ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਰਬਾਰ ਸਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਅਤੇ ਕੀਰਤਨ ਦੇ ਪ੍ਰਸਾਰਨ ਦੇ ਮਾਮਲੇ ‘ਤੇ ਇਕ ਵਾਰੀ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਵਾਲਾਂ ਦੇ ਘੇਰੇ ਵਿਚ ਲਿਆ ਹੈ। ਮਾਨ ਨੇ ਆਪਣੇ ਟਵੀਟ ਵਿਚ ਕਿਹਾ ”ਹੈਰਾਨੀ ਦੀ ਗੱਲ ਹੈ ਕਿ ਐਸ.ਜੀ.ਪੀ.ਸੀ. ਇਕ ਨਿੱਜੀ ਚੈਨਲ ਨੂੰ ਹੀ ਬੇਨਤੀ ਕਰ ਰਹੀ ਹੈ ਕਿ ਤੁਸੀਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਨ ਕਰਦੇ ਰਹੋ। ਉਨ੍ਹਾਂ ਸਵਾਲ ਕੀਤਾ ਕਿ ਬਾਕੀ ਚੈਨਲਾਂ ਨੂੰ ਕਿਉਂ ਨਹੀਂ।
ਉਧਰ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸਿੱਖ ਸੰਸਥਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਨੇ ਸਰਕਾਰੀ ਚਾਲਾਂ ਦਾ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਹੈ। ਪ੍ਰਧਾਨ ਨੇ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ। ਉਧਰ, ਮੁੱਖ ਮੰਤਰੀ ਨੇ ਆਪਣੇ ਟਵੀਟ ਰਾਹੀਂ ਕਿਹਾ ਕਿ ‘ਕੀ ਚੈਨਲ ਰਾਹੀਂ ਇਕ ਪਰਿਵਾਰ ਨੂੰ ਮੁੜ ਅਨਿਸ਼ਚਿਤ ਸਮੇਂ ਲਈ ਗੁਰਬਾਣੀ ਦੇ ਅਧਿਕਾਰ ਦੇ ਦਿੱਤੇ ਜਾਣਗੇ?` ਇਸ ਤਰ੍ਹਾਂ ਨਾਲ ਮੁੱਖ ਮੰਤਰੀ ਨੇ ਆਪਣੇ ਇਸ ਟਵੀਟ ਰਾਹੀਂ ਬਾਦਲ ਪਰਿਵਾਰ `ਤੇ ਵੀ ਨਿਸ਼ਾਨਾ ਸੇਧਿਆ ਹੈ।
ਉਨ੍ਹਾਂ ਕਿਹਾ ਕਿ ਸਾਰੇ ਚੈਨਲਾਂ ਨੂੰ ਮੁਫ਼ਤ ਅਤੇ ਫਰੀ-ਟੂ-ਏਅਰ ਦੀ ਵਿਵਸਥਾ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਇਹ ਮੌਕਾ ਮਿਲਦਾ ਹੈ ਤਾਂ 24 ਘੰਟਿਆਂ ਵਿਚ ਸਾਰੇ ਪ੍ਰਬੰਧ ਕਰ ਦਿੱਤੇ ਜਾਣਗੇ। ਬਾਦਲ ਪਰਿਵਾਰ ਦੀ ਮਾਲਕੀ ਵਾਲੇ ਪੀ.ਟੀ.ਸੀ. ਚੈਨਲ ‘ਤੇ ਪਿਛਲੇ ਕਈ ਦਹਾਕਿਆਂ ਤੋਂ ਕੀਰਤਨ ਤੇ ਗੁਰਬਾਣੀ ਦਾ ਪ੍ਰਸਾਰਨ ਹੁੰਦਾ ਆ ਰਿਹਾ ਹੈ। ਬਾਦਲਾਂ ਦੇ ਸਿਆਸੀ ਵਿਰੋਧੀਆਂ ਵੱਲੋਂ ਲਗਾਤਾਰ ਇਸ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੰਜਾਬ ਵਿਚ ਸੱਤਾ ਦੀ ਵਾਗਡੋਰ ਆਮ ਆਦਮੀ ਪਾਰਟੀ ਦੇ ਹੱਥ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ, ਅਕਾਲੀ ਦਲ ਅਤੇ ਬਾਦਲ ਪਰਿਵਾਰ ਚੁਫੇਰਿਓਂ ਘਿਰਿਆ ਦਿਖਾਈ ਦੇ ਰਿਹਾ ਹੈ। ਸ਼੍ਰੋਮਣੀ ਕਮੇਟੀ ਅਤੇ ਪੀ.ਟੀ.ਸੀ. ਚੈਨਲ ਦਰਮਿਆਨ ਹੋਏ ਇਕਰਾਰਨਾਮੇ ਦੇ ਖ਼ਤਮ ਹੋਣ ਤੋਂ ਪਹਿਲਾਂ ਹੀ ਜੁਲਾਈ ਮਹੀਨੇ ਦੇ ਆਰੰਭ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਇਕ ਮੀਟਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਰਬਾਰ ਸਾਹਿਬ ਤੋਂ ਗੁਰਬਾਣੀ ਅਤੇ ਕੀਰਤਨ ਦੇ ਪ੍ਰਸਾਰਨ ਦੀ ਟੈਂਡਰ ਪ੍ਰਕਿਰਿਆ ਵਿੱਚੋਂ ਲਾਂਭੇ ਹੋਣ ਦੀ ਗੱਲ ਕਹੀ ਸੀ। ਬਾਦਲ ਨੇ ਮੀਟਿੰਗ ਦੌਰਾਨ ਸਪਸ਼ਟ ਕੀਤਾ ਕਿ ਦਰਬਾਰ ਸਾਹਿਬ ਤੋਂ ਕੀਰਤਨ ਅਤੇ ਗੁਰਬਾਣੀ ਦੇ ਪ੍ਰਸਾਰਨ ਤੋਂ ਬਾਦਲ ਪਰਿਵਾਰ ਕੋਈ ਵਪਾਰਕ ਲਾਹਾ ਨਹੀਂ ਲੈ ਰਿਹਾ ਮਹਿਜ਼ ਸੇਵਾ ਭਾਵਨਾ ਨਾਲ ਹੀ ਇਹ ਕਾਰਜ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਇਤਰਾਜ਼ ਹੈ ਤਾਂ ਸ਼੍ਰੋਮਣੀ ਕਮੇਟੀ ਆਪਣੇ ਤੌਰ ‘ਤੇ ਗੁਰਬਾਣੀ ਅਤੇ ਕੀਰਤਨ ਦੇ ਪ੍ਰਸਾਰਨ ਨੂੰ ਲੋਕਾਂ ਤੱਕ ਲਿਜਾਣ ਲਈ ਨਿਰਪੱਖ ਤਰੀਕਾ ਅਪਣਾਵੇ ਤੇ ਪੀ.ਟੀ.ਸੀ. ਪ੍ਰਕਿਰਿਆ ਵਿਚ ਹਿੱਸਾ ਨਹੀਂ ਲਵੇਗਾ।
ਇਕੋ ਚੈਨਲ ਨੂੰ ਕਿਉਂ ਪੁੱਛਿਆ ਜਾ ਰਿਹੈ: ਭਗਵੰਤ ਮਾਨ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਨੁੱਖਤਾ ਦੇ ਹਿੱਤਾਂ ਦੀ ਖਾਤਰ ਸੁਹਿਰਦ ਪਹੁੰਚ ਅਪਣਾਉਣ ਦੀ ਬਜਾਏ ਸ਼੍ਰੋਮਣੀ ਕਮੇਟੀ ਗੁਰਬਾਣੀ ਦੇ ਮੁਫਤ ਪ੍ਰਸਾਰਨ ਦੇ ਮਸਲੇ ਨੂੰ ਬਿਨਾਂ ਵਜ੍ਹਾ ਲਮਕਾ ਕੇ ਬਾਦਲ ਪਰਿਵਾਰ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਬਹੁਤ ਸਾਰੇ ਚੈਨਲ ਗੁਰਬਾਣੀ ਪ੍ਰਸਾਰਨ ਕਰਨ ਲਈ ਤਿਆਰ ਹਨ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਇਕ ਹੀ ਨਿੱਜੀ ਚੈਨਲ ਨੂੰ ਪ੍ਰਸਾਰਨ ਕਰਨ ਦੀ ਅਪੀਲ ਕਿਉਂ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸੇ ਹੋਰ ਚੈਨਲ ਨੂੰ ਪ੍ਰਸਾਰਨ ਕਰਨ ਲਈ ਕਿਉਂ ਨਹੀਂ ਕਹਿ ਰਹੀ। ਉਨ੍ਹਾਂ ਕਿਹਾ ਕਿ ਅਕਾਲ ਤਖਤ ਦੇ ਸਾਬਕਾ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਇਕ ਸਾਲ ਪਹਿਲਾਂ ਗੁਰਬਾਣੀ ਦਾ ਮੁਫਤ ਪ੍ਰਸਾਰਨ ਕਰਨ ਲਈ ਕਿਹਾ ਸੀ ਪਰ ਕਮੇਟੀ ਉਸ ਸਮੇਂ ਤੋਂ ਹੱਥ ‘ਤੇ ਹੱਥ ਧਰ ਕੇ ਬੈਠੀ ਹੈ।