ਚੰਡੀਗੜ੍ਹ: ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਸੀਨੀਅਰ ਭਾਜਪਾ ਆਗੂਆਂ ਦਾ ਇਕ ਵਫ਼ਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮਿਲਿਆ। ਵਫ਼ਦ ਨੇ ਰਾਜਪਾਲ ਕੋਲ ਸ਼ਿਕਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਣਦੇਖੀ ਕਾਰਨ ਪੰਜਾਬ ਦੇ ਲਗਭਗ ਸਾਰੇ ਜ਼ਿਲਿ੍ਹਆਂ ਵਿਚ ਹੜ੍ਹਾਂ ਕਾਰਨ ਬਦਤਰ ਸਥਿਤੀ ਪੈਦਾ ਹੋਈ ਹੈ ਅਤੇ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਸਾਰ ਨਹੀਂ ਲੈ ਰਹੀ।
ਇਸ ਵਫ਼ਦ ਵਿਚ ਸੁਨੀਲ ਜਾਖੜ, ਕੇਵਲ ਸਿੰਘ ਢਿੱਲੋਂ, ਲਖਵਿੰਦਰ ਕੌਰ ਗਰਚਾ, ਪਰਮਿੰਦਰ ਬਰਾੜ, ਗੁਰਪ੍ਰੀਤ ਸਿੰਘ ਕਾਂਗੜ, ਅਰਵਿੰਦ ਖੰਨਾ, ਬਲਬੀਰ ਸਿੱਧੂ, ਅਮਨਜੋਤ ਕੌਰ ਰਾਮੂਵਾਲੀਆ, ਜੈਇੰਦਰ ਕੌਰ, ਡਾ. ਸੁਭਾਸ਼ ਸ਼ਰਮਾ, ਰਾਕੇਸ਼ ਰਾਠੌਰ ਤੇ ਰਾਜ ਕੁਮਾਰ ਵੇਰਕਾ ਸ਼ਾਮਲ ਸਨ। ਵਫ਼ਦ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀ ਨਾਅਹਿਲੀਅਤ ਕਰਕੇ ਹੜ੍ਹਾਂ ਦੀ ਮਾਰ ਹੇਠ ਆਏ ਸੂਬਾ ਵਾਸੀ ਦੁਸ਼ਵਾਰੀਆਂ ਝੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਜਿਲ੍ਹੇ ਹਾਲੇ ਵੀ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ, ਪਰ ‘ਆਪ` ਸਰਕਾਰ ਪੀੜਤਾਂ ਨੂੰ ਰਾਹਤ ਦੇਣ ਲਈ ਲੋੜੀਂਦੀ ਯੋਜਨਾਬੰਦੀ ਕਰਦੀ ਨਜ਼ਰ ਨਹੀਂ ਆਉਂਦੀ।
ਰਾਜਪਾਲ ਨੂੰ ਦਿੱਤੇ ਮੰਗ ਪੱਤਰ ਰਾਹੀਂ ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਦੇ ਮੁੱਖ ਮੰਤਰੀ ਨੇ ਰਵਾਇਤੀ ਤੌਰ ‘ਤੇ ਆਪਣੇ ਸੀਨੀਅਰ ਅਧਿਕਾਰੀਆਂ ਨਾਲ ਹੜ੍ਹਾਂ ਦੀ ਤਿਆਰੀ ਸਬੰਧੀ ਸਮੀਖਿਆ ਮੀਟਿੰਗ ਕਰਨ ਦੀ ਖੇਚਲ ਵੀ ਨਹੀਂ ਕੀਤੀ। ਦੂਜੇ ਪਾਸੇ ਵਿਧਾਇਕਾਂ ਨੇ ਲੋੜਵੰਦਾਂ ਤੱਕ ਸਮੇਂ ਸਿਰ ਵਿੱਤੀ ਸਹਾਇਤਾ ਅਤੇ ਰਾਹਤ ਸਮੱਗਰੀ ਪਹੁੰਚਾਉਣ ਦੇ ਕਿਸੇ ਵੀ ਸੰਭਾਵੀ ਯਤਨ ਵਿਚ ਸਹਿਯੋਗ ਕਰਨ ਦੀ ਥਾਂ ਸਮੱਸਿਆ ਨੂੰ ਹੋਰ ਵਧਾ ਕੇ ਪੰਜਾਬ ਦੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਬਿਪਤਾ ਦੀ ਸਥਿਤੀ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹੜਤਾਲ ਕਰਨ ਲਈ ਮਜਬੂਰ ਕੀਤਾ ਗਿਆ, ਜਦਕਿ ਹੜ੍ਹ ਪੀੜਤਾਂ ਨੂੰ ਵਿਸ਼ੇਸ਼ ਗਿਰਦਾਵਰੀ ਮੁਕੰਮਲ ਹੋਣ ਮਗਰੋਂ ਹੀ ਵਿੱਤੀ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੜ੍ਹਾਂ ਦੀ ਇਸ ਸਥਿਤੀ ਵਿੱਚ ਜਿਥੇ ਆਪਣੇ ਜਾਨ-ਮਾਲ ਦੀ ਰਾਖੀ ਲਈ ਜੱਦੋ-ਜਹਿਦ ਕਰ ਰਹੇ ਹਨ ਉੱਥੇ ਹੀ ਮੁੱਖ ਮੰਤਰੀ ਤੇ ਮੰਤਰੀ ਸਿਰਫ ਫ਼ੋਟੋਆਂ ਖਿਚਵਾਉਣ ਵਿੱਚ ਲੱਗੇ ਹੋਏ ਹਨ।
ਸਰਕਾਰ ਦੀ ਗਲਤੀ ਦਾ ਖਮਿਆਜ਼ਾ ਭੁਗਤ ਰਹੇ ਨੇ ਲੋਕ: ਜਾਖੜ
ਫਤਹਿਗੜ੍ਹ ਸਾਹਿਬ: ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨਤਮਸਤਕ ਹੋਏ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਸਿਰਫ ‘ਆਪ` ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਵੱਲੋਂ 4 ਜੁਲਾਈ ਤੇ 8 ਜੁਲਾਈ ਨੂੰ ਪੰਜਾਬ ਵਿਚ ਭਾਰੀ ਮੀਂਹ ਪੈਣੀ ਦੀ ਸੂਚਨਾ ਦਿੱਤੀ ਗਈ ਸੀ, ਪਰ ਮੁੱਖ ਮੰਤਰੀ ਨੇ ਇਸ ਪਾਸੇ ਬਿਲਕੁਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਪ੍ਰਬੰਧ ਕੀਤੇ ਜਾਂਦੇ ਤਾਂ ਸੂਬੇ ਨੂੰ ਇੰਨਾ ਨੁਕਸਾਨ ਨਾ ਝੱਲਣਾ ਪੈਂਦਾ। ਸ੍ਰੀ ਜਾਖੜ ਨੇ ਕਿਹਾ ਕਿ ਸਰਕਾਰ ਦੀ ਨਾਲਾਇਕੀ ਦਾ ਖਮਿਆਜ਼ਾ ਪੰਜਾਬ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ।