ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ `ਚ ਬੇਨਿਯਮੀ ਮਾਮਲੇ ਦੀ ਮੁੜ ਜਾਂਚ ਦੇ ਹੁਕਮ

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਵਿਚ ਬਚੇ ਹੋਏ ਸੁੱਕੇ ਪ੍ਰਸਾਦਿਆਂ ਦੀ ਵਿਕਰੀ ‘ਚ ਹੋਈ ਬੇਨਿਯਮੀ ਦੇ ਮਾਮਲੇ ਦੀ ਮੁੜ ਜਾਂਚ ਦੇ ਆਦੇਸ਼ ਦਿੱਤੇ ਜਾਣ ਤੋਂ ਬਾਅਦ ਇਸ ਮਾਮਲੇ ਵਿਚ ਫਸੇ ਕਈ ਕਰਮਚਾਰੀਆਂ ਨੇ ਰਾਹਤ ਮਹਿਸੂਸ ਕੀਤੀ ਹੈ। ਇਸ ਨਾਲ ਉਨ੍ਹਾਂ ਨੂੰ ਇਨਸਾਫ ਮਿਲਣ ਦੀ ਆਸ ਬੱਝੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿਚ 51 ਕਰਮਚਾਰੀ ਮੁਅੱਤਲ ਕੀਤੇ ਗਏ ਹਨ, ਜਿਨ੍ਹਾਂ ‘ਚ ਸਟੋਰਕੀਪਰ, ਸੁਪਰਵਾਈਜ਼ਰ, ਇੰਸਪੈਕਟਰ ਅਤੇ ਮੈਨੇਜਰ ਪੱਧਰ ਤੇ ਅਧਿਕਾਰੀ ਸ਼ਾਮਲ ਹਨ।

ਇਸ ਮਾਮਲੇ ਵਿਚ ਫਸੇ ਕਰਮਚਾਰੀਆਂ ਵੱਲੋਂ ਹਾਲ ਹੀ ਵਿਚ ਲਿਖਤੀ ਰੂਪ ਵਿਚ ਆਪਣਾ ਰੋਸ ਦਰਜ ਕਰਵਾਇਆ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਰੋਸ ਪੱਤਰ ਦੇ ਕੇ ਉਨ੍ਹਾਂ ਅਫਸੋਸ ਦਾ ਪ੍ਰਗਟਾਵਾ ਕੀਤਾ ਸੀ ਕਿ ਉਨ੍ਹਾਂ ਦਾ ਪੱਖ ਸੁਣੇ ਬਿਨਾਂ ਹੀ ਸਜਾ ਸੁਣਾ ਦਿੱਤੀ ਗਈ ਹੈ। ਉਹ ਇਸ ਮਾਮਲੇ ਵਿਚ ਸਿੱਧੇ ਰੂਪ ਵਿਚ ਸ਼ਾਮਲ ਨਹੀਂ ਹਨ। ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਲਈ ਇਕ ਸਬ-ਕਮੇਟੀ ਬਣਾਈ ਗਈ ਹੈ, ਜਿਸ ‘ਚ ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰ ਸ਼ਾਮਲ ਕੀਤੇ ਗਏ ਹਨ। ਸਬ-ਕਮੇਟੀ ਦੇ ਮੈਂਬਰਾਂ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ, ਸ਼ੇਰ ਸਿੰਘ ਮੰਡ ਵਾਲਾ ਅਤੇ ਸੁਰਜੀਤ ਸਿੰਘ ਤੁਗਲਵਾਲ ਸ਼ਾਮਲ ਹਨ। ਇਸ ਮਾਮਲੇ ‘ਚ ਫਸੇ ਮੈਨੇਜਰ ਪੱਧਰ ਦੇ ਕੁਝ ਕਰਮਚਾਰੀਆਂ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਪੱਖ ਵੀ ਸੁਣਿਆ ਜਾਵੇਗਾ, ਜਿਸ ਨਾਲ ਉਹ ਰਾਹਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਉਨ੍ਹਾਂ ਨੂੰ ਨਿਆਂ ਮਿਲਣ ਦਾ ਭਰੋਸਾ ਮਿਲਿਆ ਹੈ।
