਰਿਫਤਾਰ ਕੀਤੇ ਗਏ ਸਾਰੇ ਬੇਕਸੂਰ ਸਿੱਖ ਨੌਜਵਾਨਾਂ ਨੂੰ 24 ਘੰਟਿਆਂ ਵਿਚ ਰਿਹਾਅ ਕਰੇ, ਸਿੱਖ ਨੌਜਵਾਨਾਂ ‘ਤੇ ਲਾਏ ਗਏ ਕੌਮੀ ਸੁਰੱਖਿਆ ਐਕਟ ਨੂੰ ਤੁਰੰਤ ਹਟਾਇਆ ਜਾਵੇ, ਹਰੀਕੇ ਹੈੱਡ ਵਰਕਸ ‘ਤੇ ਸ਼ਾਂਤਮਈ ਧਰਨਾ ਦੇ ਰਹੇ ਸਿੱਖਾਂ ਦੇ ਜ਼ਬਤ ਕੀਤੇ ਵਾਹਨ ਤੁਰੰਤ ਛੱਡੇ ਜਾਣ ਅਤੇ ਬੰਦ ਕੀਤੇ ਗਏ ਵੈੱਬ ਚੈਨਲ ਤੇ ਸੋਸ਼ਲ ਮੀਡੀਆ ਖਾਤੇ ਵੀ ਤੁਰੰਤ ਚਾਲੂ ਕੀਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹਾ ਨਾ ਹੋਣ ਦੀ ਸੂਰਤ ਵਿਚ ਸ੍ਰੀ ਅਕਾਲ ਤਖਤ ਦੀ ਸਰਪ੍ਰਸਤੀ ਹੇਠ ਸਿੱਖ ਜਥੇਬੰਦੀਆਂ ਅਤੇ ਸੰਪਰਦਾਵਾਂ ਨੂੰ ਨਾਲ ਲੈ ਕੇ ਖਾਲਸਾ ਵਹੀਰ ਆਰੰਭ ਕੀਤੀ ਜਾਵੇਗੀ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਰਾਜਸੀ ਮਾਮਲਿਆਂ ਦੀ ਮੀਟਿੰਗ ਵਿਚ ਲੋਕ ਸਭਾ ਮੈਂਬਰ ਅਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਿੱਖ ਨੌਜਵਾਨਾਂ ਦੀ ਫੜੋ-ਫੜਾਈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਰੇਸ਼ਾਨ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਇਸ ਅਮਲ ਨੂੰ ਤੁਰਤ ਬੰਦ ਕਰਨ ਅਤੇ ਗ੍ਰਿਫ਼ਤਾਰ ਨੌਜਵਾਨਾਂ ਨੂੰ ਬਿਨਾ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ। ਉਨ੍ਹਾਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਅਸਾਮ ਲਿਜਾ ਕੇ ਐਨ.ਐਸ.ਏ. ਲਗਾਉਣ ਦੀ ਆਲੋਚਨਾ ਕੀਤੀ। ਪਾਰਟੀ ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ ਦੱਸਿਆ ਕਿ ਮੀਟਿੰਗ ਵਿਚ ਜਲੰਧਰ ਦੀ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਪਾਰਟੀ ਵੱਲੋਂ ਮਜ਼ਬੂਤ ਉਮੀਦਵਾਰ ਅੱਗੇ ਲਿਆਉਣ ਦਾ ਫੈਸਲਾ ਕੀਤਾ ਗਿਆ।
ਸਿੱਖਾਂ ਦੀ ਸਾਖ ਨੂੰ ਖੋਰਾ ਲਾਉਣ ਵਾਲਿਆਂ ਨੂੰ ਕਾਨੂੰਨੀ ਨੋਟਿਸ ਭੇਜੇ ਜਾਣ: ਜਥੇਦਾਰ
ਅੰਮ੍ਰਿਤਸਰ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੋਸ਼ ਲਾਇਆ ਕਿ ਸਰਕਾਰਾਂ ਦੀ ਕਾਰਵਾਈ ਨੇ ਸਿੱਖਾਂ ਦੇ ਕਿਰਦਾਰ ਦਾ ਘਾਣ ਕਰਨ ਦਾ ਯਤਨ ਕੀਤਾ ਹੈ। ਅਜਿਹਾ ਸਭ ਕੁਝ ਸਾਜ਼ਿਸ਼ ਤਹਿਤ ਕੀਤਾ ਗਿਆ ਹੈ। ਇਸੇ ਸਾਜ਼ਿਸ਼ ਹੇਠ ਨੈਸ਼ਨਲ ਮੀਡੀਆ ਨੇ ਸਿੱਖਾਂ ਦੀ ਸਾਖ ਨੂੰ ਖੋਰਾ ਲਾਉਣ ਦਾ ਯਤਨ ਕੀਤਾ ਹੈ। ਇਹ ਗੰਭੀਰ ਮਾਮਲਾ ਹੈ ਅਤੇ ਇਸ ਦਾ ਜਵਾਬ ਉਸੇ ਢੰਗ ਨਾਲ ਦੇਣ ਦੀ ਲੋੜ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਨੂੰ ਹੁਕਮ ਕੀਤਾ ਕਿ ਉਹ ਸਿੱਖਾਂ ਦੇ ਚਰਿੱਤਰ ਘਾਣ ਅਤੇ ਸਾਖ ਨੂੰ ਖੋਰਾ ਲਾਉਣ ਵਾਲੇ ਮੀਡੀਆ ਖ਼ਿਲਾਫ਼ ਕਾਨੂੰਨੀ ਚਾਰਾਜੋਈ ਕਰਨ, ਉਨ੍ਹਾਂ ਨੂੰ ਕਾਨੂੰਨੀ ਨੋਟਿਸ ਭੇਜੇ ਜਾਣ।