ਪਰਲਜ਼ ਘੁਟਾਲਾ: ਕਈ ਸਿਆਸਤਦਾਨ ਤੇ ਪੁਲਿਸ ਅਫਸਰ ਵੀ ਜਾਂਚ ਦੇ ਘੇਰੇ `ਚ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਨਾਲ ਜੁੜੇ ਮਾਮਲਿਆਂ ਵਿਚ ਹੱਥ ਰੰਗਣ ਵਾਲੇ ਸੂਬੇ ਦੇ ਸਿਆਸਤਦਾਨਾਂ ਅਤੇ ਪੁਲਿਸ ਅਫਸਰਾਂ ਦੀ ਭੂਮਿਕਾ ਦੀ ਜਾਂਚ ਆਰੰਭ ਦਿੱਤੀ ਹੈ। ਵਿਜੀਲੈਂਸ ਅਨੁਸਾਰ ਸਿਆਸੀ ਅਤੇ ਪ੍ਰਸ਼ਾਸਕੀ ਪੁਸ਼ਤਪਨਾਹੀ ਤੋਂ ਬਿਨਾਂ ਜ਼ਮੀਨਾਂ ਖੁਰਦ ਬੁਰਦ ਨਹੀਂ ਹੋ ਸਕਦੀਆਂ। ਇਸ ਕਰਕੇ ਸਿਆਸਤਦਾਨਾਂ ਤੇ ਪੁਲਿਸ ਅਫ਼ਸਰਾਂ ਦੀ ਭੂਮਿਕਾ ਬਾਰੇ ਜਾਂਚ ਕੀਤੀ ਜਾ ਰਹੀ ਹੈ।

ਇਕ ਅੰਦਾਜ਼ੇ ਮੁਤਾਬਕ ਪਰਲਜ਼ ਗਰੁੱਪ ਦੀਆਂ 40 ਹਜ਼ਾਰ ਦੇ ਕਰੀਬ ਸੰਪਤੀਆਂ ਹਨ ਜਿਨ੍ਹਾਂ ‘ਚੋਂ 2239 ਪੰਜਾਬ ‘ਚ ਹਨ। ਇਹ ਤੱਥ ਵੀ ਸਾਹਮਣੇ ਆ ਚੁੱਕੇ ਹਨ ਕਿ ਨਿਵੇਸ਼ਕਾਂ ਦੇ ਅੱਠ ਤੋਂ ਦਸ ਹਜ਼ਾਰ ਕਰੋੜ ਰੁਪਏ ਡੁੱਬੇ ਹੋਏ ਹਨ।
ਵਿਜੀਲੈਂਸ ਬਿਊਰੋ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪਰਲਜ਼ ਘੁਟਾਲੇ ਦੀ ਮੁਢਲੀ ਤਫ਼ਤੀਸ਼ ਦੌਰਾਨ ਕਾਂਗਰਸ ਨਾਲ ਸਬੰਧਤ 4 ਆਗੂਆਂ, ਜਿਨ੍ਹਾਂ ਵਿਚ ਇਕ ਸਾਬਕਾ ਮੰਤਰੀ ਵੀ ਸ਼ਾਮਲ ਹੈ, ਅਤੇ ਪੰਜਾਬ ਪੁਲਿਸ ਦੇ ਇਕ ਸੀਨੀਅਰ ਆਈ.ਪੀ.ਐਸ. ਅਧਿਕਾਰੀ, ਇਕ ਸੇਵਾ ਮੁਕਤ ਆਈ.ਪੀ.ਐੱਸ, ਡੀ.ਐਸ.ਪੀ. ਅਤੇ ਇੰਸਪੈਕਟਰ ਪੱਧਰ ਦੇ 4 ਅਫਸਰਾਂ ਦੀ ਸ਼ੱਕੀ ਭੂਮਿਕਾ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਪੁਲਿਸ ਅਧਿਕਾਰੀ ਵੱਲੋਂ ਅਮਰੀਕਾ ਦੇ ਸ਼ਹਿਰ ਸਾਂ ਫਰਾਂਸਿਸਕੋ ਦੇ ਇਕ ਹੋਟਲ ‘ਚ ਪੂੰਜੀ ਨਿਵੇਸ਼ ਦੀ ਪੜਤਾਲ ਵੀ ਕੀਤੀ ਜਾ ਰਹੀ ਹੈ।
ਵਿਜੀਲੈਂਸ ਬਿਊਰੋ ਵੱਲੋਂ ਇਸ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ ਕਿ ਪਰਲਜ਼ ਘੁਟਾਲੇ ਸਬੰਧੀ ਐਫ.ਆਈ.ਆਰ. ਵਿਸ਼ੇਸ਼ ਤੌਰ ‘ਤੇ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਥਾਣੇ ਵਿਚ ਹੀ ਕਿਉਂ ਦਰਜ ਕੀਤੀ ਗਈ।
ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ੀਰਾ ਵਿਚ ਮਾਮਲਾ ਦਰਜ ਕੀਤੇ ਜਾਣਾ ਆਪਣੇ ਆਪ ਵਿਚ ਸ਼ੱਕੀ ਬਣ ਜਾਂਦਾ ਹੈ। ਇਹ ਮਾਮਲਾ ਕਾਂਗਰਸ ਹਕੂਮਤ ਵੇਲੇ ਸਾਲ 2020 ਵਿਚ ਦਰਜ ਕੀਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਦੇਣ ਤੋਂ ਬਾਅਦ ਵਿਜੀਲੈਂਸ ਨੇ 19 ਮਈ ਤੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਇਸ ਮਾਮਲੇ ਵਿਚ ਦੋਸ਼ ਪੱਤਰ ਵੀ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪਰਲਜ਼ ਘੁਟਾਲਾ ਸਾਹਮਣੇ ਆਉਣ ਤੋਂ ਬਾਅਦ ਗਰੁੱਪ ਦੀ ਜਾਇਦਾਦ ਨੂੰ ਪੰਜਾਬ ਵਿਚ ਵੱਡੇ ਪੱਧਰ ‘ਤੇ ਖੁਰਦ ਬੁਰਦ ਕੀਤਾ ਗਿਆ ਸੀ।
‘ਵੱਡੀ ਮੱਛੀ` ਖਿਲਾਫ ਮਿਲੇ ਸਬੂਤ ਮਿਲਣ ਦਾ ਦਾਅਵਾ ਕੀਤਾ
ਚੰਡੀਗੜ੍ਹ: ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ਵਿਚ ਇਕ ‘ਵੱਡੀ ਮੱਛੀ` ਵੱਲੋਂ ਜ਼ਮੀਨ ਹਾਸਲ ਕਰਨ ਦੇ ਸਬੂਤ ਮਿਲੇ ਹਨ ਤੇ ਇਸ ਸਿਆਸਤਦਾਨ ਖਿਲਾਫ਼ ਆਉਂਦੇ ਦਿਨਾਂ ਦੌਰਾਨ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਵਿਜੀਲੈਂਸ ਸੂਤਰਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਕਰੋੜਾਂ ਰੁਪਏ ਦਾ ਲੈਣ-ਦੇਣ ਹੋਇਆ ਹੈ।