ਦੱਸ ਦਈਏ ਕਿ ਮੁਅੱਤਲ ਕੀਤੇ ਗਏ 51 ਮੁਲਾਜ਼ਮਾਂ ਵਿਚੋਂ ਵੱਡੀ ਗਿਣਤੀ ਨੇ ਸ਼੍ਰੋਮਣੀ ਕਮੇਟੀ ਦੇ ਫੈਸਲਾ ਦਾ ਵਿਰੋਧ ਕਰਦਿਆਂ ਇਹ ਫੈਸਲਾ ਮੁੜ ਵਿਚਾਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਦੇ ਧਿਆਨ ਵਿਚ ਲਿਆ ਕੇ ਉਕਤ ਕਾਰਵਾਈ ਦਾ ਵਿਰੋਧ ਕੀਤਾ। ਉਨ੍ਹਾਂ ਆਖਿਆ ਕਿ ਉਹ ਸਿੱਧੇ ਤੌਰ ‘ਤੇ ਇਸ ਮਾਮਲੇ ਵਿਚ ਸ਼ਾਮਲ ਨਹੀਂ ਹਨ ਜਦੋਂਕਿ ਉਨ੍ਹਾਂ ਨੂੰ ਆਪਣੀ ਸਫਾਈ ਦੇਣ ਦਾ ਮੌਕਾ ਵੀ ਨਹੀਂ ਦਿੱਤਾ ਗਿਆ। ਇਨ੍ਹਾਂ ਮੁਲਾਜ਼ਮਾਂ ਦੇ ਹੱਕ ਵਿਚ ਸ਼੍ਰੋਮਣੀ ਕਮੇਟੀ ਦੀ ਵਿਰੋਧੀ ਧਿਰ ਵੀ ਨਿੱਤਰ ਆਈ ਸੀ। ਵਿਰੋਧੀ ਧਿਰ ਦੇ ਮੈਂਬਰਾਂ ਨੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਕੋਈ ਗੁਨਾਹ ਨਹੀਂ ਕੀਤਾ ਅਤੇ ਸਿਰਫ ਅਣਗਹਿਲੀ ਵਰਤੀ ਹੈ, ਉਨ੍ਹਾਂ ਮੁਲਾਜ਼ਮਾਂ ਨੂੰ ਰਾਹਤ ਦੇਣੀ ਚਾਹੀਦੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ, ਜਸਵੰਤ ਸਿੰਘ ਅਤੇ ਸਰਬੰਸ ਸਿੰਘ ਮਾਣਕੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਆਖਿਆ ਕਿ ਲੰਗਰ ਘਰ ਦੇ ਪ੍ਰਸਾਦਿਆਂ ਦੀ ਵਿਕਰੀ ਦੇ ਮਾਮਲੇ ਵਿਚ ਹੋਈ ਬੇਨਿਯਮੀ ਖਿਲਾਫ ਕੀਤੀ ਗਈ ਕਾਰਵਾਈ ਸਵਾਗਤ ਯੋਗ ਹੈ। ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਣਗਹਿਲੀ ਵਰਤਣ ਵਾਲੇ ਮੁਲਾਜ਼ਮਾਂ ਨੂੰ ਰਾਹਤ ਦੇਣੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਭਵਿੱਖ ਵਾਸਤੇ ਚਿਤਾਵਨੀ ਦਿੱਤੀ ਜਾਵੇ। ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ 51 ਕਰਮਚਾਰੀ ਮੁਅੱਤਲ ਕੀਤੇ ਗਏ ਹਨ ਜਿਨ੍ਹਾਂ ਵਿਚ ਅੱਠ ਮੈਨੇਜਰ ਵੀ ਸ਼ਾਮਲ ਹਨ। ਇਹ ਮੈਨੇਜਰ ਵੱਖ-ਵੱਖ ਸਮਿਆਂ ‘ਤੇ ਲੰਗਰ ਘਰ ਦੇ ਪ੍ਰਬੰਧਕ ਰਹੇ ਹਨ। ਪਰ ਕੁਝ ਇਕ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਮੇਂ ਵਿਚ ਤਾਂ ਸੁੱਕੇ ਪ੍ਰਸਾਦਿਆਂ ਦੀ ਵਿਕਰੀ ਵੀ ਨਹੀਂ ਹੋਈ ਸੀ। ਪਰ ਕਾਰਵਾਈ ਵਿਚ ਉਨ੍ਹਾਂ ਨੂੰ ਵੀ ਸ਼ਾਮਲ ਕਰ ਦਿੱਤਾ ਗਿਆ।