ਹੜ੍ਹਾਂ ਕਾਰਨ ਪੰਜਾਬ ਤੇ ਹਰਿਆਣਾ ਵਿਚ 60 ਤੋਂ ਵੱਧ ਮੌਤਾਂ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੇ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜ ਜਾਰੀ ਹਨ ਪਰ ਇਸ ਦੌਰਾਨ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਫੈਲਣ ਦਾ ਖਦਸ਼ਾ ਹੈ।

ਹੜ੍ਹਾਂ ਕਾਰਨ ਦੋਵਾਂ ਸੂਬਿਆਂ ਵਿਚ ਹੁਣ ਤੱਕ 60 ਮੌਤਾਂ ਹੋ ਚੁੱਕੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਾਣੀ ਜਮ੍ਹਾਂ ਹੋਣ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਖਤਰੇ ਨੂੰ ਦੇਖਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੇ ਕਿਸੇ ਵੀ ਸੰਕਟ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਮੈਡੀਕਲ ਕੈਂਪ ਲਗਾਏ ਗਏ ਹਨ ਅਤੇ ਲੋਕਾਂ ਨੂੰ ਦਵਾਈਆਂ ਵੰਡੀਆਂ ਜਾ ਰਹੀਆਂ ਹਨ। ਸਰਕਾਰੀ ਅੰਕੜਿਆਂ ਅਨੁਸਾਰ ਪੰਜਾਬ ਵਿਚ ਮੀਂਹ ਨਾਲ ਸਬੰਧਤ ਘਟਨਾਵਾਂ ਵਿਚ 29 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਹਰਿਆਣਾ ਵਿਚ ਮਰਨ ਵਾਲਿਆਂ ਦੀ ਗਿਣਤੀ 26 ਹੈ। ਪੰਜਾਬ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ਵਿਚ ਪਾਣੀ ਨਾਲ ਭਰੇ ਇਲਾਕਿਆਂ ਵਿਚੋਂ 25,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਗੁਆਂਢੀ ਸੂਬੇ ਹਰਿਆਣਾ ‘ਚ 5300 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਪੰਜਾਬ ਦੇ 14 ਜ਼ਿਲ੍ਹੇ ਪਟਿਆਲਾ, ਮੋਗਾ, ਲੁਧਿਆਣਾ, ਮੁਹਾਲੀ, ਜਲੰਧਰ, ਸੰਗਰੂਰ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਪ੍ਰਭਾਵਿਤ ਹੋਏ ਹਨ।
ਸੂਬਾ ਸਰਕਾਰ ਵੱਲੋਂ ਚਲਾਏ ਗਏ ਰਾਹਤ ਕਾਰਜ ਦੌਰਾਨ 26,191 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਸੂਬੇ ਵਿਚ ਕੁੱਲ 148 ਰਾਹਤ ਕੈਂਪ ਹਨ, ਜਿਨ੍ਹਾਂ ਵਿਚ 3731 ਲੋਕ ਠਹਿਰੇ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ 15 ਜ਼ਿਲਿ੍ਹਆਂ ਦੇ 1414 ਪਿੰਡ ਹਾਲੇ ਵੀ ਹੜ੍ਹਾਂ ਤੋਂ ਪ੍ਰਭਾਵਿਤ ਹਨ। ਇਨ੍ਹਾਂ ਵਿਚ ਤਰਨ ਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਪਟਿਆਲਾ, ਮੋਗਾ, ਲੁਧਿਆਣਾ, ਮੁਹਾਲੀ, ਐੱਸ।ਬੀ।ਐੱਸ। ਨਗਰ, ਫਾਜ਼ਿਲਕਾ, ਜਲੰਧਰ, ਕਪੂਰਥਲਾ ਅਤੇ ਸੰਗਰੂਰ ਜਿਲ੍ਹੇ ਸ਼ਾਮਲ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਹੜ੍ਹਾਂ ਕਾਰਨ 32 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਤਿੰਨ ਜਣੇ ਲਾਪਤਾ ਹਨ। ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ‘ਚ 21,025, ਪਟਿਆਲਾ ‘ਚ 59,000, ਮੁਹਾਲੀ ‘ਚ 3600, ਨਵਾਂਸ਼ਹਿਰ ‘ਚ 5700 ਤੇ ਫਤਹਿਗੜ੍ਹ ਸਾਹਿਬ ‘ਚ 2200 ਤੋਂ ਵੱਧ ਪੈਕੇਟ ਵੰਡੇ ਜਾ ਚੁੱਕੇ ਹਨ।
ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਰਾਹਤ ਕਾਰਜ ਜ਼ੋਰਾਂ ‘ਤੇ
ਚੰਡੀਗੜ੍ਹ: ਪੰਜਾਬ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦੌਰਾਨ ਵੱਡੀ ਗਿਣਤੀ ‘ਚ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਸੂਬੇ ‘ਚ 316 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਤਾਇਨਾਤ ਹਨ ਅਤੇ 189 ਮੈਡੀਕਲ ਕੈਂਪ ਲਗਾ ਕੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।