ਨਵੀਂ ਦਿੱਲੀ: ਨਾਂਦੇੜ ਦੇ ਗੈਰ-ਸਿੱਖ ਕੁਲੈਕਟਰ ਨੂੰ ਤਖਤ ਹਜ਼ੂਰ ਸਾਹਿਬ ਦਾ ਪ੍ਰਬੰਧਕ ਲਾਉਣ ਦਾ ਮਾਮਲਾ ਭਖ ਗਿਆ ਹੈ। ਸਿੱਖ ਜਥੇਬੰਦੀਆਂ ਸਮੇਤ ਪੰਜਾਬ ਦੀਆਂ ਸਿਆਸੀ ਧਿਰਾਂ ਨੇ ਵੀ ਇਸ ਉਤੇ ਸਖਤ ਇਤਰਾਜ਼ ਜਤਾਇਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਨਾਂਦੇੜ ਸਾਹਿਬ ਦੇ ਗੈਰਸਿੱਖ ਕਲੈਕਟਰ ਨੂੰ ਤਖਤ ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧਕ ਲਾਉਣ ਦਾ ਵਿਰੋਧ ਕੀਤਾ ਹੈ ਤੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿਰਫ ਗੁਰਸਿੱਖ ਹੀ ਗੁਰਧਾਮਾਂ ਦਾ ਪ੍ਰਬੰਧਕ ਲੱਗ ਸਕਦਾ ਹੈ ਤੇ ਇਸ ਮੁਤਾਬਕ ਫੈਸਲੇ ਵਿਚ ਸੋਧ ਕੀਤੀ ਜਾਵੇ।
ਬਿਆਨ ਵਿਚ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਕਿਵੇਂ ਮਹਾਰਾਸ਼ਟਰ ਸਰਕਾਰ ਨੇ ਗੈਰਸਿੱਖ ਨੂੰ ਤਖਤ ਹਜ਼ੂਰ ਸਾਹਿਬ ਦਾ ਪ੍ਰਬੰਧਕ ਨਿਯੁਕਤ ਕਰ ਦਿੱਤਾ ਹੈ। ਗੁਰਧਾਮਾਂ ਤੇ ਗੁਰੂ ਘਰਾਂ ਦੀ ਸੇਵਾ ਸੰਭਾਲ ਦੀ ਮਰਿਆਦਾ ਬਾਰੇ ਸਿਰਫ ਗੁਰਸਿੱਖ ਹੀ ਜਾਣਕਾਰੀ ਰੱਖਦਾ ਹੈ। ਪਹਿਲੇ ਪ੍ਰਬੰਧਕ ਡਾ. ਪੀ.ਐਸ. ਪਸਰੀਚਾ ਨੇ ਪਿਛਲੇ ਸਮੇਂ ਦੌਰਾਨ ਬਤੌਰ ਪ੍ਰਬੰਧਕ ਬਹੁਤ ਵਧੀਆ ਸੇਵਾਵਾਂ ਨਿਭਾਈਆਂ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਇਕ ਗੈਰ-ਸਿੱਖ ਦੀ ਨਿਯੁਕਤੀ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਪਣਾ ਇਹ ਵਿਰੋਧ ਮਹਾਰਾਸ਼ਟਰ ਸਰਕਾਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਭੇਜ ਕੇ ਦਰਜ ਕਰਵਾਇਆ ਹੈ।
ਜਾਣਕਾਰੀ ਮੁਤਾਬਕ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਹੁਣ ਤੱਕ ਜ਼ਿਆਦਾਤਰ ਸਿੱਖਾਂ ਨੂੰ ਹੀ ਤਾਇਨਾਤ ਕੀਤਾ ਜਾਂਦਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਗੈਰ-ਸਿੱਖ ਅਧਿਕਾਰੀ ਨੂੰ ਗੁਰਦੁਆਰਾ ਬੋਰਡ ਦਾ ਪ੍ਰਸ਼ਾਸਕ ਨਿਯੁਕਤ ਕਰਨਾ ਸਿੱਖ ਭਾਵਨਾਵਾਂ ਅਤੇ ਮਰਿਆਦਾ ਅਨੁਸਾਰ ਨਹੀਂ ਹੈ। ਮਹਾਰਾਸ਼ਟਰ ਸਰਕਾਰ ਦੇ ਇਸ ਫੈਸਲੇ ਵਿਰੁੱਧ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਅੰਦਰ ਤਖ਼ਤ ਸਾਹਿਬਾਨ ਦੀ ਭੂਮਿਕਾ ਸਿੱਖ ਮਰਿਆਦਾ ਲਾਗੂ ਕਰਨ ਲਈ ਅਗਵਾਈ ਕਰਨਾ ਅਤੇ ਸਮੇਂ ਸਮੇਂ ਨਿਰਦੇਸ਼ ਦੇਣਾ ਹੈ, ਇਸ ਲਈ ਕਿਸੇ ਗੈਰ-ਸਿੱਖ ਵਿਅਕਤੀ ਨੂੰ ਤਖ਼ਤ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਪ੍ਰਬੰਧਕ ਵਜੋਂ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੋਈ ਗੈਰ ਸਿੱਖ ਵਿਅਕਤੀ ਸਿੱਖ ਭਾਵਨਾਵਾਂ ਅਨੁਸਾਰ ਗੁਰਦੁਆਰਿਆਂ ਦਾ ਪ੍ਰਬੰਧ ਵੀ ਨਹੀਂ ਚਲਾ ਸਕਦਾ। ਉਨ੍ਹਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਇਹ ਸਿੱਖ ਵਿਰੋਧੀ ਫੈਸਲਾ ਤੁਰੰਤ ਵਾਪਸ ਲੈਣ ਲਈ ਕਿਹਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਦੇ ਨਾਲ ਹੀ ਗੁਰਦੁਆਰਾ ਬੋਰਡ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਨਾਂਦੇੜ ਦੀ ਚੋਣ ਕਰਵਾਉਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਕਾਰਜਕਾਲ ਮਾਰਚ 2022 ਵਿਚ ਪੂਰਾ ਹੋ ਚੁੱਕਾ ਹੈ।
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਚ ਪ੍ਰਸ਼ਾਸਕ ਵਜੋਂ ਕਿਸੇ ਸਿੱਖ ਆਈ.ਏ.ਐਸ. ਅਧਿਕਾਰੀ ਨੂੰ ਨਿਯੁਕਤ ਕੀਤਾ ਜਾਵੇ। ਇਸ ਪੱਤਰ ਵਿਚ ਉਨ੍ਹਾਂ ਦੱਸਿਆ ਕਿ ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਾਂਦੇੜ ਦੇ ਕੁਲੈਕਟਰ ਨੂੰ ਗੁਰਦੁਆਰਾ ਪ੍ਰਬੰਧ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮਹਾਰਾਸ਼ਟਰ ਪੁਲਿਸ ਦੇ ਡਾਇਰੈਕਟਰ ਜਨਰਲ ਡਾ. ਪੀ.ਐਸ. ਪਸਰੀਚਾ ਇਸ ਅਹੁਦੇ ਦੀਆਂ ਸੇਵਾਵਾਂ ਨਿਭਾ ਚੁੱਕੇ ਹਨ। ਦੱਸਣਯੋਗ ਹੈ ਕਿ ਇਸ ਨਿਯੁਕਤੀ ਤੋਂ ਪਹਿਲਾਂ ਸਾਬਕਾ ਪੁਲਿਸ ਮੁਖੀ ਪੀ.ਐਸ ਪਸਰੀਚਾ ਨੂੰ ਨਿਯੁਕਤ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਨਿਯੁਕਤੀ ਸਮੇਂ ਗੁਰਦੁਆਰੇ ਦੀ ਆਮਦਨ ਵੀ ਵਧੀ ਸੀ।