ਅੰਮ੍ਰਿਤਸਰ: ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਅਸਾਮ ਦੇ ਡਿਬਰੂਗੜ੍ਹ ਦੀ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ। ਅੰਮ੍ਰਿਤਪਾਲ ਦੇ ਸਲਾਹਕਾਰ ਮੰਨੇ ਜਾਂਦੇ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਜ਼ਿਲ੍ਹੇ ‘ਚ ਗ੍ਰਿਫਤਾਰ ਕਰਕੇ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਹਿਰਾਸਤ ਵਿਚ ਲਿਆ ਗਿਆ। ਡੀ.ਐਸ.ਪੀ. ਸੰਜੀਵ ਕੁਮਾਰ ਦੀ ਅਗਵਾਈ ਹੇਠ ਪੰਜ ਮੈਂਬਰੀ ਟੀਮ ਪਪਲਪ੍ਰੀਤ ਸਿੰਘ ਦੇ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਈ ਸ਼ਹਿਰ ਤੋਂ ਰਵਾਨਾ ਹੋਈ। ਉਨ੍ਹਾਂ ਨੇ ਇਥੋਂ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰੀ।
ਪੁਲਿਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਪਪਲਪ੍ਰੀਤ ਦੀ ਗ੍ਰਿਫਤਾਰੀ ਅਹਿਮ ਇਸ ਲਈ ਹੈ ਕਿਉਂਕਿ ਇਹ ਲਗਾਤਾਰ ਅੰਮ੍ਰਿਤਪਾਲ ਸਿੰਘ ਦੇ ਨਾਲ ਰਿਹਾ ਹੈ। ਇਸ ਲਈ ਰੂਪੋਸ਼ ਚੱਲੇ ਆ ਰਹੇ ‘ਵਾਰਿਸ ਪੰਜਾਬ ਦੇ` ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੀਆਂ ਸਾਰੀਆਂ ਗਤੀਵਿਧੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਪੁਲਿਸ ਨੂੰ ਜਾਣਕਾਰੀ ਹਾਸਲ ਹੋ ਜਾਵੇਗੀ। ਮਹੱਤਵਪੂਰਨ ਤੱਥ ਇਹ ਹੈ ਕਿ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਵੀ ਅੰਮ੍ਰਿਤਸਰ ਖੇਤਰ ਵਿਚ ਹੀ ਸਨ। ਸੂਤਰਾਂ ਦਾ ਦੱਸਣਾ ਹੈ ਕਿ ਡੀ.ਜੀ.ਪੀ. ਸ੍ਰੀ ਯਾਦਵ ਨੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ ਹੈ। ਪੁਲਿਸ ਨੂੰ ਖਦਸ਼ਾ ਹੈ ਕਿ ਅੰਮ੍ਰਿਤਪਾਲ ਕਿਸੇ ਇਤਿਹਾਸਕ ਗੁਰਦੁਆਰੇ ਵਿਚ ਪਨਾਹ ਲੈ ਸਕਦਾ ਹੈ। ਅਜਿਹੀ ਹਾਲਾਤ ਵਿਚ ਗ੍ਰਿਫਤਾਰੀ ਬਾਰੇ ਪੁਲਿਸ ਵੱਲੋਂ ਰਣਨੀਤੀ ਘੜੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਅੰਮ੍ਰਿਤਸਰ ਜਾਂ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਚ ਛੁਪੇ ਹੋਣ ਦੀਆਂ ਰਿਪੋਰਟਾਂ ਮਿਲ ਰਹੀਆਂ ਸਨ।