ਪੰਚਾਇਤੀ ਸੰਸਥਾਵਾਂ ਭੰਗ ਕਰਨ ਦੇ ਫੈਸਲੇ ਨੇ ਸਰਪੰਚ ਕਸੂਤੇ ਫਸਾਏ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੀਆਂ ਪੰਚਾਇਤੀ ਸੰਸਥਾਵਾਂ ਨੂੰ ਭੰਗ ਕਰਕੇ ਦੋ ਪੜਾਵਾਂ ਵਿਚ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਪੰਚਾਇਤੀ ਰਾਜ ਐਕਟ 1994 ਦੀ ਧਾਰਾ 29-ਏ ਤਹਿਤ ਗ੍ਰਾਮ ਪੰਚਾਇਤਾਂ, ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਨੂੰ ਭੰਗ ਕਰਕੇ ਉਨ੍ਹਾਂ ਦੇ ਪ੍ਰਬੰਧਕ/ਪ੍ਰਸ਼ਾਸਕ ਲਾਉਣ ਦਾ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ 25 ਨਵੰਬਰ ਅਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ, 2023 ਤੱਕ ਕਰਵਾਉਣ ਦਾ ਐਲਾਨ ਕੀਤਾ ਹੈ।

ਸਰਕਾਰੀ ਫੈਸਲੇ ਮਗਰੋਂ ਸੂਬੇ ਵਿਚ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਤੁਰਤ ਪ੍ਰਭਾਵ ਤੋਂ ਸੂਬੇ ਦੀਆਂ 13,241 ਗ੍ਰਾਮ ਪੰਚਾਇਤਾਂ, 150 ਪੰਚਾਇਤ ਸਮਿਤੀਆਂ ਅਤੇ 22 ਜ਼ਿਲ੍ਹਾ ਪਰਿਸ਼ਦਾਂ ਭੰਗ ਹੋ ਗਈਆਂ ਹਨ। ਪੰਜਾਬ ਸਰਕਾਰ ਨੇ ਭੰਗ ਕੀਤੀਆਂ ਪੰਚਾਇਤਾਂ ਦੇ ਵਿੱਤੀ ਲੈਣ-ਦੇਣ ‘ਤੇ ਰੋਕ ਲਗਾ ਦਿੱਤੀ ਹੈ ਜਿਸ ਨਾਲ ਪਿੰਡਾਂ ਵਿਚ ਚੱਲ ਰਹੇ ਵਿਕਾਸ ਕੰਮ ਠੱਪ ਹੋਣ ਦੇ ਆਸਾਰ ਬਣ ਗਏ ਹਨ। ਇਸ ਫੈਸਲੇ ਮਗਰੋਂ ਸਰਪੰਚ ਕਸੂਤੇ ਫਸ ਗਏ ਹਨ ਜਿਨ੍ਹਾਂ ਵੱਲੋਂ ਪਿੰਡਾਂ ਵਿਚ ਵਿਕਾਸ ਕਾਰਜ ਕਰਾਏ ਜਾ ਰਹੇ ਸਨ। ਨਵੇਂ ਫੈਸਲੇ ਪਿੱਛੋਂ ਹੁਣ ਕੋਈ ਵੀ ਗਰਾਮ ਪੰਚਾਇਤ ਕੋਈ ਦੇਣਦਾਰੀ ਨਹੀਂ ਦੇ ਸਕੇਗੀ।
