ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਨ ਲਈ ਵੈੱਬ ਚੈਨਲ ਸ਼ੁਰੂ

=ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਪੂਰੇ ਸੰਸਾਰ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ‘ਐੱਸ.ਜੀ.ਪੀ.ਸੀ. ਸ੍ਰੀ ਅੰਮ੍ਰਿਤਸਰ` ਸ਼ੁਰੂ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਨਿੱਜੀ ਸੈਟੇਲਾਈਟ ਚੈਨਲ ਸਥਾਪਤ ਕੀਤੇ ਜਾਣ ਤੱਕ ਪੀ.ਟੀ.ਸੀ. ਚੈਨਲ ਦੀ ਮਦਦ ਨਾਲ ਗੁਰਬਾਣੀ ਦੇ ਕੀਰਤਨ ਦਾ ਸਿੱਧਾ ਪ੍ਰਸਾਰਨ ਵੀ ਜਾਰੀ ਰੱਖਿਆ ਜਾਵੇਗਾ। ਵੈੱਬ ਚੈਨਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੈਪਟਾਪ ਰਾਹੀਂ ਲਾਂਚ ਕੀਤਾ। ਇਸ ਦੌਰਾਨ ਸਮਾਗਮ ਦਾ ਸਿੱਧਾ ਪ੍ਰਸਾਰਨ ਵੀ ਕੁਝ ਸਮੇਂ ਲਈ ਦਿਖਾਇਆ ਗਿਆ

। ਇਹ ਚੈਨਲ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਆਰੰਭ ਕਰੇਗਾ ਜੋ ਯੂਟਿਊਬ ਅਤੇ ਫੇਸਬੁੱਕ `ਤੇ ਉਪਲਬਧ ਹੋਵੇਗਾ। ਚੈਨਲ ਦੀ ਸ਼ੁਰੂਆਤ ਗੁਰਮਤਿ ਰਵਾਇਤ ਅਨੁਸਾਰ ਅਖੰਡ ਪਾਠ ਦਾ ਭੋਗ ਪਾ ਕੇ ਕੀਤੀ ਗਈ। ਇਸ ਮਗਰੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ `ਚ ਵਿਸ਼ੇਸ਼ ਸਮਾਗਮ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਵੈੱਬ ਚੈਨਲ ਦੀ ਆਰੰਭਤਾ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਆਖਿਆ ਕਿ ਜਲਦੀ ਹੀ ਸੈਟੇਲਾਈਟ ਚੈਨਲ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਹੀ ਰਹਿਣਗੇ ਅਤੇ ਹੋਰ ਕੋਈ ਚੈਨਲ ਇਸ ਨੂੰ ਨਹੀਂ ਚਲਾ ਸਕੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਸੰਗਤ ਦੀ ਮੰਗ ਅਨੁਸਾਰ ਪੀ.ਟੀ.ਸੀ. ਚੈਨਲ ਨੂੰ ਗੁਰਬਾਣੀ ਪ੍ਰਸਾਰਨ ਕਰਨ ਲਈ ਅਧਿਕ੍ਰਿਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਅਧਿਕਾਰਤ ਯੂਟਿਊਬ ਅਤੇ ਸੋਸ਼ਲ ਮੀਡੀਆ ਪਲੈਟਫਾਰਮਾਂ `ਤੇ ਗੁਰਬਾਣੀ ਪ੍ਰਸਾਰਨ ਲਈ ਚੁਣੀ ਕੰਪਨੀ ਨੂੰ ਅਦਾ ਕੀਤੇ ਜਾਣ ਵਾਲੇ 12 ਲੱਖ ਰੁਪਏ ਦੇ ਮਾਸਿਕ ਖਰਚੇ ਦਾ ਭੁਗਤਾਨ ਪੀ.ਟੀ.ਸੀ. ਵੱਲੋਂ ਕੀਤਾ ਜਾਵੇਗਾ। ਵੈੱਬ ਚੈਨਲ ਦਾ ਨਾਂ ਬਦਲਣ ਬਾਰੇ ਉਨ੍ਹਾਂ ਕਿਹਾ ਕਿ ਇਹ ਵਿਦਵਾਨਾਂ ਦੇ ਸੁਝਾਅ ਅਤੇ ਤਖਤਾਂ ਦੇ ਜਥੇਦਾਰਾਂ ਨਾਲ ਵਿਚਾਰ-ਵਟਾਂਦਰੇ ਮਗਰੋਂ ਕੀਤਾ ਗਿਆ ਹੈ, ਕਿਉਂਕਿ ਭਵਿੱਖ ਵਿਚ ਜੇਕਰ ਚੈਨਲ ਨਾਲ ਸਬੰਧਤ ਕੋਈ ਕਾਨੂੰਨੀ ਪੇਚੀਦਗੀ ਬਣਦੀ ਹੈ ਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਨਾਂ ਇਸ ਵਿਚੋਂ ਬਾਹਰ ਰਹੇਗਾ। ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਚੈਨਲ ਸ਼ੁਰੂ ਹੋਣ ਲਈ ਸੰਗਤ ਨੂੰ ਵਧਾਈ ਦਿੱਤੀ।
ਸਾਰੇ ਹੱਕ ਸ਼੍ਰੋਮਣੀ ਕਮੇਟੀ ਕੋਲ ਰਹਿਣਗੇ: ਧਾਮੀ
ਅੰਮ੍ਰਿਤਸਰ: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਸਖ਼ਤ ਤਾੜਨਾ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸਿੱਖ ਸੰਸਥਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਨੇ ਸਰਕਾਰੀ ਚਾਲਾਂ ਦਾ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਹੈ। ਪ੍ਰਧਾਨ ਨੇ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ। ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਕੁਝ ਮੁਲਾਜ਼ਮਾਂ ਵੱਲੋਂ ਬਣਾਈ ਗਈ ਯੂਨੀਅਨ ਨੂੰ ਵੀ ਉਨ੍ਹਾਂ ਸਿੱਖ ਸੰਸਥਾ ਦੀ ਮਰਿਆਦਾ ਦੇ ਉਲਟ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਯੂਨੀਅਨ ਦੀ ਰਜਿਸਟ੍ਰੇਸ਼ਨ ਕਰਵਾਉਣ ਦੀ ਯੋਜਨਾ ਵੀ ਪੰਜਾਬ ਸਰਕਾਰ ਵੱਲੋਂ ਹੀ ਰਚੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੀਆਂ ਪਰੰਪਰਾਵਾਂ ਦੇ ਉਲਟ ਕਿਸੇ ਨੂੰ ਵੀ ਕਾਰਜ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।