ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਬਹਾਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਖ਼ਿਲਾਫ਼ ਪੈਦਾ ਹੋਏ ਰੋਸ ਨੇ ਲੰਮੇ ਸਮੇਂ ਬਾਅਦ ਪੰਥਕ ਜਥੇਬੰਦੀਆਂ ਨੂੰ ਸਾਂਝੇ ਮੰਚ ਉਤੇ ਲੈ ਆਂਦਾ ਹੈ। ਇਸ ਮਸਲੇ ਉਤੇ ਅਕਾਲ ਤਖਤ ਦੇ ਜਥੇਦਾਰ ਵੱਲੋਂ ਸੱਦੀ ਇਕੱਤਰਤਾ ਵਿਚ ਵੱਡੀ ਗਿਣਤੀ ਸਿੱਖ ਜਥੇਬੰਦੀਆਂ, ਸਿੱਖ ਜਥੇਬੰਦੀਆਂ, ਸੰਪਰਦਾਵਾਂ, ਸਭਾ ਸੁਸਾਇਟੀਆਂ ਤੇ ਨਿਹੰਗ ਜਥੇਬੰਦੀਆਂ ਦੇ ਪ੍ਰਤੀਨਿਧਾਂ ਨੇ ਹਿੱਸਾ ਲਿਆ ਤੇ ਇਕਮਤ ਹੋ ਕੇ ਸਿੱਖੀ ਦੇ ਪ੍ਰਚਾਰ ਤੇ ਸਿੱਖਾਂ ਖ਼ਿਲਾਫ਼ ਵਧੀਕੀਆਂ ਰੋਕਣ ਲਈ ਰਣਨੀਤੀ ਬਣਾਉਣ ਲਈ ਹਾਮੀ ਭਰੀ।
ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ ਵੀ ਪੁੱਜੇ ਸਨ। ਇਕੱਤਰਤਾ ‘ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬੁੱਢਾ ਦਲ ਦੇ ਮੁਖੀ ਜਥੇਦਾਰ ਬਲਬੀਰ ਸਿੰਘ ਅਕਾਲੀ 96 ਕਰੋੜੀ, ਦਲ ਪੰਥ ਬਾਬਾ ਬਿਧੀ ਚੰਦ ਤੋਂ ਬਾਬਾ ਅਵਤਾਰ ਸਿੰਘ ਸੁਰ ਸਿੰਘ, ਬਾਬਾ ਜੋਗਾ ਸਿੰਘ ਤਰਨਾ ਦਲ, ਭਾਈ ਜਸਬੀਰ ਸਿੰਘ ਰੋਡੇ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਹਰਿਸਿਮਰਨ ਸਿੰਘ, ਸੰਤ ਅਮੀਰ ਸਿੰਘ ਜਵੱਦੀ ਟਕਸਾਲ, ਮਨਜੀਤ ਸਿੰਘ ਜੀ.ਕੇ. ਸਮੇਤ ਹੋਰ ਪੰਥਕ ਸੰਸਥਾਵਾਂ ਦੇ ਪ੍ਰਤੀਨਿਧਾਂ ਨੇ ਸ਼ਿਰਕਤ ਕੀਤੀ।
ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਨੇ ਕੇਂਦਰ ਤੇ ਪੰਜਾਬ ਸਰਕਾਰਾਂ ਦੀ ਸਿੱਖਾਂ ਨੂੰ ਬਦਨਾਮ ਕਰਨ ਦੀ ਨਿੰਦਾ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਖ਼ਾਲਸਾ ਸਰਕਾਰਾਂ ਨੂੰ ਕੋਈ ਬੇਨਤੀ ਨਹੀਂ ਕਰਦਾ ਬਲਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਰਕਾਰਾਂ ਨੂੰ ਆਦੇਸ਼ ਦੇਣੇ ਚਾਹੀਦੇ ਹਨ। ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਨੇ ਕਿਹਾ ਕਿ ਸਰਕਾਰਾਂ ਵੱਲੋਂ ਆਉਂਦੀਆਂ 2024 ਦੀਆਂ ਚੋਣਾਂ ਨੂੰ ਲੈ ਕੇ ਵੋਟਾਂ ਬਟੋਰਨ ਲਈ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਦਿੱਲੀ ਤੋਂ ਆਏ ਸਿੱਖ ਆਗੂੁ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਪੰਜਾਬ ਵਿਚ ਅਣਐਲਾਨੀ ਐਮਰਜੈਂਸੀ ਵਰਗੇ ਹਾਲਾਤ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਦੇ ਜਬਰ ਦਾ ਸ਼ਿਕਾਰ ਹੋਏ ਸਿੱਖ ਨੌਜਵਾਨਾਂ ਅਤੇ ਜਿਨ੍ਹਾਂ ਨੌਜਵਾਨਾਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ ਲਗਾਇਆ ਗਿਆ ਹੈ, ਨੂੰ ਰੱਦ ਕਰਵਾਉਣ ਲਈ ਕਾਨੂੰਨੀ ਚਾਰਾਜੋਈ ਕੀਤੀ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਚਾਰਾਜੋਈ ਵਾਸਤੇ ਵਕੀਲਾਂ ਦੇ ਪੈਨਲ ਦਾ ਵੀ ਐਲਾਨ ਕੀਤਾ ਗਿਆ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਕੇਂਦਰ ਤੇ ਸੂਬੇ ਦੀ ਰਾਜ ਸਰਕਾਰ ਨੇ ਸਾਡੇ ਲਈ ਇਕ ਜਾਲ (ਟਰੈਪ) ਵਿਛਾਇਆ ਹੈ ਤੇ ਅਸੀਂ ਉਸ ‘ਟਰੈਪ’ ਦਾ ਸ਼ਿਕਾਰ ਹੋ ਗਏ ਹਾਂ। ਇਸ ‘ਟਰੈਪ’ ਵਿਚੋਂ ਕਿਵੇਂ ਨਿਕਲਣਾ ਹੈ, ਇਸੇ ਲਈ ਵਿਚਾਰ ਕਰਨ ਲਈ ਇਕੱਠੇ ਹੋਏ ਹਾਂ। ਸਿੱਖਾਂ ਖ਼ਿਲਾਫ਼ ਸਟੇਟ ਵਲੋਂ ਬੜੀ ਕੂਟਨੀਤਕ ਘੇਰਾਬੰਦੀ ਕੀਤੀ ਜਾ ਰਹੀ ਹੈ ਜਿਸ ਦਾ ਜਵਾਬ ਵੀ ਸਾਨੂੰ ਹਿੰਸਕ ਨਾ ਹੋ ਕੇ ਕੂਟਨੀਤਕ ਤੌਰ ਉਤੇ ਦੇਣ ਲਈ ਸਿੱਖਾਂ ਅੰਦਰ ਸਮਰੱਥਾ ਪੈਦਾ ਕਰਨ ਦੀ ਲੋੜ ਹੈ।