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਸਮੂਹ ਗਰਾਮ ਪੰਚਾਇਤਾਂ, ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਨੂੰ ਭੰਗ ਕਰ ਦਿੱਤਾ ਹੈ ਅਤੇ 31 ਦਸੰਬਰ ਤੱਕ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਕਰਾਈਆਂ ਜਾਣੀਆਂ ਹਨ। ਪੰਚਾਇਤ ਵਿਭਾਗ ਨੇ ਸਮੂਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ ਕਿ ਅਗਲੇ ਹੁਕਮਾਂ ਤੱਕ ਪੰਚਾਇਤੀ ਸੰਸਥਾਵਾਂ ਵਿਚ ਸਾਰੇ ਵਿੱਤੀ ਲੈਣ-ਦੇਣ ਬੰਦ ਕਰ ਦਿੱਤੇ ਜਾਣ ਅਤੇ ਉਨ੍ਹਾਂ ‘ਤੇ ਸਪੱਸ਼ਟ ਰੂਪ ਵਿਚ ਰੋਕ ਲਗਾ ਦਿੱਤੀ ਹੈ। ਗਰਾਮ ਪੰਚਾਇਤਾਂ ਕੋਲ ਵਿਕਾਸ ਕੰਮਾਂ ਲਈ ਆਈ ਗਰਾਂਟ ਹੁਣ ਵਰਤੀ ਨਹੀਂ ਜਾ ਸਕੇਗੀ। ਇਨ੍ਹਾਂ ਭੰਗ ਕੀਤੀਆਂ ਪੰਚਾਇਤਾਂ ਦੀ ਥਾਂ ਹੁਣ ਪ੍ਰਬੰਧਕ/ਪ੍ਰਸ਼ਾਸਕ ਲਗਾਏ ਗਏ ਹਨ। ਪ੍ਰਬੰਧਕਾਂ ਨੂੰ ਵਿੱਤੀ ਲੈਣ-ਦੇਣ ਦੀ ਇਜਾਜ਼ਤ ਦੇਣ ਬਾਰੇ ਆਉਂਦੇ ਦਿਨਾਂ ਵਿਚ ਫੈਸਲਾ ਲਿਆ ਜਾਵੇਗਾ। ਪੰਜਾਬ ਵਿਚ ਇਨ੍ਹਾਂ ਹੁਕਮਾਂ ਮਗਰੋਂ ਭਾਜੜ ਮੱਚ ਗਈ ਹੈ ਕਿਉਂਕਿ ਸਰਪੰਚਾਂ ਨੇ ਜਿਹੜੇ ਵਿਕਾਸ ਕੰਮ ਕਰਾਏ ਹਨ, ਉਨ੍ਹਾਂ ਦੀਆਂ ਅਦਾਇਗੀਆਂ ਫਰਮਾਂ ਨੂੰ ਕੀਤੀਆਂ ਜਾਣੀਆਂ ਹਨ।
ਮੈਟੀਰੀਅਲ ਸਪਲਾਈ ਕਰਨ ਵਾਲੀਆਂ ਫਰਮਾਂ ਨੂੰ ਤੌਖਲਾ ਖੜ੍ਹਾ ਹੋ ਗਿਆ ਹੈ ਕਿਤੇ ਉਨ੍ਹਾਂ ਦਾ ਪੈਸਾ ਫਸ ਹੀ ਨਾ ਜਾਵੇ। ਭੰਗ ਪੰਚਾਇਤਾਂ ਦੇ ਮੌਜੂਦਾ ਸਰਪੰਚ ਹੁਣ ਕਸੂਤੇ ਫਸ ਗਏ ਹਨ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਸੀ ਕਿ ਉਹ ਅਦਾਲਤ ਜਾਣਗੇ ਤਾਂ ਜੋ ਪੰਚਾਇਤਾਂ ਕੋਲ ਪਿਆ ਪੈਸਾ ਪ੍ਰਬੰਧਕ ਜਾਂ ਪ੍ਰਸ਼ਾਸਕ ਨਾ ਖਰਚ ਕਰ ਸਕਣ। ਸੂਤਰਾਂ ਮੁਤਾਬਕ ਸ਼ਾਇਦ ਇਸੇ ਤਰ੍ਹਾਂ ਸਰਕਾਰ ਨੇ ਫੰਡਾਂ ਦੀ ਵਰਤੋਂ ‘ਤੇ ਫਿਲਹਾਲ ਰੋਕ ਲਾ ਦਿੱਤੀ ਹੈ। ਸੂਤਰਾਂ ਨੇ ਕਿਹਾ ਕਿ ਪੰਚਾਇਤ ਵਿਭਾਗ ਆਉਂਦੇ ਦਿਨਾਂ ਵਿਚ ਪ੍ਰਬੰਧਕਾਂ ਜਾਂ ਪ੍ਰਸ਼ਾਸਕਾਂ ਨੂੰ ਸ਼ਰਤਾਂ ਸਮੇਤ ਅਦਾਇਗੀਆਂ ਕਰਨ ਦੀ ਪ੍ਰਵਾਨਗੀ ਦੇ ਸਕਦਾ ਹੈ। ਪੰਚਾਇਤ ਵਿਭਾਗ ਨੂੰ ਪਤਾ ਲੱਗਿਆ ਸੀ ਕਿ ਸਰਪੰਚ ਭੰਗ ਪੰਚਾਇਤਾਂ ‘ਚੋਂ ਵਿੱਤੀ ਲੈਣ-ਦੇਣ ਕਰਨ ਦੀ ਕੋਸ਼ਿਸ਼ ਵਿਚ ਸਨ।
ਸਰਪੰਚਾਂ ਵੱਲੋਂ ਅਦਾਲਤ ਜਾਣ ਦੀ ਤਿਆਰੀ
ਚੰਡੀਗੜ੍ਹ: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਤਾੜਨਾ ਕੀਤੀ ਹੈ ਕਿ ਜੇਕਰ ਵਿੱਤੀ ਲੈਣ-ਦੇਣ ‘ਤੇ ਰੋਕ ਸਬੰਧੀ ਹਦਾਇਤਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਤੁਰੰਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਵੱਖਰੇ ਸੁਨੇਹੇ ਰਾਹੀਂ ਪੰਚਾਇਤ ਵਿਭਾਗ ਦੇ ਸੀਨੀਅਰ ਅਫਸਰਾਂ ਨੇ ਕਿਹਾ ਹੈ ਕਿ ਜੇਕਰ ਕਿਸੇ ਅਧਿਕਾਰੀ ਜਾਂ ਮੁਲਾਜ਼ਮ ਨੇ ਇਨ੍ਹਾਂ ਹਦਾਇਤਾਂ ਦੇ ਜਾਰੀ ਹੋਣ ਮਗਰੋਂ ਕਿਸੇ ਵੀ ਤਰ੍ਹਾਂ ਦੀ ਅਦਾਇਗੀ ਜਾਂ ਫਿਰ ਬੈਕ ਡੇਟ ਵਿਚ ਕੋਈ ਵਿੱਤੀ ਲੈਣ-ਦੇਣ ਦੀ ਕੋਸ਼ਿਸ਼ ਕੀਤੀ ਤਾਂ ਉਸ ਲਈ ਸਬੰਧਤ ਅਧਿਕਾਰੀ ਤੇ ਮੁਲਾਜ਼ਮ ਜ਼ਿੰਮੇਵਾਰ ਹੋਣਗੇ। ਦੱਸਣਯੋਗ ਹੈ ਕਿ ਇਸ ਵੇਲੇ 15ਵੇਂ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਨਾਲ ਪਿੰਡਾਂ ਵਿਚ ਕੰਮ ਚੱਲ ਰਹੇ ਸਨ। ਸਰਪੰਚ ਯੂਨੀਅਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਗਲਤ ਤਰੀਕੇ ਨਾਲ ਪੰਚਾਇਤਾਂ ਨੂੰ ਭੰਗ ਕੀਤਾ ਹੈ ਜਿਸ ਕਰਕੇ ਉਹ ਅਦਾਲਤ ਵਿਚ ਇਸ ਫੈਸਲੇ ਨੂੰ ਚੁਣੌਤੀ ਦੇਣਗੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਭੰਗ ਕੀਤੇ ਜਾਣ ਨਾਲ ਦੇਣਦਾਰੀਆਂ ਫਸ ਗਈਆਂ ਹਨ ਜਿਸ ਨਾਲ ਕੰਮ ਕਰਾਉਣ ਵਾਲੇ ਸਰਪੰਚਾਂ ਨੂੰ ਮੁਸ਼ਕਲ ਖੜ੍ਹੀ ਹੋ ਗਈ ਹੈ।