ਪੰਜਾਬ ਮੁੜ ਹੜ੍ਹਾਂ ਦੀ ਮਾਰ ਹੇਠ

ਚੰਡੀਗੜ੍ਹ: ਪੰਜਾਬ ਦੇ ਵੱਡੇ ਹਿੱਸੇ ਉਤੇ ਇਕ ਵਾਰ ਮੁੜ ਹੜ੍ਹਾਂ ਦਾ ਖਤਰਾ ਮੰਡਰਾਉਣ ਲੱਗਾ ਹੈ। ਹਿਮਾਚਲ ਪ੍ਰਦੇਸ਼ ‘ਚ ਲਗਾਤਾਰ ਮੀਂਹ ਪੈਣ ਕਰ ਕੇ ਡੈਮਾਂ ‘ਚ ਪਾਣੀ ਖਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ ਜਿਸ ਕਰ ਕੇ ਪੰਜਾਬ ‘ਚ ਦਰਿਆਵਾਂ ਨੇੜਲੇ ਪਿੰਡਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਖਤਰੇ ਨੂੰ ਘਟਾਉਣ ਵਾਸਤੇ ਪਾਕਿਸਤਾਨ ਵੱਲ ਪਾਣੀ ਛੱਡਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਹਰੀਕੇ ਹੈੱਡ ਵਰਕਸ ਦੇ ਗੇਟ ਖੋਲ੍ਹੇ ਜਾ ਰਹੇ ਹਨ।

ਪੌਂਗ ਡੈਮ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਉਪਰ ਚਲਾ ਗਿਆ ਹੈ ਜਦੋਂ ਕਿ ਭਾਖੜਾ ਡੈਮ ਵਿਚ ਪਾਣੀ ਖਤਰੇ ਦੇ ਨਿਸ਼ਾਨ ਦੇ ਨੇੜੇ ਪੁੱਜ ਗਿਆ ਹੈ। ਸਾਲ 1988 ਤੋਂ ਬਾਅਦ ਪਹਿਲੀ ਦਫ਼ਾ ਹੈ ਕਿ ਭਾਖੜਾ ਅਤੇ ਪੌਂਗ ਡੈਮ ਦੋਵਾਂ ਦੇ ਇਕੋ ਵੇਲੇ ਫਲੱਡ ਗੇਟ ਖੋਲ੍ਹਣੇ ਪਏ ਹਨ। ਪੰਜਾਬ ਪਹਿਲਾਂ ਹੀ ਆਏ ਹੜ੍ਹਾਂ ਦੀ ਮਾਰ ‘ਚੋਂ ਹਾਲੇ ਬਾਹਰ ਨਹੀਂ ਨਿਕਲ ਸਕਿਆ ਹੈ।
ਮੁੱਖ ਸਕੱਤਰ ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰਾਂ ਨਾਲ ਐਮਰਜੈਂਸੀ ਮੀਟਿੰਗ ਕਰ ਕੇ ਉਨ੍ਹਾਂ ਨੂੰ ਢੁਕਵੇਂ ਇੰਤਜ਼ਾਮ ਰੱਖਣ ਵਾਸਤੇ ਕਿਹਾ ਹੈ: ਖਾਸ ਤੌਰ ‘ਤੇ ਜ਼ਿਲ੍ਹਾ ਹੁਸ਼ਿਆਰਪੁਰ, ਗੁਰਦਾਸਪੁਰ, ਤਰਨ ਤਾਰਨ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਰੋਪੜ, ਨਵਾਂ ਸ਼ਹਿਰ, ਲੁਧਿਆਣਾ, ਜਲੰਧਰ, ਸੰਗਰੂਰ ਤੇ ਪਟਿਆਲਾ ਨੂੰ ਹਦਾਇਤਾਂ ਦਿੱਤੀਆਂ ਹਨ। ਇਨ੍ਹਾਂ ਜ਼ਿਲਿ੍ਹਆਂ ਨੂੰ ਮੁੜ ਹੜ੍ਹਾਂ ਦੀ ਸਥਿਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਡੈਮਾਂ ਵਿਚ ਪਾਣੀ ਦੇ ਪੱਧਰ ਦੀ ਸਥਿਤੀ ਦਾ ਜਾਇਜ਼ਾ ਲਿਆ ਹੈ। ਜਲ ਸਰੋਤ ਵਿਭਾਗ ਵੱਲੋਂ ਮੁੱਖ ਮੰਤਰੀ ਦਫਤਰ ਨੂੰ ਇਕ ਇਕ ਘੰਟੇ ਮਗਰੋਂ ਡੈਮਾਂ ਵਿਚ ਪਾਣੀ ਦੇ ਪੱਧਰ ਦੀ ਸੂਚਨਾ ਭੇਜੀ ਜਾ ਰਹੀ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਬਾਰੇ ਚੌਕਸ ਰਹਿਣ ਲਈ ਕਿਹਾ ਹੈ ਅਤੇ ਢੁਕਵੇਂ ਪ੍ਰਬੰਧ ਕਰਨ ਵਾਸਤੇ ਹਦਾਇਤ ਕੀਤੀ ਹੈ।ਪੰਜਾਬ ਵਿਚ ਪਿਛਲੇ ਮਹੀਨੇ ਆਏ ਹੜ੍ਹਾਂ ਕਾਰਨ ਤਕਰੀਬਨ ਸਵਾ ਛੇ ਲੱਖ ਏਕੜ ਫਸਲ ਤਬਾਹ ਹੋਈ ਹੈ। ਇਸ ਦੌਰਾਨ 54 ਜਣਿਆਂ ਦੀ ਜਾਨ ਚਲੀ ਗਈ ਅਤੇ 27 ਹਜ਼ਾਰ ਪਸ਼ੂ ਵੀ ਮਰ ਗਏ। ਪੰਜਾਬ ਸਰਕਾਰ ਨੇ ਫਸਲੀ ਨੁਕਸਾਨ ਦੀ ਭਰਪਾਈ ਲਈ 605 ਕਰੋੜ ਰੁਪਏ ਦਾ ਅਨੁਮਾਨ ਲਾਇਆ ਹੈ। ਰਿਪੋਰਟ ਅਨੁਸਾਰ ਸੂਬੇ ਵਿਚ ਕੁੱਲ 547 ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ ਜਦਕਿ 2645 ਮਕਾਨ ਅੱਧੇ ਡਿੱਗੇ ਹਨ।
ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਮਗਰੋਂ ਢਿੱਗਾਂ ਖਿਸਕਣ ਕਾਰਨ ਸ਼ਿਮਲਾ-ਕਾਲਕਾ ਕੌਮੀ ਮਾਰਗ ਤੇ ਚੰਡੀਗੜ੍ਹ-ਮਨਾਲੀ ਮਾਰਗ ਸਮੇਤ ਸੂਬੇ ਦੀਆਂ 452 ਦੇ ਕਰੀਬ ਅਹਿਮ ਸੜਕਾਂ ਆਵਾਜਾਈ ਲਈ ਬੰਦ ਹੋ ਗਈਆਂ ਹਨ।