ਪੰਜਾਬ ਦਾ ਦਿੱਲੀ ਨੂੰ ਫਿਰ ਸਵਾਲ: ਦਾਬੇ ਖਿਲਾਫ ਆਵਾਜ਼ ਉੱਠੀ

ਚੰਡੀਗੜ੍ਹ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਿਆਸੀ ਵਿਰੋਧੀਆਂ ਨੂੰ ਦਬਾਉਣ, ਧਾਰਮਿਕ ਮਾਮਲਿਆਂ ਵਿਚ ਦਖਲ ਅਤੇ ਘੱਟ ਗਿਣਤੀਆਂ ਨੂੰ ਦਾਬੇ ਮਾਰਨ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਖ਼ਿਲਾਫ਼ ਪੰਜਾਬ ਵਿਚ ਜ਼ੋਰਦਾਰ ਆਵਾਜ਼ ਉੱਠੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਣੇ ਵੱਡੀ ਗਿਣਤੀ ਸਿੱਖ ਜਥੇਬੰਦੀਆਂ ਅਤੇ ਸਿਆਸੀ ਧਿਰਾਂ ਨੇ ਕੇਂਦਰ ਸਰਕਾਰ ਨੂੰ ਅਜਿਹੀਆਂ ਹੋਛੀਆਂ ਕਾਰਵਾਈਆਂ ਤੋਂ ਵਰਜਿਆ ਹੈ।

ਭਾਜਪਾ ਦਾ ਪੁਰਾਣਾ ਭਾਈਵਾਲ ਰਿਹਾ ਅਕਾਲੀ ਦਲ ਬਾਦਲ ਇਸ ਪਾਸੇ ਹੁਣ ਸਭ ਤੋਂ ਵੱਧ ਸਰਗਰਮ ਜਾਪ ਰਿਹਾ ਹੈ। ਇਥੋਂ ਤੱਕ ਕਿ ਪੰਜਾਬ ਭਾਜਪਾ ਲੀਡਰਸ਼ਿਪ ਵੀ ਕੇਂਦਰ ਦੀ ਇਸ ਰਣਨੀਤੀ ਨੂੰ ਸੂਬੇ ਵਿਚ ਸਿਆਸੀ ਨਫ਼ੇ-ਨੁਕਸਾਨ ਵਜੋਂ ਤੋਲਣ ਲੱਗੀ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਏਜੰਸੀਆਂ ਦੀ ਪੰਜਾਬ ਵਿਚ ਕਾਰਵਾਈ ਲਈ ਗ੍ਰਹਿ ਮੰਤਰੀ ਨੂੰ ਉਲਾਂਭਾ ਦੇ ਕੇ ਆਏ ਹਨ। ਜਾਖੜ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਕੌਮੀ ਜਾਂਚ ਏਜੰਸੀ ਐਨ.ਆਈ.ਏ. ਵੱਲੋਂ ਖਾਲਸਾ ਏਡ ਵਰਗੀਆਂ ਸਮਾਜ ਭਲਾਈ ਦੇ ਕੰਮਾਂ ਵਿਚ ਜੁਟੀਆਂ ਸੰਸਥਾਵਾਂ ਉਤੇ ਛਾਪਿਆਂ ਬਾਰੇ ਸਖਤ ਇਤਰਾਜ਼ ਜਤਾਇਆ ਹੈ। ਸੂਤਰ ਦੱਸਦੇ ਹਨ ਕਿ ਜਾਖੜ ਅਮਿਤ ਸ਼ਾਹ ਦੇ ਕੰਨੀਂ ਇਹ ਗੱਲ ਵੀ ਪਾ ਕੇ ਆਏ ਹਨ ਕਿ ਅਜਿਹੀਆਂ ਕਾਰਵਾਈਆਂ ਪਾਰਟੀ ਨੂੰ ਲੈ ਬੈਠਣਗੀਆਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਲਈ ਵਿੱਢੀ ਮੁਹਿੰਮ ਉਤੇ ਮਾੜਾ ਅਸਰ ਪਾ ਸਕਦੀਆਂ ਹਨ।
ਇਸ ਮਸਲੇ ਉਤੇ ਅਕਾਲੀ ਦਲ ਪਹਿਲੀ ਵਾਰ ਖੁੱਲ੍ਹ ਕੇ ਬੋਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੌਮੀ ਜਾਂਚ ਏਜੰਸੀ ਪੰਜਾਬ ਵਿਚ ਵੱਡੇ ਪੱਧਰ ‘ਤੇ ਛਾਪੇ ਮਾਰ ਕੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾ ਰਹੀ ਹੈ। ਮਨੁੱਖਤਾ ਦੀ ਸੇਵਾ ਕਰਨ ਵਾਲੀਆਂ ਖਾਲਸਾ ਏਡ ਵਰਗੀਆਂ ਸੰਸਥਾਵਾਂ ਨੂੰ ਨਾਜਾਇਜ਼ ਢੰਗ ਨਾਲ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ। ਪੰਜਾਬੀ ਮਹਿਸੂਸ ਕਰ ਰਹੇ ਹਨ ਕਿ ਪੰਜਾਬ ‘ਚ ਜਾਣਬੁਝ ਕੇ ਐਨ.ਆਈ.ਏ. ਵੱਲੋਂ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਲਈ ਛਾਪੇ ਮਾਰੇ ਜਾ ਰਹੇ ਹਨ।
