ਬੰਗਾ: ਮੁੱਖ ਮੰਤਰੀ ਭਗਵੰਤ ਮਾਨ ਖਟਕੜ ਕਲਾਂ ਵਿਚ ਕਰਵਾਏ ਗਏ ਸੂਬਾ ਪੱਧਰੀ ਸ਼ਹੀਦੀ ਸਮਾਗਮ ਵਿਚ ਸ਼ਾਮਲ ਹੋਏ ਤੇ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੀ ਯਾਦਗਾਰ ‘ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਸੁਫਨਿਆਂ ਦਾ ਸਮਾਜ ਸਿਰਜਣ ਲਈ ਅੱਗੇ ਆਉਣ। ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸਾਨੂੰ ਧਰਤੀ ਮਾਂ ਦੇ ਸੱਚੇ ਸਪੂਤ ਵੱਲੋਂ ਦੇਸ਼ ਖਾਤਰ ਦਿੱਤੇ ਮਹਾਨ ਬਲੀਦਾਨ ਦੀ ਯਾਦ ਤਾਜ਼ਾ ਕਰਵਾਉਂਦਾ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਸਾਨੂੰ ਹਮੇਸ਼ਾ ਬੇਇਨਸਾਫ਼ੀ, ਜ਼ੁਲਮ ਤੇ ਦਮਨ ਖ਼ਿਲਾਫ਼ ਖੜ੍ਹੇ ਹੋਣ ਲਈ ਪ੍ਰੇਰਦੀ ਰਹੇਗੀ।
ਭਗਵੰਤ ਮਾਨ ਨੇ ਕਿਹਾ ਕਿ ਸਾਡਾ ਨੈਤਿਕ ਫ਼ਰਜ਼ ਬਣਦਾ ਹੈ ਕਿ ਸਮਾਜ ਵਿਚ ਫੈਲੀਆਂ ਕੁਰੀਤੀਆਂ ਵਿਰੁੱਧ ਜੰਗ ਛੇੜੀਏ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨਾਲ ਪੰਜਾਬ ਮੁਲਕ ਭਰ ਵਿਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਿਰੋਜ਼ਪੁਰ ਨੂੰ ਟੂਰਿਸਟ ਹੱਬ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ। ਇਥੇ ਹੁਸੈਨੀਵਾਲਾ ਵਿਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਕਿਹਾ ਕਿ ਹੁਸੈਨੀਵਾਲਾ ਦੇ ਵਿਆਪਕ ਵਿਕਾਸ ਲਈ ਖਾਕਾ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਇਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤਾਂ ਮਿਲ ਸਕਣ। ਮੁੱਖ ਮੰਤਰੀ ਨੇ ਇਥੇ ਜੰਗੀ ਯਾਦਗਾਰ ਦਾ ਨੀਂਹ ਪੱਥਰ ਵੀ ਰੱਖਿਆ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਮਿਆਰੀ ਤਕਨੀਕੀ ਸਿੱਖਿਆ ਮੁਹੱੱਈਆ ਕਰਨ ਲਈ ਫ਼ਿਰੋਜ਼ਪੁਰ ਵਿਚ ਤਕਨੀਕੀ ਯੂਨੀਵਰਸਿਟੀ ਦੀ ਸਥਾਪਨਾ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਹੁਸੈਨੀਵਾਲਾ ਟੈਂਟ ਸਿਟੀ ਦਾ ਨਿਰਮਾਣ ਕਰੇਗੀ ਤੇ ਹੁਸੈਨੀਵਾਲਾ ਅਜਾਇਬ ਘਰ ਦੀ ਕਾਇਆ ਕਲਪ ਦੀ ਯੋਜਨਾ ਵੀ ਵਿਚਾਰ ਅਧੀਨ ਹੈ।
‘ਸਰਾਭਾ ਕੌਮਾਂਤਰੀ ਹਵਾਈ ਅੱਡਾ` ਬਣਾਉਣ ਲਈ ਮਤਾ ਪਾਸ: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਚ ਬਣਨ ਵਾਲੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ‘ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ` ਰੱਖਣ ਦੀ ਬੇਨਤੀ ਕੀਤੀ ਹੈ। ਮੁੱਖ ਮੰਤਰੀ ਨੇ ਇਸ ਮਹਾਨ ਸ਼ਹੀਦ ਦੇ ਸ਼ਹੀਦੀ ਦਿਵਸ ਮੌਕੇ 16 ਨਵੰਬਰ ਨੂੰ ਛੁੱਟੀ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਇਹ ਐਲਾਨ ਵੀ ਕੀਤਾ ਕਿ ਹਲਵਾਰਾ ਹਵਾਈ ਅੱਡੇ ਦੇ ਸਿਵਲ ਏਅਰ ਟਰਮੀਨਲ ਦੀ ਉਸਾਰੀ ਦਾ ਕੰਮ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ ਅਤੇ ਇਥੋਂ ਮਈ ਦੇ ਅਖੀਰ ਜਾਂ ਜੂਨ ਤੱਕ ਘਰੇਲੂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਮੁੱਖ ਮੰਤਰੀ ਨੇ ਇਨ੍ਹਾਂ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ` ਐਵਾਰਡ ਦੇਣ ਦੀ ਪੈਰਵੀ ਕੀਤੀ।
ਖਟਕੜ ਕਲਾਂ ਵਿਚ ਉਸਾਰੀ ਜਾਵੇਗੀ ਵਿਰਾਸਤੀ ਗਲੀ
ਬੰਗਾ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਵਿਚ ਵਿਰਾਸਤੀ ਗਲੀ ਦੇ ਨਿਰਮਾਣ ਦਾ ਫੈਸਲਾ ਕੀਤਾ ਹੈ ਤਾਂ ਕਿ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਤੇ ਪੰਜਾਬ ਦੇ ਸ਼ਾਨਾਮੱਤੇ ਯੋਗਦਾਨ ਨੂੰ ਦਰਸਾਇਆ ਜਾ ਸਕੇ। ਉਨ੍ਹਾਂ ਕਿਹਾ ਕਿ 850 ਮੀਟਰ ਲੰਮੀ ਇਹ ਵਿਰਾਸਤੀ ਗਲੀ ਖਟਕੜ ਕਲਾਂ ਵਿਚ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਗਲੀ ਦੇਸ਼ ਦੇ ਸੁਤੰਤਰਤਾ ਸੰਗਰਾਮ ਵਿਚ ਸੂਬੇ ਵੱਲੋਂ ਪਾਏ ਮਹਾਨ ਯੋਗਦਾਨ ਨੂੰ ਦਰਸਾਏਗੀ ਤੇ ਨੌਜਵਾਨਾਂ ਨੂੰ ਦੇਸ਼ ਲਈ ਤਨਦੇਹੀ ਨਾਲ ਕੰਮ ਕਰਨ ਲਈ ਵੀ ਪ੍ਰੇਰਨਾ ਦੇਵੇਗੀ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਜਾਇਬ ਘਰ ਵਿਚ ਅਦਾਲਤ ਦਾ ਫਾਈਵ-ਡੀ ਸੈੱਟਅੱਪ ਤਿਆਰ ਕੀਤਾ ਜਾਵੇਗਾ, ਜਿਸ ਵਿਚ ਭਗਤ ਸਿੰਘ ਨੂੰ ਫਾਂਸੀ ਦੀ ਸਜਾ ਸੁਣਾਏ ਜਾਣ ਦੇ ਦ੍ਰਿਸ਼ ਨੂੰ ਦਰਸਾਇਆ ਜਾਵੇਗਾ।