ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਲਈ ਕੇਂਦਰ ਤੋਂ ਮਦਦ ਮੰਗੀ

ਚੰਡੀਗੜ੍ਹ: ਹੜ੍ਹਾਂ ਕਾਰਨ ਪੰਜਾਬ ਦੇ 19 ਜ਼ਿਲਿ੍ਹਆਂ ਵਿਚ 1475 ਪਿੰਡ ਪ੍ਰਭਾਵਿਤ ਹੋਏ ਹਨ ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਦਾ ਆਰਥਿਕ ਤੌਰ ‘ਤੇ ਨੁਕਸਾਨ ਹੋਇਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਹੜ੍ਹ ਪੀੜਤਾਂ ਦੇ ਨੁਕਸਾਨ ਬਾਰੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਮੁਆਵਜ਼ੇ ਦੀ ਮੰਗ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਨੇ ਹੜ੍ਹਾਂ ਕਾਰਨ ਪੰਜਾਬ ‘ਚ 1500 ਕਰੋੜ ਰੁਪਏ ਦੇ ਕਰੀਬ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸ ਲਈ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਦੀ ਪੁਸ਼ਟੀ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਹੜ੍ਹਾਂ ਕਾਰਨ ਹੁਣ ਤੱਕ 44 ਜਣਿਆਂ ਦੀ ਮੌਤ ਹੋ ਚੁੱਕੀ ਹੈ, ਜਦਕਿ 22 ਲੋਕ ਜ਼ਖ਼ਮੀ ਹਨ। ਸੂਬੇ ‘ਚ 419 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ ਅਤੇ 850 ਘਰਾਂ ਦਾ ਮਾਮੂਲੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਸੂਬੇ ‘ਚ 27 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿਚ 6 ਲੱਖ ਏਕੜ ਦੇ ਕਰੀਬ ਫਸਲ ਪ੍ਰਭਾਵਿਤ ਹੋਈ ਹੈ, ਜਿਸ ਵਿਚੋਂ 2 ਲੱਖ ਏਕੜ ਤੋਂ ਵੱਧ ਫਸਲ ਤਾਂ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਮਦਦ ਲਈ ਵੱਖ-ਵੱਖ ਥਾਵਾਂ ‘ਤੇ ਪਨੀਰੀ ਲਗਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੁਫ਼ਤ ਪਨੀਰੀ ਮੁਹੱਈਆ ਕਰਵਾਈ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ 19 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆ ਚੁੱਕੇ ਹਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਹੜ੍ਹ ਪ੍ਰਭਾਵਿਤ ਸੂਬਾ ਘੋਸ਼ਿਤ ਨਹੀਂ ਕੀਤਾ ਜਾ ਰਿਹਾ।
ਉਧਰ, ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਹੜ੍ਹ ਪੀੜਤ ਲੋਕਾਂ ਲਈ ਸੂਬੇ ਨੂੰ ਵਿਸ਼ੇਸ਼ ਸਹਾਇਤਾ ਪੈਕੇਜ ਦੇਣ ਦੀ ਮੰਗ ਕੀਤੀ ਹੈ। ਕੇਂਦਰ ਵੱਲੋਂ 218.40 ਕਰੋੜ ਫੰਡ ਭੇਜਣ ਲਈ ਧੰਨਵਾਦ ਕਰਦਿਆਂ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਰਾਹੀਂ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਪੈਕੇਜ ਮੰਗਿਆ। ਉਨ੍ਹਾਂ ਕਿਹਾ ਕਿ ਸਾਉਣੀ ਦੀ ਫਸਲ ਤਬਾਹ ਹੋ ਗਈ ਹੈ। ਝੋਨਾ ਦੁਬਾਰਾ ਲਾਉਣ ਦੇ ਬਾਵਜੂਦ ਘਾਟੇ ਦੀ ਪੂਰਤੀ ਨਹੀਂ ਹੋ ਸਕੇਗੀ। ਪੱਤਰ ‘ਚ ਉਨ੍ਹਾਂ ਦੱਸਿਆ ਕਿ ਹੜ੍ਹਾਂ ਨੇ ਸੂਬੇ ਦੇ 19 ਜ਼ਿਲਿ੍ਹਆਂ ਵਿਚ ਤਬਾਹੀ ਮਚਾਈ ਹੈ। ਉਨ੍ਹਾਂ ਕਿਹਾ ਕਿ ਹਲਕਾ ਪਟਿਆਲਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਪਟਿਆਲਾ ਖੇਤਰ ਦਾ ਸਵਾ ਲੱਖ ਏਕੜ ਰਕਬਾ ਅਜੇ ਵੀ ਪਾਣੀ ਦੀ ਮਾਰ ਹੇਠ ਹੈ। ਇਸ ਕਰਕੇ ਕੇਂਦਰ ਨੂੰ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਹੈ।
ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਦੇਣ ‘ਚ ਫੇਲ੍ਹ: ਬਾਜਵਾ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਪੀੜਤਾਂ ਨੂੰ ਸਮੇਂ ਸਿਰ ਰਾਹਤ ਮੁਹੱਈਆ ਕਰਵਾਉਣ ਵਿਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਚੋਣਾਂ ਤੋਂ ਪਹਿਲਾਂ ਤੇ ਮਗਰੋਂ ਰੈਲੀਆਂ ਦੌਰਾਨ ਜੋ ਦਾਅਵੇ ਕਰਦੇ ਰਹੇ ਹਨ, ਉਨ੍ਹਾਂ ਵਿਚੋਂ ਇਕ ਨੂੰ ਵੀ ਅਮਲ ਵਿਚ ਨਹੀਂ ਲਿਆਂਦਾ ਗਿਆ। ਸ੍ਰੀ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਦਾਅਵਾ ਕੀਤਾ ਸੀ ਕੁਦਰਤੀ ਕਰੋਪੀ ਦੀ ਸਥਿਤੀ ਵਿਚ ਤੁਰਤ ਮੁਆਵਜ਼ੇ ਜਾਰੀ ਕੀਤੇ ਜਾਣਗੇ, ਜਦਕਿ ਹਾਲੇ ਤੱਕ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਉਹ ਆਪਣੇ ਵਾਅਦੇ ਅਨੁਸਾਰ ਪੀੜਤ ਕਿਸਾਨਾਂ ਅਤੇ ਪੰਜਾਬ ਵਾਸੀਆਂ ਨੂੰ ਤੁਰਤ ਮੁਆਵਜ਼ਾ ਜਾਰੀ ਕਰਨ।