ਉਧਰ, ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਦੇ ਹਵਾਈ ਅੱਡੇ ‘ਤੇ ਰੋਕਣ ਉਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਖਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਸਪਸ਼ਟ ਸ਼ਬਦਾਂ ਵਿਚ ਆਖਿਆ ਹੈ ਕਿ ਬਰਤਾਨਵੀ ਸਿੱਖ ਸੰਸਦ ਮੈਂਬਰ ਨਾਲ ਹਵਾਈ ਅੱਡੇ ‘ਤੇ ਇਸ ਤਰ੍ਹਾਂ ਦੀ ਕਾਰਵਾਈ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਨ ਵਾਲੀ ਹੈ। ਇਸ ਨਾਲ ਸਿੱਖ ਭਾਈਚਾਰੇ ਵਿਚ ਨਾਰਾਜ਼ਗੀ ਦੀ ਭਾਵਨਾ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨੂੰ ਕਿਹਾ ਕਿ ਸਿੱਖ ਭਾਈਚਾਰੇ ਨਾਲ ਅਜਿਹਾ ਘਟੀਆ ਵਤੀਰਾ ਬੰਦ ਹੋਣਾ ਚਾਹੀਦਾ ਹੈ।
ਯਾਦ ਰਹੇ ਕਿ ਇਨ੍ਹੀਂ ਦਿਨੀਂ ਪੰਜਾਬ ਵਿਚ ਕੇਂਦਰੀ ਏਜੰਸੀਆਂ ਦੇ ਛਾਪੇ, ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਦੇ ਹਵਾਈ ਅੱਡੇ ‘ਤੇ ਰੋਕਣ ਅਤੇ ਨਾਂਦੇੜ ਦੇ ਗੈਰ-ਸਿੱਖ ਕੁਲੈਕਟਰ ਨੂੰ ਤਖਤ ਹਜ਼ੂਰ ਸਾਹਿਬ ਦਾ ਪ੍ਰਬੰਧਕ ਲਾਉਣ ਵਰਗੇ ਮਾਮਲੇ ਭਖੇ ਹੋਏ ਹਨ। ਇਸ ਨੂੰ ਲੈ ਕੇ ਸਿੱਖ ਜਥੇਬੰਦੀਆਂ ਤੇ ਸਿਆਸੀ ਧਿਰਾਂ ਵਿਚ ਖਾਸਾ ਰੋਸ ਹੈ। ਢੇਸੀ ਨੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਰੋਕੇ ਜਾਣ ‘ਤੇ ਟਵੀਟ ਕਰਦਿਆਂ ਅਸਿੱਧੇ ਢੰਗ ਨਾਲ ਕੇਂਦਰ ‘ਤੇ ਹੱਲਾ ਬੋਲਿਆ ਹੈ। ਢੇਸੀ ਨੇ ਟਵੀਟ ਕਰਦਿਆਂ ਕਿਹਾ, “ਮੇਰਾ ਅੰਦਾਜ਼ਾ ਹੈ ਕਿ ਮੈਨੂੰ ਕਿਸਾਨਾਂ, ਹਾਸ਼ੀਏ ‘ਤੇ ਧੱਕੇ ਲੋਕਾਂ ਅਤੇ ਸਿੱਖਾਂ ਵਰਗੇ ਘੱਟ ਗਿਣਤੀ ਵਰਗ ਨਾਲ ਇੱਕਜੁਟਤਾ ਨਾਲ ਖੜ੍ਹਨ ਦੀ ਕੀਮਤ ਚੁਕਾਉਣੀ ਪਈ ਹੈ।” ਢੇਸੀ ਨੇ ਕਿਸਾਨ ਅੰਦੋਲਨ ਦੀ ਗੱਲ ਬੇਬਾਕੀ ਨਾਲ ਉਠਾਉਂਦੇ ਰਹੇ ਸਨ। ਉਨ੍ਹਾਂ ਇੰਗਲੈਂਡ ਦੀ ਪਾਰਲੀਮੈਂਟ ਵਿਚ ਵੀ ਇਸ ਮਾਮਲੇ ਨੂੰ ਉਠਾਇਆ ਸੀ।
