ਡੇਰਾ ਸਿਰਸਾ ਮੁਖੀ `ਤੇ ਭਾਜਪਾ ਸਰਕਾਰ ਮਿਹਰਬਾਨ, ਜਥੇਦਾਰ ਨੇ ਚੁੱਕੇ ਸਵਾਲ

ਅੰਮ੍ਰਿਤਸਰ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ‘ਤੇ ਹਰਿਆਣਾ ਦੀ ਭਾਜਪਾ ਸਰਕਾਰ ਪੂਰੀ ਤਰ੍ਹਾਂ ਮਿਹਰਬਾਨ ਹੈ। ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਇਸ ਦੌਰਾਨ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ‘ਚ ਰਹੇਗਾ। ਉਧਰ, ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਮੁੜ ਪੈਰੋਲ ਮਿਲਣ ‘ਤੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਹੈ।

ਜਥੇਦਾਰ ਨੇ ਦੋਸ਼ ਲਾਇਆ ਕਿ ਸਰਕਾਰਾਂ ਦੀ ਇਹ ਪੱਖਪਾਤੀ ਨੀਤੀ ਸਿੱਖਾਂ ਨੂੰ ਦੇਸ ਵਿਚ ਬੇਗਾਨਗੀ ਅਤੇ ਗੁਲਾਮੀ ਦਾ ਅਹਿਸਾਸ ਕਰਵਾਉਣ ਵਾਲੀ ਹੈ। ਇਕ ਪਾਸੇ ਗੰਭੀਰ ਦੋਸ਼ਾਂ ਹੇਠ ਸਜਾ ਕੱਟ ਰਹੇ ਡੇਰਾ ਮੁਖੀ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਸਜਾਵਾਂ ਦੀ ਮਿਆਦ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ ਜੋ ਮਨੁੱਖੀ ਹੱਕਾਂ ਦੀ ਵੱਡੀ ਉਲੰਘਣਾ ਹੈ ਜਿਸ ਕਾਰਨ ਸਮੁੱਚੇ ਸਿੱਖ ਜਗਤ ਵਿਚ ਸਰਕਾਰਾਂ ਪ੍ਰਤੀ ਭਾਰੀ ਨਾਰਾਜ਼ਗੀ ਅਤੇ ਰੋਸ ਹੈ।
ਸ੍ਰੀ ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਜੇਕਰ ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜ਼ੁਲਮਾਂ ਦੇ ਦੋਸ਼ੀ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਕਿਉਂ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਵੱਲੋਂ ਆਪਣੇ ਸਿਆਸੀ ਹਿੱਤਾਂ ਲਈ ਗੁਰਮੀਤ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਪਰੋਖੇ ਕਰਕੇ ਉਸ ਨੂੰ ਵਾਰ-ਵਾਰ ਛੱਡਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਡੇਰਾ ਮੁਖੀ ਦੀ ਪੈਰੋਲ ਨੂੰ ਤੁਰੰਤ ਰੱਦ ਕਰਕੇ ਉਸ ਨੂੰ ਜੇਲ੍ਹ ਵਿਚ ਬੰਦ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਡੇਰਾ ਮੁਖੀ ਦਾ 15 ਅਗਸਤ ਨੂੰ ਜਨਮ ਦਿਨ ਹੁੰਦਾ ਹੈ। ਇਸ ਵਾਰ ਉਹ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ਵਿਚ ਹੀ ਆਪਣੇ ਸਮਰਥਕਾਂ ਨਾਲ ਜਨਮ ਦਿਨ ਮਨਾਏਗਾ। ਅਦਾਲਤ ਵੱਲੋਂ ਸਜਾ ਸੁਣਾਏ ਜਾਣ ਤੋਂ ਬਾਅਦ ਉਹ ਪਹਿਲੀ ਵਾਰ ਜੇਲ੍ਹ ਤੋਂ ਬਾਹਰ ਆਪਣਾ ਜਨਮ ਦਿਨ ਮਨਾਉਣ ਜਾ ਰਿਹਾ ਹੈ। ਡੇਰਾ ਸਿਰਸਾ ਦੇ ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਦਾਲਤ ਤੋਂ ਪੈਰੋਲ ਮਿਲਣ ਉਪਰੰਤ ਉਹ ਬਰਨਾਵਾ ਆਸ਼ਰਮ ਵਿਚ ਪਹੁੰਚ ਗਿਆ ਹੈ।
ਡੇਰਾ ਮੁਖੀ ਨੂੰ ਸੱਤਵੀਂ ਵਾਰ ਪੈਰੋਲ
ਚੰਡੀਗੜ੍ਹ: ਅਦਾਲਤ ਵੱਲੋਂ ਡੇਰਾ ਮੁਖੀ ਨੂੰ ਸੱਤਵੀਂ ਵਾਰ ਪੈਰੋਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ 21 ਜਨਵਰੀ 2023 ‘ਚ ਡੇਰਾ ਸਿਰਸਾ ਮੁਖੀ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਉਸ ਤੋਂ ਪਹਿਲਾਂ ਅਕਤੂਬਰ 2022 ‘ਚ 40 ਦਿਨ, ਜੂਨ 2022 ‘ਚ 30 ਦਿਨ, ਫਰਵਰੀ 2022 ‘ਚ 21 ਦਿਨ ਤੇ ਮਈ 2021 ‘ਚ ਇਕ ਦਿਨ ਲਈ ਅਤੇ ਅਕਤੂਬਰ 2020 ‘ਚ ਇਕ ਦਿਨ ਲਈ ਪੈਰੋਲ ਦਿੱਤੀ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਸਿਰਸਾ ਦੇ ਮੁਖੀ ਨੂੰ ਪੈਰੋਲ ਦੌਰਾਨ ਸਿਰਸਾ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।