ਉਧਰ, ਨਾਂਦੇੜ ਦੇ ਗੈਰ-ਸਿੱਖ ਕੁਲੈਕਟਰ ਨੂੰ ਤਖਤ ਹਜ਼ੂਰ ਸਾਹਿਬ ਦਾ ਪ੍ਰਬੰਧਕ ਲਾਉਣ ਨੂੰ ਵੀ ਸਿੱਖ ਵਿਰੋਧੀ ਕਾਰਵਾਈ ਮੰਨਿਆ ਜਾ ਰਿਹਾ ਹੈ। ਸਿੱਖ ਜਥੇਬੰਦੀਆਂ ਸਮੇਤ ਪੰਜਾਬ ਦੀਆਂ ਸਿਆਸੀ ਧਿਰਾਂ ਨੇ ਵੀ ਇਸ ਉਤੇ ਸਖਤ ਇਤਰਾਜ਼ ਜਤਾਇਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਨਾਂਦੇੜ ਸਾਹਿਬ ਦੇ ਗੈਰਸਿੱਖ ਕਲੈਕਟਰ ਨੂੰ ਤਖਤ ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧਕ ਲਾਉਣ ਦਾ ਵਿਰੋਧ ਕੀਤਾ ਹੈ ਤੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿਰਫ ਗੁਰਸਿੱਖ ਹੀ ਗੁਰਧਾਮਾਂ ਦਾ ਪ੍ਰਬੰਧਕ ਲੱਗ ਸਕਦਾ ਹੈ ਤੇ ਇਸ ਮੁਤਾਬਕ ਫੈਸਲੇ ਵਿਚ ਸੋਧ ਕੀਤੀ ਜਾਵੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਇਕ ਗੈਰ-ਸਿੱਖ ਦੀ ਨਿਯੁਕਤੀ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਪਣਾ ਇਹ ਵਿਰੋਧ ਮਹਾਰਾਸ਼ਟਰ ਸਰਕਾਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਭੇਜ ਕੇ ਦਰਜ ਕਰਵਾਇਆ ਹੈ। ਜਾਣਕਾਰੀ ਮੁਤਾਬਕ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਹੁਣ ਤੱਕ ਜ਼ਿਆਦਾਤਰ ਸਿੱਖਾਂ ਨੂੰ ਹੀ ਤਾਇਨਾਤ ਕੀਤਾ ਜਾਂਦਾ ਰਿਹਾ ਹੈ। ਇਕ ਗੈਰ-ਸਿੱਖ ਅਧਿਕਾਰੀ ਨੂੰ ਗੁਰਦੁਆਰਾ ਬੋਰਡ ਦਾ ਪ੍ਰਸ਼ਾਸਕ ਨਿਯੁਕਤ ਕਰਨਾ ਸਿੱਖ ਭਾਵਨਾਵਾਂ ਅਤੇ ਮਰਿਆਦਾ ਅਨੁਸਾਰ ਨਹੀਂ ਹੈ। ਮਹਾਰਾਸ਼ਟਰ ਸਰਕਾਰ ਦੇ ਇਸ ਫੈਸਲੇ ਵਿਰੁੱਧ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਚ ਪ੍ਰਸ਼ਾਸਕ ਵਜੋਂ ਕਿਸੇ ਸਿੱਖ ਆਈ.ਏ.ਐਸ. ਅਧਿਕਾਰੀ ਨੂੰ ਨਿਯੁਕਤ ਕੀਤਾ ਜਾਵੇ।
ਮਤਾ ਪਾਸ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦਾ ਪ੍ਰਬੰਧਕ ਗੈਰ-ਸਿੱਖ ਵਿਅਕਤੀ ਨੂੰ ਲਗਾਉਣ ਵਿਰੁੱਧ ਮਤਾ ਪਾਸ ਕੀਤਾ ਗਿਆ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ‘ਤੇ ਦੋਸ਼ ਲਾਇਆ ਕਿ ਕਮਿਸ਼ਨ ਆਪਣੇ ਦਾਇਰੇ ਤੋਂ ਬਾਹਰ ਜਾ ਕੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਯਤਨ ਕਰ ਰਿਹਾ ਹੈ।